ਤਾਜਾ ਖਬਰਾਂ
ਸ਼ਹਿਰ ਵਿੱਚ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਪਰਮਿੰਦਰ ਸਿੰਘ ਝੋਟਾ (45) ਦੇ ਸਨਸਨੀਖੇਜ਼ ਕਤਲ ਮਾਮਲੇ ਵਿੱਚ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ ਹੈ। ਪੁਲਿਸ ਨਿਗਰਾਨੀ ਹੇਠ ਮੁੱਖ ਮੁਲਜ਼ਮ ਅਸ਼ਵਨੀ ਦੇ ਘਰ ਅਤੇ ਦੁਕਾਨ 'ਤੇ ਬੁਲਡੋਜ਼ਰ ਚਲਾ ਕੇ ਉਨ੍ਹਾਂ ਨੂੰ ਢਾਹ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹੇ ਦੇ ਡੀ.ਸੀ. ਅਤੇ ਐਸ.ਐਸ.ਪੀ. ਸਮੇਤ ਉੱਚ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਮੌਜੂਦ ਸਨ।
ਪ੍ਰਸ਼ਾਸਨਿਕ ਕਾਰਵਾਈ ਤੋਂ ਪਹਿਲਾਂ ਗੁੱਸੇ ਵਿੱਚ ਆਏ ਲੋਕਾਂ ਨੇ ਮੁਲਜ਼ਮ ਦੇ ਮੈਡੀਕਲ ਸਟੋਰ ਦੀ ਭੰਨਤੋੜ ਕੀਤੀ। ਭੀੜ ਵੱਲੋਂ ਦੁਕਾਨ ਦੇ ਅੰਦਰੋਂ ਦਵਾਈਆਂ ਬਾਹਰ ਸੁੱਟ ਦਿੱਤੀਆਂ ਗਈਆਂ। ਬੁਲਡੋਜ਼ਰ ਨਾਲ ਦੁਕਾਨ ਢਾਹੇ ਜਾਣ ਤੋਂ ਬਾਅਦ ਲੋਕਾਂ ਨੇ ਰੋਹ ਵਿੱਚ ਆ ਕੇ ਉੱਥੇ ਅੱਗ ਵੀ ਲਗਾ ਦਿੱਤੀ। ਕਤਲ ਦੀ ਇਸ ਘਟਨਾ ਤੋਂ ਬਾਅਦ ਸਿੱਖ ਸੰਗਠਨਾਂ ਦੇ ਸੱਦੇ 'ਤੇ ਅੱਜ ਮਾਨਸਾ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ।
ਜ਼ਿਕਰਯੋਗ ਹੈ ਕਿ ਪਰਮਿੰਦਰ ਸਿੰਘ ਝੋਟਾ ਨੂੰ ਬੀਤੇ ਦਿਨ ਫੇਸਬੁੱਕ ਲਾਈਵ ਦੌਰਾਨ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਿਆ ਸੀ। ਪੁਲਿਸ ਸੂਤਰਾਂ ਅਨੁਸਾਰ, ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਸ਼ਾਸਨ ਵੱਲੋਂ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।
Get all latest content delivered to your email a few times a month.