ਤਾਜਾ ਖਬਰਾਂ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਆਪਣੇ ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਮੁੜ ਪੰਜਾਬ ਪਰਤ ਆਏ ਹਨ। ਵਿਦੇਸ਼ ਦੌਰੇ ਦੌਰਾਨ ਉਨ੍ਹਾਂ ਵੱਖ-ਵੱਖ ਦੇਸ਼ਾਂ ਦੀਆਂ ਸੰਸਦੀ ਪ੍ਰਣਾਲੀਆਂ ਅਤੇ ਲੋਕਤੰਤਰੀ ਢਾਂਚਿਆਂ ਨੂੰ ਸਮਝਣ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਅਤੇ ਸਿੱਖ ਭਾਈਚਾਰੇ ਨਾਲ ਮੁਲਾਕਾਤਾਂ ਕਰਕੇ ਉਨ੍ਹਾਂ ਦੀਆਂ ਉਮੀਦਾਂ, ਮੁਸ਼ਕਲਾਂ ਅਤੇ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਸਪੀਕਰ ਸੰਧਵਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਤੋਂ ਪ੍ਰੇਰਿਤ ਹੋ ਕੇ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਸਦੇ ਪੰਜਾਬੀ ਆਪਣੀ ਮਿਹਨਤ, ਹੁਨਰ ਅਤੇ ਸੇਵਾ-ਭਾਵਨਾ ਰਾਹੀਂ ਪੰਜਾਬ ਦੀ ਪਛਾਣ ਨੂੰ ਹੋਰ ਮਜ਼ਬੂਤ ਕਰ ਰਹੇ ਹਨ। ਉਨ੍ਹਾਂ ਮੁਤਾਬਕ ਵਿਦੇਸ਼ਾਂ ਵਿੱਚ ਵੱਸਦਾ ਪੰਜਾਬੀ ਭਾਈਚਾਰਾ ਪੰਜਾਬ ਦੀ ਭਾਸ਼ਾ, ਸੱਭਿਆਚਾਰ, ਵਿਰਾਸਤ ਅਤੇ ਸਾਂਝੀਵਾਲਤਾ ਦੀਆਂ ਕਦਰਾਂ-ਕੀਮਤਾਂ ਨੂੰ ਅੱਗੇ ਵਧਾ ਰਿਹਾ ਹੈ।
ਦੌਰੇ ਦੌਰਾਨ ਬਰਲਿਨ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਅਤੇ ਪੰਜਾਬੀ ਭਾਈਚਾਰੇ ਨਾਲ ਖੇਤਰੀ ਮੁੱਦਿਆਂ ਤੇ ਪ੍ਰਵਾਸੀਆਂ ਦੀਆਂ ਉਮੀਦਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸੇ ਤਰ੍ਹਾਂ ਕੁਆਲਾਲੰਪੁਰ ਵਿੱਚ ਸਿੱਖ ਭਾਈਚਾਰੇ ਨਾਲ ਪੰਜਾਬ ਨਾਲ ਜੁੜੇ ਭਾਵਨਾਤਮਕ, ਸਮਾਜਿਕ ਅਤੇ ਸੱਭਿਆਚਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਬਾਰੇ ਚਰਚਾ ਹੋਈ।
ਪੇਨਾਂਗ ਵਿੱਚ ਪੰਜਾਬੀ ਭਾਈਚਾਰੇ ਦੀ ਭਲਾਈ ਅਤੇ ਆਪਸੀ ਸਹਿਯੋਗ ਵਧਾਉਣ ਸਬੰਧੀ ਮੁੱਖ ਮੰਤਰੀ ਸ੍ਰੀ ਚੋ ਕੋਨ ਯੇਓ ਅਤੇ ਉੱਪ ਮੁੱਖ ਮੰਤਰੀ ਜਗਦੀਪ ਸਿੰਘ ਦਿਉ ਨਾਲ ਮੁਲਾਕਾਤ ਕੀਤੀ ਗਈ। ਦੱਖਣੀ ਅਫ਼ਰੀਕਾ ਵਿੱਚ 67ਵੀਂ ਰਾਸ਼ਟਰਮੰਡਲ ਸੰਸਦੀ ਕਾਨਫਰੰਸ ਵਿੱਚ ਹਿੱਸਾ ਲੈਂਦਿਆਂ ਲੋਕਤੰਤਰ, ਸੰਸਦੀ ਪ੍ਰਣਾਲੀਆਂ ਅਤੇ ਕੌਮਾਂਤਰੀ ਸਹਿਯੋਗ ਨਾਲ ਸਬੰਧਤ ਮੁੱਦਿਆਂ ’ਤੇ ਵਿਚਾਰ ਸਾਂਝੇ ਕੀਤੇ ਗਏ। ਇਸ ਤੋਂ ਇਲਾਵਾ ਕੈਨੇਡਾ ਸਮੇਤ ਹੋਰ ਦੇਸ਼ਾਂ ਵਿੱਚ ਵੀ ਪੰਜਾਬ ਦੇ ਵਿਕਾਸ ਅਤੇ ਪ੍ਰਵਾਸੀ ਭਾਈਚਾਰੇ ਨਾਲ ਸਬੰਧ ਮਜ਼ਬੂਤ ਕਰਨ ਲਈ ਵੱਖ-ਵੱਖ ਮੀਟਿੰਗਾਂ ਤੇ ਸਮਾਗਮਾਂ ਵਿੱਚ ਸ਼ਿਰਕਤ ਕੀਤੀ।
ਸੰਧਵਾਂ ਨੇ ਕਿਹਾ ਕਿ ਦੌਰੇ ਦੌਰਾਨ ਪੰਜਾਬ ਵਿੱਚ ਨਿਵੇਸ਼ ਅਤੇ ਰੁਜ਼ਗਾਰ ਦੇ ਮੌਕੇ ਵਧਾਉਣ, ਉਦਯੋਗਿਕ ਤੇ ਵਪਾਰਕ ਸਾਂਝੇਦਾਰੀ ਨੂੰ ਉਤਸ਼ਾਹਿਤ ਕਰਨ, ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਦਾ ਵਿਸਥਾਰ ਕਰਨ ਅਤੇ ਪੰਜਾਬ ਦੇ ਵਿਕਾਸ ਵਿੱਚ ਪ੍ਰਵਾਸੀ ਪੰਜਾਬੀਆਂ ਦੀ ਭੂਮਿਕਾ ਵਧਾਉਣ ਵਰਗੇ ਮੁੱਦੇ ਪ੍ਰਮੁੱਖ ਰਹੇ।
ਉਨ੍ਹਾਂ ਕਿਹਾ ਕਿ ਵਿਦੇਸ਼ ਦੌਰੇ ਦੌਰਾਨ ਬਣੇ ਸੰਪਰਕਾਂ ਅਤੇ ਮਿਲੇ ਤਜਰਬਿਆਂ ਨੂੰ ਪੰਜਾਬ ਦੇ ਹਿੱਤ ਵਿੱਚ ਵਰਤਿਆ ਜਾਵੇਗਾ। ਉਨ੍ਹਾਂ ਦੇ ਅਨੁਸਾਰ ਅੱਗੇ ਵੀ ਵਿਦੇਸ਼ਾਂ ਵਿੱਚ ਪੰਜਾਬ ਦੀ ਆਵਾਜ਼ ਨੂੰ ਮਜ਼ਬੂਤ ਕਰਨ, ਪ੍ਰਵਾਸੀ ਪੰਜਾਬੀਆਂ ਨਾਲ ਰਿਸ਼ਤੇ ਹੋਰ ਗੂੜ੍ਹੇ ਕਰਨ ਅਤੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਯਤਨ ਜਾਰੀ ਰੱਖੇ ਜਾਣਗੇ।
Get all latest content delivered to your email a few times a month.