ਤਾਜਾ ਖਬਰਾਂ
ਚੰਡੀਗੜ੍ਹ 14 ਅਕਤੂਬਰ-
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਬੇਹੱਦ ਮੰਦਭਾਗੀ ਅਤੇ ਮਾੜੀ ਘਟਨਾ ਦੱਸਦਿਆਂ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਦੋ-ਟੁੱਕ ਸ਼ਬਦਾਂ ਵਿੱਚ ਕਿਹਾ ਕਿ ਜੋ ਕੋਈ ਵੀ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈ ਕੇ ਇਹ ਸੋਚਦਾ ਹੈ ਕਿ ਉਹ ਪੁਲਿਸ ਅਤੇ ਪ੍ਰਸ਼ਾਸਨ ਦੀ ਪਕੜ ਤੋਂ ਬਚ ਜਾਵੇਗਾ, ਤਾਂ ਇਹ ਉਸ ਦਾ ਮਹਿਜ਼ ਵਹਿਮ ਹੈ।
'ਆਪ' ਪੰਜਾਬ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, "ਕੱਲ੍ਹ ਮਾਨਸਾ ਵਿੱਚ ਵਾਪਰੀ ਘਟਨਾ ਨੇ ਸਾਰਿਆਂ ਨੂੰ ਬਹੁਤ ਦੁਖੀ ਕੀਤਾ ਹੈ। ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਸਰਕਾਰ ਇਸ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੀ ਹੈ।"
'ਆਪ' ਪੰਜਾਬ ਮੀਡੀਆ ਇੰਚਾਰਜ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁਰੂ ਤੋਂ ਹੀ ਇਹੀ ਸੰਦੇਸ਼ ਦਿੱਤਾ ਹੈ: ਪੰਜਾਬ ਵਿੱਚ ਨਸ਼ਿਆਂ ਅਤੇ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਲਾਗੂ ਹੈ। ਜੇਕਰ ਕੋਈ ਕਾਨੂੰਨ ਆਪਣੇ ਹੱਥਾਂ ਵਿੱਚ ਲੈਂਦਾ ਹੈ, ਜਿਵੇਂ ਕਿ ਮਾਨਸਾ ਦੇ ਵਿਅਕਤੀ ਨੇ ਕੀਤਾ ਸੀ, ਤਾਂ ਪੁਲਿਸ ਆਪਣਾ ਕੰਮ ਕਰਦੀ ਹੈ। ਪੁਲਿਸ ਨੇ ਆਪਣਾ ਫਰਜ਼ ਨਿਭਾਇਆ ਅਤੇ ਉਸਨੂੰ 24 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ। ਕਾਨੂੰਨ ਆਪਣਾ ਕੰਮ ਕਰ ਰਿਹਾ ਹੈ, ਅਤੇ ਪ੍ਰਸ਼ਾਸਨ ਆਪਣਾ ਕੰਮ ਕਰ ਰਿਹਾ ਹੈ। ਇੰਨੀ ਜਲਦੀ ਕਦੇ ਵੀ ਕਾਰਵਾਈ ਨਹੀਂ ਕੀਤੀ ਗਈ।"
ਬਲਤੇਜ ਪੰਨੂ ਨੇ ਕਿਹਾ ਕਿ ਕੋਈ ਵੀ ਵਿਅਕਤੀ ਚਾਹੇ ਕਿੰਨਾ ਵੀ ਤਾਕਤਵਰ ਕਿਉਂ ਨਾ ਹੋਵੇ, ਜੇ ਉਹ ਇਹ ਭਰਮ ਪਾਲੀ ਬੈਠਾ ਹੈ ਕਿ ਕਾਨੂੰਨ ਹੱਥ ਵਿੱਚ ਲੈ ਕੇ ਉਹ ਕਾਨੂੰਨ ਦੀ ਨਜ਼ਰ ਤੋਂ ਬਚ ਜਾਵੇਗਾ, ਤਾਂ ਉਹ ਸਰਾਸਰ ਗ਼ਲਤਫ਼ਹਿਮੀ ਵਿੱਚ ਹੈ। ਪੰਜਾਬ ਵਿੱਚ ਕਾਨੂੰਨ ਦਾ ਰਾਜ ਹੈ ਅਤੇ ਇੱਥੇ ਕਾਨੂੰਨ ਤੋਂ ਉੱਪਰ ਕੋਈ ਨਹੀਂ ਹੈ।
Get all latest content delivered to your email a few times a month.