ਤਾਜਾ ਖਬਰਾਂ
ਦਿੱਲੀ ਸਥਿਤ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਦੇ ਪਰਿਸਰ ਵਿੱਚ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਅਤੇ ਧਾਰਮਿਕ ਮਰਿਆਦਾ ਦੀ ਕਥਿਤ ਉਲੰਘਣਾ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ (ਆਪ) ਨੇ ਤਿੱਖਾ ਰੋਖ਼ ਅਖ਼ਤਿਆਰ ਕਰ ਲਿਆ ਹੈ। ਇਸ ਘਟਨਾ ਦੇ ਰੋਸ ਵਜੋਂ 'ਆਪ' ਵਿਧਾਇਕਾਂ ਅਤੇ ਸੀਨੀਅਰ ਆਗੂਆਂ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਜਥੇਦਾਰ ਸਾਹਿਬ ਦੇ ਨਾਂ ਇੱਕ ਮੰਗ ਪੱਤਰ ਸੌਂਪਿਆ। ਜਥੇਦਾਰ ਸਾਹਿਬ ਦੀ ਗੈਰ-ਮੌਜੂਦਗੀ ਕਾਰਨ ਇਹ ਮੰਗ ਪੱਤਰ ਉਨ੍ਹਾਂ ਦੇ ਨਿੱਜੀ ਸਹਾਇਕ (ਪੀ.ਏ.) ਬਗੀਚਾ ਸਿੰਘ ਨੂੰ ਪ੍ਰਾਪਤ ਕਰਵਾਇਆ ਗਿਆ।
ਮੰਗ ਪੱਤਰ ਸੌਂਪਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ 'ਆਪ' ਵਿਧਾਇਕ ਮਨਜਿੰਦਰ ਸਿੰਘ ਗਿਆਸਪੁਰਾ ਅਤੇ ਡਾ. ਇੰਦਰਬੀਰ ਸਿੰਘ ਨਿੱਝਰ ਨੇ ਦਿੱਲੀ ਪੁਲਿਸ ਦੀ ਇਸ ਕਾਰਵਾਈ ਦੀ ਖੁੱਲ੍ਹ ਕੇ ਨਿਖੇਧੀ ਕੀਤੀ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੇ ਨੰਗੇ ਸਿਰ ਅਤੇ ਜੁੱਤੀਆਂ ਸਮੇਤ ਗੁਰਦੁਆਰਾ ਪਰਿਸਰ ਵਿੱਚ ਦਾਖ਼ਲ ਹੋ ਕੇ ਗੁਰੂ ਘਰ ਦੀ ਪਵਿੱਤਰਤਾ ਅਤੇ ਸਿੱਖ ਮਰਿਆਦਾ ਦਾ ਅਪਮਾਨ ਕੀਤਾ ਹੈ, ਜਿਸ ਨਾਲ ਪੂਰੀ ਦੁਨੀਆ ਵਿੱਚ ਬੈਠੀ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਹਮੇਸ਼ਾ ਬੇਸਹਾਰਿਆਂ ਲਈ ਓਟ ਰਹੇ ਹਨ ਅਤੇ ਅਜਿਹੀ ਪਵਿੱਤਰ ਥਾਂ 'ਤੇ ਮਰਿਆਦਾ ਛਿੱਕੇ ਟੰਗ ਕੇ ਕੀਤੀ ਕਾਰਵਾਈ ਬਰਦਾਸ਼ਤਯੋਗ ਨਹੀਂ ਹੈ।
ਦੂਜੇ ਪਾਸੇ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕੇਂਦਰ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰਾਲੇ 'ਤੇ ਸਿੱਧਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਉੱਚ ਅਧਿਕਾਰੀਆਂ ਦੀ ਸ਼ਹਿ ਤੋਂ ਬਿਨਾਂ ਪੁਲਿਸ ਅਜਿਹੀ ਮਨਮਾਨੀ ਨਹੀਂ ਕਰ ਸਕਦੀ। ਉਨ੍ਹਾਂ ਚਿੰਤਾ ਜਤਾਈ ਕਿ ਦੇਸ਼ ਵਿੱਚ ਧਾਰਮਿਕ ਅਸਥਾਨਾਂ ਦੀ ਖ਼ੁਦਮੁਖ਼ਤਿਆਰੀ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਹਾ ਹੈ। 'ਆਪ' ਆਗੂਆਂ ਨੇ ਇਸ ਮੁੱਦੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੁੱਪ 'ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਪੰਥਕ ਮੁੱਦਿਆਂ 'ਤੇ ਸਿਆਸਤ ਤੋਂ ਉੱਪਰ ਉੱਠ ਕੇ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।
ਮੰਗ ਪੱਤਰ ਦੀਆਂ ਮੁੱਖ ਹਦਾਇਤਾਂ ਤੇ ਮੰਗਾਂ:
ਦੋਸ਼ੀਆਂ 'ਤੇ ਕਾਰਵਾਈ: ਮਰਿਆਦਾ ਭੰਗ ਕਰਨ ਲਈ ਜ਼ਿੰਮੇਵਾਰ ਦਿੱਲੀ ਪੁਲਿਸ ਅਤੇ ਗ੍ਰਹਿ ਮੰਤਰਾਲੇ ਦੇ ਸਬੰਧਤ ਅਧਿਕਾਰੀਆਂ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।
ਕੇਂਦਰ ਨੂੰ ਦਿਸ਼ਾ-ਨਿਰਦੇਸ਼: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੇਂਦਰ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੱਤੀ ਜਾਵੇ ਕਿ ਭਵਿੱਖ ਵਿੱਚ ਕਿਸੇ ਵੀ ਗੁਰਦੁਆਰਾ ਸਾਹਿਬ ਅੰਦਰ ਅਜਿਹੀ ਦਖ਼ਲਅੰਦਾਜ਼ੀ ਨਾ ਹੋਵੇ।
ਪੰਥਕ ਕਾਰਵਾਈ: ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਅੰਸਰਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇ।
ਵਫ਼ਦ ਨੇ ਉਮੀਦ ਪ੍ਰਗਟਾਈ ਕਿ ਸਿੱਖ ਪੰਥ ਦੀ ਇਸ ਸਰਵਉੱਚ ਪੀਠ ਵੱਲੋਂ ਇਸ ਗੰਭੀਰ ਮਾਮਲੇ ਦਾ ਤੁਰੰਤ ਸੰਗਿਆਨ ਲੈ ਕੇ ਕੌਮ ਨੂੰ ਯੋਗ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ।
Get all latest content delivered to your email a few times a month.