ਤਾਜਾ ਖਬਰਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਓਐਸਡੀ ਰਾਜਬੀਰ ਸਿੰਘ ਘੁੰਮਣ ਨਾਲ ਜੁੜੇ ਮਾਮਲੇ ਨੂੰ ਲੈ ਕੇ ਹੋਈ ਸੀਬੀਆਈ ਦੀ ਛਾਪੇਮਾਰੀ ‘ਤੇ ਭਾਜਪਾ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਹੈ। ਸੀਬੀਆਈ ਵੱਲੋਂ ਭ੍ਰਿਸ਼ਟਾਚਾਰ ਅਤੇ ਅਹੁਦੇ ਦੀ ਦੁਰਵਰਤੋਂ ਦੇ ਦੋਸ਼ਾਂ ਨਾਲ ਜੁੜੇ ਮਾਮਲੇ ਵਿੱਚ ਘੁੰਮਣ ਸਮੇਤ ਕਈ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰਕੇ ਕਈ ਥਾਵਾਂ ‘ਤੇ ਤਲਾਸ਼ੀ ਲਈ ਗਈ ਹੈ।
ਸੀਬੀਆਈ ਦੀ ਕਾਰਵਾਈ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਜਿਹੀਆਂ ਜਾਂਚ ਏਜੰਸੀਆਂ ਦੀਆਂ ਕਾਰਵਾਈਆਂ ਤੋਂ ਡਰਨ ਵਾਲੀ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਈ ਘੰਟਿਆਂ ਤੱਕ ਚੱਲੀ ਛਾਪੇਮਾਰੀ ਦੌਰਾਨ ਜਾਂਚ ਏਜੰਸੀ ਨੂੰ ਕੋਈ ਗਲਤ ਚੀਜ਼ ਨਹੀਂ ਮਿਲੀ ਅਤੇ ਆਖ਼ਰਕਾਰ ਮਾਮਲੇ ਵਿੱਚ ਕਲੀਨ ਚਿੱਟ ਮਿਲਣ ਦੀ ਉਮੀਦ ਹੈ।
ਸੀਐਮ ਮਾਨ ਨੇ ਦੋਸ਼ ਲਾਇਆ ਕਿ ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰਾਂ ਨੂੰ ਨਿਸ਼ਾਨਾ ਬਣਾਉਣ ਲਈ ED ਅਤੇ CBI ਵਰਗੀਆਂ ਕੇਂਦਰੀ ਏਜੰਸੀਆਂ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਛੱਤੀਸਗੜ੍ਹ ਅਤੇ ਪੱਛਮੀ ਬੰਗਾਲ ਵਰਗਾ ਤਰੀਕਾ ਅਪਣਾਇਆ ਜਾ ਰਿਹਾ ਹੈ।
ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ‘ਤੇ ਹੈ, ਜਦਕਿ ਵਿਰੋਧੀ ਧਿਰਾਂ ਕਥਿਤ ਤੌਰ ‘ਤੇ ਛਾਪੇਮਾਰੀਆਂ ਰਾਹੀਂ ਸਿਆਸੀ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਸਾਡੇ ਲਈ ਰਾਜਨੀਤੀ Passion ਹੈ, Profession ਨਹੀਂ।”
ਇਹ ਕਾਰਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਹੋਈ ਹੈ। ਸੀਬੀਆਈ ਨੇ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਸਮੇਤ ਚੰਡੀਗੜ੍ਹ, ਮੋਹਾਲੀ, ਗੁਰਦਾਸਪੁਰ, ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਜਲੰਧਰ ਵਿੱਚ ਕਈ ਥਾਵਾਂ ‘ਤੇ ਤਲਾਸ਼ੀ ਲਈ। ਮਾਮਲੇ ਵਿੱਚ ਰਾਜਬੀਰ ਸਿੰਘ ਘੁੰਮਣ ਸਮੇਤ ਛੇ ਵਿਅਕਤੀਆਂ ਦੇ ਨਾਮ ਐਫਆਈਆਰ ਵਿੱਚ ਦਰਜ ਕੀਤੇ ਗਏ ਹਨ।
Get all latest content delivered to your email a few times a month.