ਤਾਜਾ ਖਬਰਾਂ
ਤਰਨਤਾਰਨ ਦੇ ਪਿੰਡ ਭੰਗਾਲਾ ਵਿੱਚ ਨੰਬਰਦਾਰ ਬੋਹੜ ਸਿੰਘ ਦੇ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਬਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਦੋ ਹਮਲਾਵਰਾਂ ਨੇ ਵੀਰਵਾਰ ਦੇਰ ਸ਼ਾਮ ਘਰ ਦੇ ਗੇਟ ’ਤੇ 5 ਤੋਂ 6 ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਇਹ ਘਟਨਾ 50 ਲੱਖ ਰੁਪਏ ਦੀ ਕਥਿਤ ਫਿਰੌਤੀ ਦੀ ਮੰਗ ਅਤੇ ਪਹਿਲਾਂ ਮਿਲ ਰਹੀਆਂ ਧਮਕੀਆਂ ਨਾਲ ਜੋੜ ਕੇ ਦੇਖੀ ਜਾ ਰਹੀ ਹੈ।
ਪਰਿਵਾਰਕ ਮੈਂਬਰ ਗੁਰਚੇਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਕੁਝ ਸਮੇਂ ਤੋਂ ਧਮਕੀ ਭਰੇ ਫ਼ੋਨ ਆ ਰਹੇ ਸਨ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਦਰ ਪੱਟੀ ਦੇ ਇੰਚਾਰਜ ਨਰਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਜਾਂਚ ਦੌਰਾਨ ਪੁਲਿਸ ਨੂੰ ਘਟਨਾ ਸਥਾਨ ਤੋਂ ਗੋਲੀਆਂ ਦੇ ਖਾਲੀ ਖੋਲ ਮਿਲੇ ਹਨ। ਪੁਲਿਸ ਵੱਲੋਂ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਹਮਲਾਵਰਾਂ ਦੀ ਪਛਾਣ ਅਤੇ ਉਨ੍ਹਾਂ ਦੀ ਭਾਲ ਲਈ ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਉਨ੍ਹਾਂ ਦੇ ਆਉਣ ਅਤੇ ਫ਼ਰਾਰ ਹੋਣ ਦੇ ਰਸਤੇ ਦਾ ਪਤਾ ਲਗਾਇਆ ਜਾ ਸਕੇ।
ਇਲਾਕੇ ਵਿੱਚ ਸੁਰੱਖਿਆ ਨੂੰ ਲੈ ਕੇ ਵਧੀ ਚਿੰਤਾ
ਜ਼ਿਕਰਯੋਗ ਹੈ ਕਿ ਨੇੜਲੇ ਪਿੰਡ ਟੂਟ ਵਿੱਚ ਆਮ ਆਦਮੀ ਪਾਰਟੀ ਦੇ ਸਰਪੰਚ ਅਸ਼ਵਨੀ ਦੇਵਗਨ ਦੇ ਕਤਲ ਤੋਂ ਬਾਅਦ ਇਲਾਕੇ ਵਿੱਚ ਪਹਿਲਾਂ ਹੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚਿੰਤਾ ਬਣੀ ਹੋਈ ਹੈ। ਹੁਣ ਭੰਗਾਲਾ ਵਿੱਚ ਨੰਬਰਦਾਰ ਦੇ ਘਰ ’ਤੇ ਹੋਈ ਗੋਲੀਬਾਰੀ ਨੇ ਲੋਕਾਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ।
ਇਲਾਕਾ ਨਿਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਘਟਨਾ ਦੇ ਪਿੱਛੇ ਦੇ ਕਾਰਨਾਂ ਦਾ ਖੁਲਾਸਾ ਕੀਤਾ ਜਾਵੇ। ਨਾਲ ਹੀ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਢੁੱਕਵੇਂ ਕਦਮ ਚੁੱਕੇ ਜਾਣ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
Get all latest content delivered to your email a few times a month.