ਤਾਜਾ ਖਬਰਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਫਿਲਹਾਲ ਕੋਈ ਤੁਰੰਤ ਰਾਹਤ ਨਹੀਂ ਮਿਲੀ ਹੈ। ਵੀਰਵਾਰ ਨੂੰ ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਹੋਣ ਵਾਲੀ ਸੁਣਵਾਈ ਟਲ ਗਈ ਹੈ। ਸਰਵਉੱਚ ਅਦਾਲਤ ਹੁਣ ਇਸ ਮਾਮਲੇ 'ਚ 8 ਅਕਤੂਬਰ ਨੂੰ ਸੁਣਵਾਈ ਕਰੇਗੀ।
ਇਹ ਮਾਮਲਾ ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ਦੀ ਬੈਂਚ ਸਾਹਮਣੇ ਪੇਸ਼ ਹੋਇਆ ਸੀ। ਸੁਣਵਾਈ ਸ਼ੁਰੂ ਹੁੰਦਿਆਂ ਹੀ ਜਸਟਿਸ ਦੱਤਾ ਨੇ ਸਪੱਸ਼ਟ ਕੀਤਾ ਕਿ ਕੇਸ ਦੀ ਫਾਈਲ ਜਸਟਿਸ ਨਾਗੂ ਕੋਲ ਦੇਰ ਨਾਲ ਪਹੁੰਚੀ ਹੈ, ਜਿਸ ਕਾਰਨ ਇਸ ਮਾਮਲੇ 'ਤੇ ਸੁਣਵਾਈ ਅੱਗੇ ਪਾਈ ਜਾ ਰਹੀ ਹੈ।
ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਅਦਾਲਤ ਤੋਂ ਮੰਗ ਕੀਤੀ ਕਿ ਏਜੰਸੀਆਂ ਵੱਲੋਂ ਕੀਤੀ ਜਾ ਰਹੀ ਕਿਸੇ ਵੀ ਜਲਦਬਾਜ਼ੀ ਵਾਲੀ ਕਾਰਵਾਈ 'ਤੇ ਰੋਕ ਲਗਾਉਣ ਲਈ ਅੰਤਰਿਮ ਹੁਕਮ ਜਾਰੀ ਕੀਤਾ ਜਾਵੇ। ਇਸ 'ਤੇ ਟਿੱਪਣੀ ਕਰਦਿਆਂ ਜਸਟਿਸ ਦੱਤਾ ਨੇ ਕਿਹਾ ਕਿ ਜਦੋਂ ਦੂਜੇ ਜੱਜ ਨੂੰ ਫਾਈਲ ਪੜ੍ਹਨ ਦਾ ਮੌਕਾ ਹੀ ਨਹੀਂ ਮਿਲਿਆ, ਤਾਂ ਅਜਿਹਾ ਕੋਈ ਵੀ ਹੁਕਮ ਕਿਵੇਂ ਜਾਰੀ ਕੀਤਾ ਜਾ ਸਕਦਾ ਹੈ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 8 ਅਕਤੂਬਰ ਲਈ ਮੁਲਤਵੀ ਕਰ ਦਿੱਤੀ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਉਸ ਫੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਹੈ, ਜਿਸ ਵਿੱਚ ਸੀਬੀਆਈ (CBI) ਨੂੰ ਕੇਸ ਦਰਜ ਕਰਕੇ ਦੋਸ਼ਾਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਹਾਈ ਕੋਰਟ ਨੇ ਸੀਬੀਆਈ ਤੋਂ ਦੋ ਮਹੀਨਿਆਂ ਦੇ ਅੰਦਰ ਸਟੇਟਸ ਰਿਪੋਰਟ ਵੀ ਤਲਬ ਕੀਤੀ ਹੈ।
Get all latest content delivered to your email a few times a month.