IMG-LOGO
ਹੋਮ ਪੰਜਾਬ, ਰਾਸ਼ਟਰੀ, ਖੇਡਾਂ, ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ...

ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ...

Admin User - Oct 10, 2026 04:09 PM
IMG

ਜਲੰਧਰ, 9 ਅਕਤੂਬਰ-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਮੀ ਜਲੰਧਰ ਦੇ ਬਰਲਟਨ ਪਾਰਕ ਸਟੇਡੀਅਮ ਦਾ ਨਿਰੀਖਣ ਕੀਤਾ ਤਾਂ ਜੋ ਆਗਾਮੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ, ਪੁਖ਼ਤਾ ਸੁਰੱਖਿਆ, ਸੁਚੱਜੀ ਆਵਾਜਾਈ ਅਤੇ ਭੀੜ ਪ੍ਰਬੰਧਨ ਦੇ ਵਿਆਪਕ ਇੰਤਜ਼ਾਮ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਦਿਨ ਵੇਲੇ ਚੰਡੀਗੜ੍ਹ ਵਿਖੇ ਉੱਚ ਪੱਧਰੀ ਸਮੀਖਿਆ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਟੇਡੀਅਮ ਦਾ ਦੌਰਾ ਕਰ ਕੇ ਬੁਨਿਆਦੀ ਢਾਂਚੇ ਦੇ ਵਿਕਾਸ, ਨਵੀਨੀਕਰਨ ਦੇ ਕੰਮਾਂ ਅਤੇ ਹਿੱਸਾ ਲੈਣ ਵਾਲੀਆਂ ਟੀਮਾਂ ਤੇ ਦਰਸ਼ਕਾਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਪ੍ਰਗਤੀ ਦਾ ਨਿੱਜੀ ਤੌਰ 'ਤੇ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਤਿਆਰੀਆਂ ਦਾ ਹਰ ਪਹਿਲੂ ਵਿਸ਼ਵ ਪੱਧਰ 'ਤੇ ਪੰਜਾਬ ਦੀ ਅਮੀਰ ਖੇਡ ਵਿਰਾਸਤ ਅਤੇ ਸੰਗਠਨਾਤਮਕ ਸਮਰੱਥਾ ਨੂੰ ਦਰਸਾਉਂਦਾ ਹੋਣਾ ਚਾਹੀਦਾ ਹੈ।

ਦਰਸ਼ਕਾਂ ਦੀ ਸੁਰੱਖਿਆ ਅਤੇ ਸੁੱਖ-ਸਹੂਲਤ ਨੂੰ ਮੁੱਖ ਤਰਜੀਹ ਦੇਣ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਸ ਵੱਕਾਰੀ ਅੰਤਰਰਾਸ਼ਟਰੀ ਖੇਡ ਸਮਾਗਮ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪੰਜਾਬ ਨੂੰ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰਨੇ ਚਾਹੀਦੇ ਹਨ ਅਤੇ ਹਰ ਪ੍ਰਬੰਧ ਅੰਤਰਰਾਸ਼ਟਰੀ ਮਾਪਦੰਡਾਂ ਦੇ ਅਨੁਕੂਲ ਹੋਣਾ ਚਾਹੀਦਾ ਹੈ।"

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਭੀੜ ਪ੍ਰਬੰਧਨ ਲਈ ਇੱਕ ਵਿਆਪਕ ਯੋਜਨਾ ਅਤੇ ਪੁਖ਼ਤਾ ਸੁਰੱਖਿਆ ਪ੍ਰਬੰਧ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ, "ਦਰਸ਼ਕਾਂ ਦੀ ਸਹੂਲਤ, ਸੁਰੱਖਿਆ ਅਤੇ ਆਰਾਮ ਸਾਡੀ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ। ਮੈਚਾਂ ਤੋਂ ਪਹਿਲਾਂ, ਮੈਚਾਂ ਦੌਰਾਨ ਜਾਂ ਬਾਅਦ ਵਿੱਚ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਸ ਪੱਧਰ ਦੇ ਅੰਤਰਰਾਸ਼ਟਰੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨਾ ਪੰਜਾਬ ਲਈ ਮਾਣ ਵਾਲੀ ਗੱਲ ਹੈ। ਅਸੀਂ ਦੇਸ਼ ਅਤੇ ਵਿਦੇਸ਼ ਤੋਂ ਆਉਣ ਵਾਲੇ ਖਿਡਾਰੀਆਂ, ਅਧਿਕਾਰੀਆਂ, ਦਰਸ਼ਕਾਂ ਅਤੇ ਸੈਲਾਨੀਆਂ ਨੂੰ ਸ਼ਾਨਦਾਰ ਤਜਰਬਾ ਦੇਣ ਲਈ ਵਚਨਬੱਧ ਹਾਂ। ਹਰ ਪ੍ਰਬੰਧ ਵਿੱਚ ਪੇਸ਼ੇਵਰ ਕੁਸ਼ਲਤਾ ਅਤੇ ਮਹਿਮਾਨਨਿਵਾਜ਼ੀ ਦੇ ਉੱਚਤਮ ਮਾਪਦੰਡ ਝਲਕਣੇ ਚਾਹੀਦੇ ਹਨ।"


ਨਿਰੀਖਣ ਦੌਰਾਨ ਮੁੱਖ ਮੰਤਰੀ ਨੇ ਸਟੇਡੀਅਮ ਵਿੱਚ ਨਵੀਂ ਲਗਾਈ ਗਈ ਲਾਈਟਿੰਗ ਪ੍ਰਣਾਲੀ, ਸਕੋਰ ਬੋਰਡ ਅਤੇ ਚੱਲ ਰਹੇ ਨਵੀਨੀਕਰਨ ਦੇ ਕੰਮਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਅੰਦਰ ਸਾਰੀਆਂ ਸਹੂਲਤਾਂ ਮੁਕੰਮਲ ਕਰਨ ਅਤੇ ਟੂਰਨਾਮੈਂਟ ਸ਼ੁਰੂ ਹੋਣ ਤੋਂ ਪਹਿਲਾਂ ਹਰੇਕ ਪ੍ਰਬੰਧ ਦੀ ਚੰਗੀ ਤਰ੍ਹਾਂ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ, "ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਕਾਰਜਸ਼ੀਲ ਹੋਣਾ ਚਾਹੀਦਾ ਹੈ ਅਤੇ ਅੰਤਰਰਾਸ਼ਟਰੀ ਪੱਧਰ ਦੇ ਖੇਡ ਮੁਕਾਬਲੇ ਦੀਆਂ ਲੋੜਾਂ ਨੂੰ ਪੂਰਾ ਕਰਨ ਦੇ ਸਮਰੱਥ ਹੋਣਾ ਚਾਹੀਦਾ ਹੈ। ਹਿੱਸਾ ਲੈਣ ਵਾਲੀਆਂ ਟੀਮਾਂ ਅਤੇ ਦਰਸ਼ਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵਿੱਚ ਕੋਈ ਕਮੀ ਨਹੀਂ ਹੋਣੀ ਚਾਹੀਦੀ।"


ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਅੰਤਰਰਾਸ਼ਟਰੀ ਪ੍ਰੋਟੋਕੋਲ ਅਨੁਸਾਰ ਕੌਮਾਂਤਰੀ ਟੀਮਾਂ ਦੇ ਖਿਡਾਰੀਆਂ ਲਈ ਵਿਸ਼ੇਸ਼ ਬੱਸਾਂ ਸਮੇਤ ਢੁਕਵੀਆਂ ਆਵਾਜਾਈ ਸਹੂਲਤਾਂ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅੰਤਰਰਾਸ਼ਟਰੀ ਟੀਮਾਂ ਦੇ ਖਿਡਾਰੀਆਂ ਅਤੇ ਅਧਿਕਾਰੀਆਂ ਨੂੰ ਨਿਰਵਿਘਨ ਲੌਜਿਸਟਿਕ ਸਹਾਇਤਾ ਮਿਲਣੀ ਚਾਹੀਦੀ ਹੈ। ਟੂਰਨਾਮੈਂਟ ਦਾ ਸੁਚੱਜੇ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਨਿਰਧਾਰਤ ਅੰਤਰਰਾਸ਼ਟਰੀ ਪ੍ਰੋਟੋਕੋਲ ਦਾ ਸਖ਼ਤੀ ਨਾਲ ਪਾਲਣ ਕਰਨਾ ਚਾਹੀਦਾ ਹੈ।"

ਅਗਾਊਂ ਯੋਜਨਾਬੰਦੀ ਦੇ ਮਹੱਤਵ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਟੂਰਨਾਮੈਂਟ ਤੋਂ ਪਹਿਲਾਂ ਹੀ ਪ੍ਰਬੰਧਕੀ ਖ਼ਾਮੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਦੂਰ ਕਰਨ ਲਈ ਆਪਸੀ ਤਾਲਮੇਲ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਢੁਕਵੇਂ ਪਹੁੰਚ ਮਾਰਗ, ਭੀੜ ਕੰਟਰੋਲ ਅਤੇ ਦਰਸ਼ਕਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਇਆ ਜਾਵੇ ਤਾਂ ਜੋ ਹਾਕੀ ਪ੍ਰੇਮੀ ਬਿਨਾਂ ਕਿਸੇ ਦੇਰੀ ਦੇ ਸਟੇਡੀਅਮ ਵਿੱਚ ਦਾਖ਼ਲ ਹੋ ਸਕਣ।

ਉਨ੍ਹਾਂ ਕਿਹਾ, "ਹਾਕੀ ਪ੍ਰੇਮੀਆਂ ਦੇ ਉਤਸ਼ਾਹ ਦੇ ਨਾਲ-ਨਾਲ ਮੈਦਾਨ 'ਤੇ ਇੱਕ ਸੁਰੱਖਿਅਤ, ਚੰਗੀ ਤਰ੍ਹਾਂ ਸੰਗਠਿਤ ਅਤੇ ਯਾਦਗਾਰੀ ਤਜਰਬਾ ਮਿਲਣਾ ਚਾਹੀਦਾ ਹੈ। ਟੂਰਨਾਮੈਂਟ ਦੇ ਪ੍ਰਬੰਧਾਂ ਨਾਲ ਸਬੰਧਤ ਸਾਰੇ ਫੈਸਲੇ ਸਮਰੱਥ ਅਧਿਕਾਰੀਆਂ ਨਾਲ ਤਾਲਮੇਲ ਕਰ ਕੇ ਲਏ ਜਾਣੇ ਚਾਹੀਦੇ ਹਨ ਅਤੇ ਹਰੇਕ ਭਾਈਵਾਲ ਨੂੰ ਸਪੱਸ਼ਟ ਤੌਰ 'ਤੇ ਦੱਸੇ ਜਾਣੇ ਚਾਹੀਦੇ ਹਨ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਬਿਹਤਰੀਨ ਹਾਕੀ ਖਿਡਾਰੀ ਪੈਦਾ ਕਰਨ ਦੀ ਸ਼ਾਨਦਾਰ ਪਰੰਪਰਾ ਰਹੀ ਹੈ, ਜਿਨ੍ਹਾਂ ਨੇ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਦੇਸ਼ ਦਾ ਨਾਂ ਰੋਸ਼ਨ ਕੀਤਾ ਹੈ। ਉਨ੍ਹਾਂ ਕਿਹਾ, "ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਪੰਜਾਬ ਦੀ ਅਮੀਰ ਖੇਡ ਵਿਰਾਸਤ ਦਾ ਜਸ਼ਨ ਮਨਾਉਣ, ਨੌਜਵਾਨਾਂ ਨੂੰ ਖੇਡਾਂ ਅਪਣਾਉਣ ਲਈ ਪ੍ਰੇਰਿਤ ਕਰਨ ਅਤੇ ਅੰਤਰਰਾਸ਼ਟਰੀ ਖੇਡ ਨਕਸ਼ੇ 'ਤੇ ਸੂਬੇ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਦਾ ਵਧੀਆ ਮੌਕਾ ਦੇਵੇਗੀ।"

ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ, ਪ੍ਰਧਾਨ ਹਾਕੀ ਪੰਜਾਬ ਨਿਤਿਨ ਕੋਹਲੀ, ਜਲੰਧਰ ਦੇ ਮੇਅਰ ਵਿਨੀਤ ਧੀਰ ਅਤੇ ਹੋਰ ਵੀ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.