IMG-LOGO
ਹੋਮ ਪੰਜਾਬ: ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ: ਸੀਐਮਓ ਭ੍ਰਿਸ਼ਟਾਚਾਰ ਮਾਮਲੇ...

ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ: ਸੀਐਮਓ ਭ੍ਰਿਸ਼ਟਾਚਾਰ ਮਾਮਲੇ ਵਿੱਚ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ‘ਤੇ ਰੋਕ

Admin User - Oct 12, 2026 02:39 PM
IMG

ਪੰਜਾਬ ਦੇ ਮੁੱਖ ਮੰਤਰੀ ਦਫ਼ਤਰ (ਸੀਐਮਓ) ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਅਹਿਮ ਸੁਣਵਾਈ ਹੋਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਫ਼ੈਸਲੇ ਨੂੰ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ, ਜਿਸ ਵਿੱਚ ਇਸ ਪੂਰੇ ਘਟਨਾਕ੍ਰਮ ਦੀ ਜਾਂਚ ਸੀਬੀਆਈ (CBI) ਨੂੰ ਸੌਂਪੀ ਗਈ ਸੀ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਮਾਮਲੇ ਵਿੱਚ ਵੱਡੀ ਰਾਹਤ ਦਿੰਦਿਆਂ ਮੁਲਜ਼ਮਾਂ ਵਿਰੁੱਧ ਫ਼ੌਰੀ ਤੌਰ ‘ਤੇ ਕੋਈ ਵੀ ਜਬਰਨ ਕਾਰਵਾਈ ਨਾ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਸਰਬਉੱਚ ਅਦਾਲਤ ਨੇ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਹਾਲਾਂਕਿ, ਅਦਾਲਤ ਨੇ ਸੀਬੀਆਈ ਵੱਲੋਂ ਦਰਜ ਕੀਤੀ ਗਈ ਐਫਆਈਆਰ ਨੂੰ ਰੱਦ ਕਰਨ ਜਾਂ ਉਸ ਉੱਤੇ ਪੂਰੀ ਤਰ੍ਹਾਂ ਰੋਕ ਲਗਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਕਾਨੂੰਨੀ ਮਾਹਿਰਾਂ ਮੁਤਾਬਕ, ਅਦਾਲਤ ਦੇ ਇਸ ਹੁਕਮ ਨਾਲ ਮੁੱਖ ਮੰਤਰੀ ਦੇ ਓਐਸਡੀ (OSD) ਰਾਜਬੀਰ ਸਿੰਘ ਘੁੰਮਣ ਅਤੇ ਹੋਰਨਾਂ ਨੂੰ ਫ਼ਿਲਹਾਲ ਗ੍ਰਿਫ਼ਤਾਰੀ ਤੋਂ ਸੁਰੱਖਿਆ ਮਿਲ ਗਈ ਹੈ, ਪਰ ਉਨ੍ਹਾਂ ਨੂੰ ਜਾਂਚ ਪ੍ਰਕਿਰਿਆ ਵਿੱਚ ਸਹਿਯੋਗ ਕਰਨਾ ਪਵੇਗਾ।

ਇਹ ਪੂਰਾ ਵਿਵਾਦ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਉਸ ਰਿਪੋਰਟ ਤੋਂ ਬਾਅਦ ਸ਼ੁਰੂ ਹੋਇਆ ਸੀ, ਜਿਸ ਵਿੱਚ ਸਰਕਾਰੀ ਅਧਿਕਾਰੀਆਂ ਦੇ ਤਬਾਦਲੇ, ਪੋਸਟਿੰਗ, ਸਰਕਾਰੀ ਟੈਂਡਰਾਂ ਅਤੇ ਨੀਤੀਗਤ ਫ਼ੈਸਲਿਆਂ ਨੂੰ ਪ੍ਰਭਾਵਿਤ ਕਰਨ ਦੇ ਦੋਸ਼ ਲਗਾਏ ਗਏ ਸਨ। ਈਡੀ ਵੱਲੋਂ ਆਪਣੀ ਜਾਂਚ ਦੌਰਾਨ ਰਾਜਬੀਰ ਸਿੰਘ ਘੁੰਮਣ ਤੋਂ ਇਲਾਵਾ ਨਿਤਿਨ ਗੋਹਿਲ, ਰੀਅਲ ਅਸਟੇਟ ਕਾਰੋਬਾਰੀ ਅਜੈ ਸਹਿਗਲ ਅਤੇ ਸੁਰੇਸ਼ ਕੁਮਾਰ ਬਜਾਜ ਸਮੇਤ ਕਈ ਹੋਰ ਨਾਵਾਂ ਦਾ ਖ਼ੁਲਾਸਾ ਕੀਤਾ ਗਿਆ ਸੀ।

ਇਸ ਤੋਂ ਪਹਿਲਾਂ, ਸੀਬੀਆਈ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਦਿਆਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਸਮੇਤ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਹਾਈ ਕੋਰਟ ਨੇ ਜਾਂਚ ਏਜੰਸੀ ਨੂੰ ਦੋ ਮਹੀਨਿਆਂ ਦੇ ਅੰਦਰ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਸਨ।


ਇਸ ਮਾਮਲੇ ‘ਤੇ ਪਹਿਲਾਂ ਹੀ ਸਿਆਸੀ ਘਮਾਸਾਨ ਮੱਚਿਆ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਇਨ੍ਹਾਂ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਖ਼ਾਰਜ ਕਰ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਕਿਸੇ ਤੋਂ ਇਮਾਨਦਾਰੀ ਦੇ ਸਰਟੀਫਿਕੇਟ ਦੀ ਲੋੜ ਨਹੀਂ ਹੈ ਅਤੇ ਇਹ ਸਭ ਕੁਝ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਕੀਤਾ ਜਾ ਰਿਹਾ ਹੈ। ਦੂਜੇ ਪਾਸੇ, ਰਾਜਬੀਰ ਸਿੰਘ ਘੁੰਮਣ ਨੇ ਵੀ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਚੁਣੌਤੀ ਦਿੱਤੀ ਸੀ ਕਿ ਜੇਕਰ ਉਨ੍ਹਾਂ ਖ਼ਿਲਾਫ਼ ਕੋਈ ਠੋਸ ਸਬੂਤ ਹੈ ਤਾਂ ਉਸ ਨੂੰ ਜਨਤਕ ਕੀਤਾ ਜਾਵੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.