ਤਾਜਾ ਖਬਰਾਂ
ਮਾਨਸਾ: ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਸਨਸਨੀਖੇਜ਼ ਕਤਲ ਤੋਂ ਬਾਅਦ ਸੂਬੇ ਭਰ ਵਿੱਚ ਰੋਸ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਦਾ ਪਰਿਵਾਰ ਅਤੇ ਵੱਖ-ਵੱਖ ਸਮਾਜਿਕ ਜਥੇਬੰਦੀਆਂ ਇਨਸਾਫ਼ ਮਿਲਣ ਅਤੇ ਸੀਬੀਆਈ ਜਾਂਚ ਸਮੇਤ ਹੋਰ ਮੰਗਾਂ ਪੂਰੀਆਂ ਹੋਣ ਤੱਕ ਸਸਕਾਰ ਨਾ ਕਰਨ ਦੇ ਫ਼ੈਸਲੇ 'ਤੇ ਅਟੱਲ ਹਨ। ਇਸ ਗੰਭੀਰ ਸਥਿਤੀ ਦੇ ਚਲਦਿਆਂ ਮਾਨਸਾ ਸ਼ਹਿਰ ਵਿੱਚ ਅੱਜ ਵੀ ਬੰਦ ਦਾ ਅਸਰ ਸਾਫ਼ ਦੇਖਣ ਨੂੰ ਮਿਲ ਰਿਹਾ ਹੈ।
ਪੜਤਾਲੀਆ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਇਸ ਘਟਨਾ ਦੇ ਮੁੱਖ ਮੁਲਜ਼ਮ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪੁਲਿਸ ਵੱਲੋਂ ਬੀਤੇ ਦਿਨ ਹੀ ਉਸਦੇ ਇੱਕ ਸਾਥੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ।
ਇਸ ਦੌਰਾਨ ਪ੍ਰਸ਼ਾਸਨ ਨੇ ਸਖ਼ਤ ਰੁਖ਼ ਅਪਨਾਉਂਦਿਆਂ ਮੁਲਜ਼ਮ ਅਸ਼ਵਨੀ ਕੁਮਾਰ ਦੇ ਘਰ 'ਤੇ ਬੁਲਡੋਜ਼ਰ ਚਲਾ ਦਿੱਤਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਹ ਕਾਰਵਾਈ ਨਸ਼ੇ ਦੀ ਕਮਾਈ ਨਾਲ ਬਣਾਈ ਗਈ ਜਾਇਦਾਦ ਵਿਰੁੱਧ ਕੀਤੀ ਗਈ ਹੈ, ਜਿਸਨੂੰ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਜੋੜਿਆ ਜਾ ਰਿਹਾ ਹੈ।
ਹਾਲਾਤ ਦੀ ਗੰਭੀਰਤਾ ਨੂੰ ਵੇਖਦਿਆਂ ਸਮਾਜਿਕ ਕਾਰਕੁਨਾਂ ਅਤੇ ਪਰਿਵਾਰ ਵੱਲੋਂ ਭਲਕੇ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ। ਮਾਮਲੇ ਨੂੰ ਲੈ ਕੇ ਸਿਆਸੀ ਪਾਰਟੀਆਂ ਵੀ ਸਰਗਰਮ ਹੋ ਗਈਆਂ ਹਨ। ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਮਾਨਸਾ ਪਹੁੰਚ ਕੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰ ਚੁੱਕੇ ਹਨ।
ਦੂਜੇ ਪਾਸੇ, ਪ੍ਰਸ਼ਾਸਨ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਬੂ ਹੇਠ ਰੱਖਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਜਾਣਕਾਰੀ ਸਾਹਮਣੇ ਆਈ ਹੈ ਕਿ ਪੁਲਿਸ ਨੇ ਵਿਰੋਧੀ ਧਿਰਾਂ ਅਤੇ ਕੁਝ ਜਥੇਬੰਦੀਆਂ ਦੇ ਆਗੂਆਂ ਨੂੰ ਮਾਨਸਾ ਜਾਣ ਤੋਂ ਰੋਕ ਦਿੱਤਾ ਹੈ। ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਸੂਚਨਾ ਹੈ, ਜਦਕਿ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਵੀ ਸੰਘਰਸ਼ ਵਿੱਚ ਸ਼ਾਮਲ ਹੋਣ ਜਾ ਰਹੇ ਕੁਝ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਗਿਆ ਹੈ।
ਇਸ ਸਮੇਂ ਪੂਰੇ ਇਲਾਕੇ ਵਿੱਚ ਪੁਲਿਸ ਛਾਉਣੀ ਵਾਲਾ ਮਾਹੌਲ ਹੈ ਅਤੇ ਹਰ ਪਾਸੇ ਤਣਾਅ ਬਣਿਆ ਹੋਇਆ ਹੈ।
Get all latest content delivered to your email a few times a month.