ਤਾਜਾ ਖਬਰਾਂ
ਰਾਜਧਾਨੀ ਚੰਡੀਗੜ੍ਹ ਸਮੇਤ ਪੂਰੇ ਪੰਜਾਬ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਪਹਾੜੀ ਖੇਤਰਾਂ ਵਿੱਚ ਹੋ ਰਹੀ ਬਾਰਿਸ਼ ਅਤੇ ਸੂਬੇ ਦੇ ਕਈ ਹਿੱਸਿਆਂ ਵਿੱਚ ਹੋਈ ਗੜ੍ਹੇਮਾਰੀ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 1.2 ਡਿਗਰੀ ਡਿੱਗ ਕੇ ਆਮ ਨਾਲੋਂ 2.3 ਡਿਗਰੀ ਹੇਠਾਂ ਆ ਗਿਆ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ।
ਮੌਸਮ ਵਿਭਾਗ ਦੇ ਨਵੇਂ ਅੰਕੜਿਆਂ ਮੁਤਾਬਕ ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 34.5 ਡਿਗਰੀ ਰਿਕਾਰਡ ਕੀਤਾ ਗਿਆ, ਜਦੋਂ ਕਿ ਰਾਜਧਾਨੀ ਚੰਡੀਗੜ੍ਹ ਵਿੱਚ ਪਾਰਾ 31.2 ਡਿਗਰੀ ਤੱਕ ਸੀਮਤ ਰਿਹਾ। ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ 14 ਅਕਤੂਬਰ ਤੱਕ ਬੱਦਲਵਾਈ ਰਹਿਣ ਅਤੇ ਰੁਕ-ਰੁਕ ਕੇ ਹਲਕੀ ਬਾਰਿਸ਼ ਹੋਣ ਦੀ ਉਮੀਦ ਹੈ।
ਮੌਸਮ ਮਾਹਿਰਾਂ ਅਨੁਸਾਰ 15 ਤੋਂ 21 ਅਕਤੂਬਰ ਦਰਮਿਆਨ ਇੱਕ ਨਵੀਂ ਪੱਛਮੀ ਗੜਬੜੀ (Western Disturbance) ਦੇ ਸਰਗਰਮ ਹੋਣ ਨਾਲ ਉੱਤਰ-ਪੱਛਮੀ ਭਾਰਤ ਦੇ ਮੌਸਮ ਵਿੱਚ ਇੱਕ ਵਾਰ ਫਿਰ ਵੱਡਾ ਬਦਲਾਅ ਆਵੇਗਾ। ਇਸ ਦੌਰਾਨ ਤੇਜ਼ ਹਵਾਵਾਂ ਚੱਲਣ, ਅਸਮਾਨੀ ਬਿਜਲੀ ਲਸ਼ਕਣ ਅਤੇ ਗਰਜ-ਚਮਕ ਨਾਲ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਖਰਾਬ ਮੌਸਮ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਆਮ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਤੇਜ਼ ਹਵਾਵਾਂ ਅਤੇ ਅਸਮਾਨੀ ਬਿਜਲੀ ਤੋਂ ਬਚਣ ਲਈ ਖੁੱਲ੍ਹੀਆਂ ਥਾਵਾਂ, ਵੱਡੇ ਦਰੱਖਤਾਂ ਅਤੇ ਬਿਜਲੀ ਦੇ ਖੰਭਿਆਂ ਜਾਂ ਤਾਰਾਂ ਦੇ ਨੇੜੇ ਨਾ ਖੜ੍ਹੇ ਹੋਣ ਦੀ ਹਦਾਇਤ ਦਿੱਤੀ ਗਈ ਹੈ।
Get all latest content delivered to your email a few times a month.