ਤਾਜਾ ਖਬਰਾਂ
ਸੂਬੇ ਵਿੱਚ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਫਿਲੌਰ ਵਿਖੇ ਇੱਕ ਅਹਿਮ ਹਾਈ-ਲੈਵਲ ਬੈਠਕ ਬੁਲਾਈ ਗਈ ਹੈ। ਇਸ ਮੀਟਿੰਗ ਵਿੱਚ ਸੂਬੇ ਦੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ (DC), ਸੀਨੀਅਰ ਕਪਤਾਨ ਪੁਲਿਸ (SSP), ਡੀ.ਐਸ.ਪੀ. ਅਤੇ ਐਸ.ਡੀ.ਐਮ. ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਣਗੇ। ਸੂਤਰਾਂ ਮੁਤਾਬਕ ਮੀਟਿੰਗ ਦੌਰਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਹੁਣ ਤੱਕ ਦੀ ਪ੍ਰਗਤੀ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਜਾਵੇਗੀ।
ਦੂਜੇ ਪਾਸੇ, 13 ਅਕਤੂਬਰ ਨੂੰ ਵਾਪਰੇ ਚਰਚਿਤ ਪਰਵਿੰਦਰ ਝੋਟਾ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਭਰ ਵਿੱਚ ਸਿਆਸੀ ਅਤੇ ਸਮਾਜਿਕ ਮਾਹੌਲ ਭਖਿਆ ਹੋਇਆ ਹੈ। ਇਸ ਘਟਨਾ ਦੇ ਵਿਰੋਧ ਵਿੱਚ ਅੱਜ ਪੰਜਾਬ ਬੰਦ ਦਾ ਸੱਦਾ ਵੀ ਦਿੱਤਾ ਗਿਆ ਹੈ। ਮਾਨਸਾ ਵਿਖੇ ਮ੍ਰਿਤਕ ਪਰਵਿੰਦਰ ਝੋਟੇ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿੱਥੇ ਪ੍ਰਦਰਸ਼ਨਕਾਰੀਆਂ ਵੱਲੋਂ ਇਸ ਪੂਰੇ ਮਾਮਲੇ ਦੀ ਸੀ.ਬੀ.ਆਈ. (CBI) ਜਾਂਚ ਕਰਵਾਉਣ ਦੀ ਜ਼ੋਰਦਾਰ ਮੰਗ ਕੀਤੀ ਜਾ ਰਹੀ ਹੈ।
ਮਾਨਸਾ ਵਿਖੇ ਧਰਨੇ ਵਾਲੀ ਥਾਂ 'ਤੇ ਪਹੁੰਚੇ ਡੀ.ਆਈ.ਜੀ. (DIG) ਵੱਲੋਂ ਮਾਮਲੇ ਦੀ ਜਾਂਚ ਬਾਰੇ ਵੱਡਾ ਖੁਲਾਸਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਤਲ ਕਾਂਡ ਦੀ ਤਫ਼ਤੀਸ਼ ਦੌਰਾਨ 2 ਹੋਰ ਵਿਅਕਤੀਆਂ ਨੂੰ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਮੁੱਖ ਮੁਲਜ਼ਮ ਦੇ ਦੋ ਸਾਥੀ ਅਤੇ ਇੱਕ ਪਰਿਵਾਰਕ ਮੈਂਬਰ ਸ਼ਾਮਲ ਹੈ। ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਥਿਤੀ ਨੂੰ ਸ਼ਾਂਤੀਪੂਰਵਕ ਨਜਿੱਠਣ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Get all latest content delivered to your email a few times a month.