ਤਾਜਾ ਖਬਰਾਂ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਨਵੇਂ ਬਣੇ ਪ੍ਰਧਾਨ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਪਰਗਟ ਸਿੰਘ ਨੇ ਸੂਬੇ ਦੀ ਰਾਜਨੀਤੀ ਵਿੱਚ ਆਪਣੀ ਮਜ਼ਬੂਤ ਦਾਅਵੇਦਾਰੀ ਪੇਸ਼ ਕਰਦਿਆਂ ਮੁੱਖ ਮੰਤਰੀ ਅਹੁਦੇ ਦੀ ਦੌੜ ਵਿੱਚ ਸ਼ਾਮਲ ਹੋਣ ਦਾ ਖੁੱਲ੍ਹ ਕੇ ਐਲਾਨ ਕੀਤਾ ਹੈ। ਇੱਕ ਨਿੱਜੀ ਟੀਵੀ ਚੈਨਲ ਨੂੰ ਦਿੱਤੇ ਵਿਸ਼ੇਸ਼ ਇੰਟਰਵਿਊ ਦੌਰਾਨ ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਕਾਬਲ ਚਿਹਰਿਆਂ ਦੀ ਕੋਈ ਕਮੀ ਨਹੀਂ ਹੈ।
ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਰਗੇ ਦਿੱਗਜਾਂ ਦਾ ਨਾਂ ਲੈਂਦਿਆਂ ਕਿਹਾ ਕਿ ਇਹ ਸਾਰੇ ਆਗੂ ਸੂਬੇ ਦੀ ਕਮਾਨ ਸੰਭਾਲਣ ਵਿੱਚ ਪੂਰੀ ਤਰ੍ਹਾਂ ਸਮਰੱਥ ਹਨ। ਹਾਲਾਂਕਿ, ਉਨ੍ਹਾਂ ਸਾਫ਼ ਕੀਤਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਕਿਸੇ ਇੱਕ ਚਿਹਰੇ ਦੀ ਥਾਂ ਸਮੂਹਿਕ ਅਗਵਾਈ ਅਤੇ ਰਾਹੁਲ ਗਾਂਧੀ ਦੇ ਨਿਰਦੇਸ਼ਾਂ ਹੇਠ ਮੈਦਾਨ ਵਿੱਚ ਉਤਰੇਗੀ।
ਹਾਕੀ ਦੇ ਮੈਦਾਨ ਤੋਂ ਸਿਆਸਤ ਵਿੱਚ ਆਏ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੇ ਆਪਣੀ ਭਵਿੱਖੀ ਰਣਨੀਤੀ ਸਪੱਸ਼ਟ ਕਰਦਿਆਂ ਕਿਹਾ ਕਿ ਉਹ ਰਾਜਨੀਤੀ ਦੀ ਪਿੱਚ 'ਤੇ 'ਸਟਰਾਈਕਰ' ਵਾਂਗ ਅੱਗੇ ਵਧ ਕੇ ਹਮਲਾ ਕਰਨਗੇ। ਪਰ ਜੇਕਰ ਪਾਰਟੀ ਦੇ ਬਚਾਅ ਦੀ ਲੋੜ ਪਈ, ਤਾਂ ਉਹ 'ਫੁੱਲ ਬੈਕ' ਵਾਂਗ ਪਿੱਛੇ ਰਹਿ ਕੇ ਲੜਨ ਤੋਂ ਵੀ ਪਿੱਛੇ ਨਹੀਂ ਹਟਣਗੇ।
ਪਾਰਟੀ ਅੰਦਰ ਚੱਲ ਰਹੀ ਧੜੇਬੰਦੀ ਦੀਆਂ ਚਰਚਾਵਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਨਵੇਂ ਸੂਬਾ ਪ੍ਰਧਾਨ ਨੇ ਦਾਅਵਾ ਕੀਤਾ ਕਿ ਕਾਂਗਰਸ ਦਾ ਹਰ ਨੇਤਾ ਅਤੇ ਵਰਕਰ ਚੋਣਾਂ ਲਈ ਪੂਰੀ ਤਰ੍ਹਾਂ ਇਕਜੁੱਟ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸਾਰਿਆਂ ਦੇ ਤਜਰਬੇ ਦਾ ਪੂਰਾ ਲਾਹਾ ਲਿਆ ਜਾਵੇਗਾ ਅਤੇ ਹਰ ਆਗੂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਕਾਂਗਰਸ ਹਾਈਕਮਾਂਡ ਨੇ 2 ਅਕਤੂਬਰ 2026 ਨੂੰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪੀ ਸੀ। ਇਸ ਦੌੜ ਵਿੱਚ ਵਿਜੇ ਇੰਦਰ ਸਿੰਗਲਾ ਦਾ ਨਾਂ ਵੀ ਚਰਚਾ ਵਿੱਚ ਸੀ, ਪਰ ਪਾਰਟੀ ਨੇ ਪਰਗਟ ਸਿੰਘ ਦੇ ਸੁਲਝੇ ਅਤੇ ਬੇਦਾਗ਼ ਅਕਸ 'ਤੇ ਭਰੋਸਾ ਜਤਾਇਆ।
ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨਜ਼ਦੀਕ ਆਉਂਦਿਆਂ ਹੀ ਕਾਂਗਰਸ ਲਈ ਸਭ ਤੋਂ ਵੱਡੀ ਚੁਣੌਤੀ ਸੀਨੀਅਰ ਲੀਡਰਾਂ ਵਿਚਾਲੇ ਆਪਸੀ ਤਾਲਮੇਲ ਬਣਾਉਣਾ ਹੈ। ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਕਈ ਆਗੂਆਂ ਦੇ ਮਤਭੇਦ ਅਕਸਰ ਸਾਹਮਣੇ ਆਉਂਦੇ ਰਹੇ ਹਨ। ਅਜਿਹੇ ਵਿੱਚ ਸਾਬਕਾ ਓਲੰਪੀਅਨ ਪਰਗਟ ਸਿੰਘ ਲਈ ਆਪਣੀ ਸਿਆਸੀ ਟੀਮ ਨੂੰ ਇੱਕਜੁੱਟ ਰੱਖ ਕੇ ਚੋਣ ਮੈਦਾਨ ਵਿੱਚ ਉਤਾਰਨਾ ਇੱਕ ਵੱਡੀ ਪ੍ਰੀਖਿਆ ਸਾਬਤ ਹੋਵੇਗਾ।
Get all latest content delivered to your email a few times a month.