ਤਾਜਾ ਖਬਰਾਂ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਾਤੀ ਆਧਾਰਿਤ ਵਿਤਕਰੇ ਦੇ ਦੋਸ਼ ਲਗਾਉਣ ਅਤੇ ਸਿੱਖ ਸੰਸਥਾ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਇਸ ਸਬੰਧੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਦੇ ਕੇ ਮਾਮਲੇ ਦੀ ਜਾਂਚ ਅਤੇ ਕਾਨੂੰਨ ਅਨੁਸਾਰ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਹ ਸ਼ਿਕਾਇਤ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ ਦੀ ਅਗਵਾਈ ਹੇਠ ਅਧਿਕਾਰੀਆਂ ਵੱਲੋਂ ਦਿੱਤੀ ਗਈ।
ਸ਼ਿਕਾਇਤ ਵਿੱਚ ਪ੍ਰਬੰਧਕਾਂ ਨੇ ਦਾਅਵਾ ਕੀਤਾ ਹੈ ਕਿ ਵਿਧਾਇਕ ਵੱਲੋਂ ਲਗਾਏ ਗਏ ਜਾਤੀ ਵਿਤਕਰੇ ਦੇ ਦੋਸ਼ ਤੱਥਾਂ ਨਾਲ ਮੇਲ ਨਹੀਂ ਖਾਂਦੇ। ਉਨ੍ਹਾਂ ਅਨੁਸਾਰ, ਵਿਧਾਇਕ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਦਾਖ਼ਲ ਹੋਣ ਤੋਂ ਰੋਕਣ ਦਾ ਕਾਰਨ ਜਾਤੀ ਨਹੀਂ, ਬਲਕਿ ਜਥੇਦਾਰ ਅਤੇ ਸਿੱਖ ਸੰਸਥਾ ਬਾਰੇ ਪਹਿਲਾਂ ਕੀਤੀਆਂ ਗਈਆਂ ਕਥਿਤ ਇਤਰਾਜ਼ਯੋਗ ਟਿੱਪਣੀਆਂ ਸਨ।
ਪ੍ਰਬੰਧਕਾਂ ਨੇ ਕਿਹਾ ਕਿ ਸਿੱਖ ਧਰਮ ਜਾਤ-ਪਾਤ ਅਤੇ ਊਚ-ਨੀਚ ਦੇ ਭੇਦਭਾਵ ਨੂੰ ਸਵੀਕਾਰ ਨਹੀਂ ਕਰਦਾ। ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤ ਬਰਾਬਰਤਾ, ਸਰਬਸਾਂਝੀਵਾਲਤਾ ਅਤੇ ਮਨੁੱਖੀ ਸਤਿਕਾਰ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਮੁਤਾਬਕ, ਮੀਡੀਆ ਅਤੇ ਸੋਸ਼ਲ ਮੀਡੀਆ 'ਤੇ ਦਿੱਤੇ ਗਏ ਬਿਆਨਾਂ ਅਤੇ ਵੀਡੀਓਜ਼ ਨਾਲ ਸਿੱਖ ਸੰਸਥਾਵਾਂ ਦੇ ਅਕਸ ਨੂੰ ਨੁਕਸਾਨ ਪਹੁੰਚਣ ਅਤੇ ਸਮਾਜ ਵਿੱਚ ਤਣਾਅ ਪੈਦਾ ਹੋਣ ਦਾ ਖ਼ਦਸ਼ਾ ਹੈ।
ਸ਼ਿਕਾਇਤ ਵਿੱਚ ਪਹਿਲਾਂ ਜਾਰੀ ਕੀਤੀਆਂ ਗਈਆਂ ਹੋਰ ਵੀਡੀਓਜ਼ ਦੀ ਵੀ ਜਾਂਚ ਕਰਨ ਦੀ ਅਪੀਲ ਕੀਤੀ ਗਈ ਹੈ। ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ ਨੇ ਕਿਹਾ ਕਿ ਧਾਰਮਿਕ ਸੰਸਥਾਵਾਂ ਬਾਰੇ ਬਿਆਨ ਦਿੰਦਿਆਂ ਤੱਥਾਂ ਅਤੇ ਸੰਗਤ ਦੀਆਂ ਭਾਵਨਾਵਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਗੁਰਵਿੰਦਰ ਸਿੰਘ ਭੋਮਾਂ ਅਤੇ ਆਈਟੀ ਵਿਭਾਗ ਦੇ ਇੰਚਾਰਜ ਸ. ਉਮਕਾਰ ਸਿੰਘ ਵੀ ਮੌਜੂਦ ਸਨ।
Get all latest content delivered to your email a few times a month.