IMG-LOGO
ਹੋਮ ਪੰਜਾਬ: ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਭਾਈ ਗਜਿੰਦਰ...

ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਭਾਈ ਗਜਿੰਦਰ ਸਿੰਘ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੀਆਂ ਤਸਵੀਰਾਂ ਸਥਾਪਤ

Admin User - Oct 10, 2026 04:06 PM
IMG

ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਸਮੂਹ ਦੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਸਟਿਸ ਕੁਲਦੀਪ ਸਿੰਘ ਪਤਵਾਲੀਆ, ਦਲ ਖ਼ਾਲਸਾ ਦੇ ਭਾਈ ਗਜਿੰਦਰ ਸਿੰਘ ਅਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਦੀਆਂ ਤਸਵੀਰਾਂ ਸਥਾਪਤ ਕੀਤੀਆਂ ਗਈਆਂ। ਅਰਦਾਸ ਉਪਰੰਤ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਵੱਲੋਂ ਨਿਭਾਈ ਗਈ।

ਇਸ ਮੌਕੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਸ਼ਖ਼ਸੀਅਤਾਂ ਨੇ ਆਪਣੇ ਜੀਵਨ ਦੌਰਾਨ ਕੌਮੀ ਹੱਕਾਂ ਅਤੇ ਸਿੱਖ ਸਿਧਾਂਤਾਂ ਪ੍ਰਤੀ ਦ੍ਰਿੜ੍ਹਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਜਸਟਿਸ ਕੁਲਦੀਪ ਸਿੰਘ ਨੇ ਨਿਆਂ ਅਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਬੁਲੰਦ ਕਰਦਿਆਂ ਸਿੱਖ ਨੌਜਵਾਨਾਂ ਨਾਲ ਹੋ ਰਹੇ ਅੱਤਿਆਚਾਰਾਂ ਨੂੰ ਰੋਕਣ ਲਈ ਅਹਿਮ ਭੂਮਿਕਾ ਨਿਭਾਈ। ਭਾਈ ਗਜਿੰਦਰ ਸਿੰਘ ਨੇ ਲੰਮਾ ਸਮਾਂ ਜਲਾਵਤਨੀ ਵਿੱਚ ਰਹਿਣ ਦੇ ਬਾਵਜੂਦ ਆਪਣੇ ਵਿਸ਼ਵਾਸ ਅਤੇ ਸਿਧਾਂਤਾਂ ਪ੍ਰਤੀ ਵਚਨਬੱਧਤਾ ਬਣਾਈ ਰੱਖੀ। ਇਸੇ ਤਰ੍ਹਾਂ ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਨੇ ਵੀ ਕੁਰਬਾਨੀ ਦੇ ਕੇ ਸਿੱਖ ਇਤਿਹਾਸ ਵਿੱਚ ਆਪਣਾ ਨਾਮ ਦਰਜ ਕਰਵਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਖ਼ਸੀਅਤਾਂ ਦਾ ਜੀਵਨ ਸੰਗਤ ਲਈ ਪ੍ਰੇਰਣਾ ਦਾ ਸਰੋਤ ਰਹੇਗਾ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੌਮ ਲਈ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਥਾਨ ਦੇਣਾ ਉਨ੍ਹਾਂ ਦੇ ਸੰਘਰਸ਼ ਅਤੇ ਸੇਵਾਵਾਂ ਨੂੰ ਸਨਮਾਨਿਤ ਕਰਨ ਦਾ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਜਸਟਿਸ ਕੁਲਦੀਪ ਸਿੰਘ ਨੇ ਆਪਣੇ ਨਿਆਂਇਕ ਫ਼ੈਸਲਿਆਂ ਰਾਹੀਂ ਪੰਜਾਬ ਦੇ ਹਾਲਾਤ ਅਤੇ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਮਾਮਲਿਆਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਹੱਦਬੰਦੀ ਕਮਿਸ਼ਨ ਦੇ ਚੇਅਰਮੈਨ ਵਜੋਂ ਵੀ ਉਨ੍ਹਾਂ ਨੇ ਪੰਜਾਬ ਦੇ ਵਿਧਾਨ ਸਭਾ ਅਤੇ ਸੰਸਦੀ ਹਲਕਿਆਂ ਦੇ ਨਾਵਾਂ ਸਬੰਧੀ ਅਹਿਮ ਕੰਮ ਕੀਤਾ। ਉਨ੍ਹਾਂ ਕਿਹਾ ਕਿ ਭਾਈ ਗਜਿੰਦਰ ਸਿੰਘ ਅਤੇ ਭਾਈ ਗੁਰਦੇਵ ਸਿੰਘ ਦੀ ਸਿੱਖ ਸਿਧਾਂਤਾਂ ਪ੍ਰਤੀ ਦ੍ਰਿੜ੍ਹਤਾ ਅਤੇ ਸਮਰਪਣ ਦੀ ਭਾਵਨਾ ਤੋਂ ਸਿੱਖਿਆ ਲੈਣ ਦੀ ਲੋੜ ਹੈ।

ਸਮਾਗਮ ਦੌਰਾਨ ਵਿਦੇਸ਼ ਵਿੱਚ ਰਹਿ ਰਹੀ ਭਾਈ ਗਜਿੰਦਰ ਸਿੰਘ ਦੀ ਧੀ ਬੀਬੀ ਬਿਕਰਮਜੀਤ ਕੌਰ ਵੱਲੋਂ ਭੇਜੇ ਗਏ ਸੁਨੇਹੇ ਨੂੰ ਬੀਬੀ ਜਸਪ੍ਰੀਤ ਕੌਰ ਨੇ ਸੰਗਤ ਨਾਲ ਸਾਂਝਾ ਕੀਤਾ। ਇਸ ਮੌਕੇ ਤਸਵੀਰਾਂ ਸਥਾਪਤ ਕੀਤੀਆਂ ਗਈਆਂ ਸ਼ਖ਼ਸੀਅਤਾਂ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਪ੍ਰਮੁੱਖ ਹਸਤੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਨਾਲ ਹੋਈ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.