IMG-LOGO
ਹੋਮ ਪੰਜਾਬ: ਅੱਸੂ ਦੇ ਪਹਿਲੇ ਨਰਾਤੇ ਮੌਕੇ ਮਨੀਸ਼ ਸਿਸੋਦੀਆ ਨੇ ਸਿਹਤ ਮੰਤਰੀ,...

ਅੱਸੂ ਦੇ ਪਹਿਲੇ ਨਰਾਤੇ ਮੌਕੇ ਮਨੀਸ਼ ਸਿਸੋਦੀਆ ਨੇ ਸਿਹਤ ਮੰਤਰੀ, ਵਿਧਾਇਕ ਕੋਹਲੀ ਤੇ ਮੇਅਰ ਨਾਲ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਮੱਥਾ ਟੇਕਿਆ

Admin User - Oct 11, 2026 05:23 PM
IMG

ਪਟਿਆਲਾ, 11 ਅਕਤੂਬਰ:

ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਨੇ ਅੱਸੂ ਦੇ ਪਹਿਲੇ ਨਰਾਤੇ ਮੌਕੇ ਪਟਿਆਲਾ ਸਥਿਤ ਪ੍ਰਸਿੱਧ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਮੱਥਾ ਟੇਕ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ ਅਤੇ ਮੰਦਰ ਦੀ ਸਲਾਹਕਾਰ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ।

ਇਸ ਮੌਕੇ ਸ੍ਰੀ ਮਨੀਸ਼ ਸਿਸੋਦੀਆ ਨੇ ਆਪ ਆਗੂਆਂ ਨਾਲ ਹਵਨ-ਪੂਜਾ ਕੀਤੀ ਅਤੇ ਮਾਤਾ ਰਾਣੀ ਅੱਗੇ ਅਰਦਾਸ ਕੀਤੀ। ਉਨ੍ਹਾਂ ਸਮੂਹ ਸ਼ਰਧਾਲੂਆਂ ਨੂੰ ਨਰਾਤਿਆਂ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਦੇਸ਼ ਵਾਸੀਆਂ ਦੀ ਸੁੱਖ-ਸਮ੍ਰਿੱਧੀ, ਸ਼ਾਂਤੀ ਅਤੇ ਤਰੱਕੀ ਦੀ ਕਾਮਨਾ ਕੀਤੀ। ਇਸ ਦੌਰਾਨ ਉਨ੍ਹਾਂ ਸਿਹਤ ਮੰਤਰੀ ਅਤੇ ਆਪ ਆਗੂਆਂ ਨਾਲ ਮੰਦਰ ਵਿੱਚ ਸਥਾਪਤ ਕੀਤੇ ਗਏ ਮਾਤਾ ਰਾਣੀ ਦੇ ਨਵੇਂ ਧਵੱਜ ਨੂੰ ਲਹਿਰਾਇਆ। ਇਸ ਉਪਰੰਤ ਨਵੇਂ ਬਣੇ ਲੰਗਰ ਹਾਲ ਵਿੱਚ ਕੰਨਿਆ ਪੂਜਨ ਕੀਤਾ ਅਤੇ ਲੰਗਰ ਵਰਤਾਉਣ ਦੀ ਸੇਵਾ ਨਿਭਾਈ।

ਸ੍ਰੀ ਮਨੀਸ਼ ਸਿਸੋਦੀਆ ਨੇ ਭਗਵੰਤ ਸਿੰਘ ਮਾਨ ਦੇ ਮੁੜ ਮੁੱਖ ਮੰਤਰੀ ਬਣਨ ਦੀ ਕਾਮਨਾ ਕਰਦਿਆਂ ਅਰਦਾਸ ਕੀਤੀ ਕਿ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਮੁੜ ਸੱਤਾ ਵਿੱਚ ਆਵੇ ਅਤੇ ਪਾਰਟੀ ਆਗੂਆਂ ਦੀ ਮਿਹਨਤ ਸਫਲ ਹੋਵੇ।

ਮੰਦਰ ਵਿੱਚ ਚੱਲ ਰਹੇ ਉਸਾਰੀ ਅਤੇ ਨਵੀਨੀਕਰਨ ਦੇ ਕੰਮਾਂ ਬਾਰੇ ਗੱਲ ਕਰਦਿਆਂ ਸ੍ਰੀ ਮਨੀਸ਼ ਸਿਸੋਦੀਆ ਨੇ ਕਿਹਾ, “ਇਹ ਆਮ ਆਦਮੀ ਪਾਰਟੀ ਲਈ ਖੁਸ਼ਕਿਸਮਤੀ ਦੀ ਗੱਲ ਹੈ ਕਿ ਮਾਂ ਕਾਲੀ ਨੇ ਸਾਡੀ ਸਰਕਾਰ ਨੂੰ ਇਸ ਪਵਿੱਤਰ ਮੰਦਰ ਦੇ ਨਵੀਨੀਕਰਨ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ।”

ਉਨ੍ਹਾਂ ਕਿਹਾ ਕਿ ਅਗਲੇ ਕੁਝ ਦਿਨਾਂ ਵਿੱਚ ਮੰਦਰ ਦਾ ਸਰੂਪ ਹੋਰ ਵੀ ਨਿਖਰ ਕੇ ਸਾਹਮਣੇ ਆਵੇਗਾ। ਮੰਦਰ ਨੂੰ ਇੱਕ ਸਿੱਧ ਪੀਠ ਦੱਸਦਿਆਂ ਉਨ੍ਹਾਂ ਕਿਹਾ ਕਿ ਇੱਥੇ ਦੇਸ਼ ਭਰ ਤੋਂ ਸ਼ਰਧਾਲੂ ਮੱਥਾ ਟੇਕਣ ਆਉਂਦੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਹਰ ਸੰਭਵ ਪ੍ਰਬੰਧ ਕੀਤੇ ਜਾਣਗੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਮਨੀਸ਼ ਸਿਸੋਦੀਆ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਮਾਤਾ ਰਾਣੀ ਕੇਂਦਰ ਸਰਕਾਰ ਨੂੰ ਸਦਬੁੱਧੀ ਬਖ਼ਸ਼ਣ। ਉਨ੍ਹਾਂ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਸਿਰਫ਼ ਸਰਕਾਰ ਵਿੱਚ ਹਨ, ਲੋਕਾਂ ਦੇ ਦਿਲਾਂ ਵਿੱਚ ਨਹੀਂ। ਸੀਬੀਆਈ, ਚੋਣ ਕਮਿਸ਼ਨ ਅਤੇ ਈਡੀ ਬਾਰੇ ਟਿੱਪਣੀ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਸੰਸਥਾਵਾਂ ਨੂੰ ਚੋਣਾਂ ਜਿੱਤਣ ਦੇ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਵਰਤੋਂ ਸਿਆਸੀ ਲਾਹੇ ਲਈ ਕੀਤੀ ਜਾ ਰਹੀ ਹੈ।

ਇਸ ਮੌਕੇ ਮੰਦਰ ਕਮੇਟੀ ਦੇ ਮੈਂਬਰ ਸੀਏ ਅਜੈ ਅਲੀਪੁਰੀਆ ਨੇ ਦੱਸਿਆ ਕਿ ਭਾਰੀ ਮੀਂਹ ਦੇ ਬਾਵਜੂਦ ਸ਼ਰਧਾਲੂਆਂ ਨੇ ਮੰਦਰ ਦੇ ਸਰੋਵਰ ਦੇ ਆਲੇ-ਦੁਆਲੇ ਬਣੇ ਨਵੇਂ ਗਲਿਆਰੇ ਵਿੱਚ ਬੈਠ ਕੇ ਨਵ-ਨਿਰਮਿਤ ਇਮਾਰਤ ਦਾ ਆਨੰਦ ਮਾਣਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਤੇਜ਼ੀ ਨਾਲ ਕਰਵਾਏ ਜਾ ਰਹੇ ਨਵੀਨੀਕਰਨ ਦੇ ਕੰਮਾਂ ਦੀ ਸ਼ਰਧਾਲੂਆਂ ਨੇ ਸ਼ਲਾਘਾ ਕੀਤੀ।

ਇਸ ਮੌਕੇ ਮੰਦਰ ਦੀ ਸਲਾਹਕਾਰ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਮਹੇਸ਼ ਮਿੱਤਲ, ਸੀਏ ਅਜੈ ਅਲੀਪੁਰੀਆ, ਡਾ. ਰਾਜ ਕੁਮਾਰ ਗੁਪਤਾ, ਸੰਜੇ ਸਿੰਗਲਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਵਲਦੀਪ ਸਿੰਘ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ। ਇਸ ਪਹਿਲੇ ਨਰਾਤੇ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.