ਤਾਜਾ ਖਬਰਾਂ
ਕਾਂਗਰਸ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਦੋਸ਼ ਲਗਾਇਆ ਹੈ ਕਿ ਸੂਬੇ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਨਹੀਂ ਬਣਾਈ ਜਾ ਰਹੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਲੜਨ ਵਾਲਿਆਂ ਨੂੰ ਹਿੰਸਾ ਅਤੇ ਧਮਕੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਪੋਸਟ ਸਾਂਝੀ ਕਰਦਿਆਂ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਅਤੇ ਸੰਗਰੂਰ ਦੇ ਗੁਲਜ਼ਾਰ ਸਿੰਘ ਨਾਲ ਜੁੜੇ ਮਾਮਲਿਆਂ ਦਾ ਜ਼ਿਕਰ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲਿਆਂ ਨੂੰ ਇਨਸਾਫ਼ ਅਤੇ ਸੁਰੱਖਿਆ ਮਿਲਣ ਦੀ ਬਜਾਏ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਸੰਗਰੂਰ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਮੋਹਨਜੀਤ ਸਿੰਘ ਨਾਲ ਕਥਿਤ ਹਿਰਾਸਤੀ ਤਸ਼ੱਦਦ ਦੇ ਮਾਮਲੇ ਦਾ ਹਵਾਲਾ ਦਿੰਦਿਆਂ ਪੁਲਿਸ ਦੀ ਕਾਰਵਾਈ ’ਤੇ ਵੀ ਸਵਾਲ ਖੜ੍ਹੇ ਕੀਤੇ। ਰਾਹੁਲ ਨੇ ਪੁੱਛਿਆ ਕਿ ਜੇਕਰ ਨਸ਼ਿਆਂ ਖ਼ਿਲਾਫ਼ ਸ਼ਿਕਾਇਤ ਕਰਨ ਵਾਲਿਆਂ ਨੂੰ ਹੀ ਮਾਮਲਿਆਂ ਦਾ ਸਾਹਮਣਾ ਕਰਨਾ ਪਵੇ, ਤਾਂ ਨਸ਼ਾ ਤਸਕਰਾਂ ’ਤੇ ਨਕੇਲ ਕਿਵੇਂ ਕੱਸੀ ਜਾਵੇਗੀ?
ਕਾਂਗਰਸੀ ਆਗੂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਵਾਬਦੇਹੀ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੰਘਰਸ਼ ਕਰ ਰਹੇ ਲੋਕਾਂ ਦੀ ਸੁਰੱਖਿਆ ਕੌਣ ਕਰੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦੇ ਕਾਰੋਬਾਰ ਨੂੰ ਖ਼ਤਮ ਕਰਨ ਲਈ ਕਾਂਗਰਸ ਆਪਣੀ ਲੜਾਈ ਜਾਰੀ ਰੱਖੇਗੀ।
Get all latest content delivered to your email a few times a month.