ਤਾਜਾ ਖਬਰਾਂ
ਪੰਜਾਬ ਵਿੱਚ ਨਸ਼ਿਆਂ ਦਾ ਕਹਿਰ ਲਗਾਤਾਰ ਪਰਿਵਾਰਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ। ਤਾਜ਼ਾ ਮਾਮਲਾ ਫਤਿਹਗੜ੍ਹ ਸਾਹਿਬ ਦੇ ਗੁਰਦੇਵ ਨਗਰ ਤੋਂ ਸਾਹਮਣੇ ਆਇਆ ਹੈ, ਜਿੱਥੇ 22 ਸਾਲਾ ਨੌਜਵਾਨ ਲਵਲੀ ਦੀ ਕਥਿਤ ਤੌਰ ’ਤੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਇਸ ਦੁਖਦਾਈ ਘਟਨਾ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਪਰਿਵਾਰਕ ਮੈਂਬਰਾਂ, ਜਿਨ੍ਹਾਂ ਵਿੱਚ ਮ੍ਰਿਤਕ ਦੇ ਪਿਤਾ ਨਾਜਰ ਸਿੰਘ ਵੀ ਸ਼ਾਮਲ ਹਨ, ਨੇ ਦੱਸਿਆ ਕਿ ਲਵਲੀ ਪਿਛਲੇ ਕਈ ਸਾਲਾਂ ਤੋਂ ਨਸ਼ੇ ਦੀ ਲਤ ਦਾ ਸ਼ਿਕਾਰ ਸੀ। ਉਸ ਨੂੰ ਇਸ ਆਦਤ ਤੋਂ ਛੁਟਕਾਰਾ ਦਿਵਾਉਣ ਲਈ ਪਰਿਵਾਰ ਨੇ ਕਈ ਵਾਰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਕਰਵਾਇਆ, ਪਰ ਉੱਥੋਂ ਵਾਪਸ ਆਉਣ ਮਗਰੋਂ ਉਹ ਮੁੜ ਨਸ਼ੇ ਦਾ ਸੇਵਨ ਕਰਨ ਲੱਗ ਪੈਂਦਾ ਸੀ।
ਪਰਿਵਾਰ ਨੇ ਦੱਸਿਆ ਕਿ ਲੰਬੇ ਸਮੇਂ ਤੱਕ ਨਸ਼ੇ ਦਾ ਸੇਵਨ ਕਰਨ ਕਾਰਨ ਲਵਲੀ ਦੇ ਜਿਗਰ ਨੂੰ ਵੀ ਗੰਭੀਰ ਨੁਕਸਾਨ ਪਹੁੰਚਿਆ ਸੀ। ਉਸ ਨੂੰ ਨਸ਼ੇ ਤੋਂ ਦੂਰ ਕਰਨ ਲਈ ਪਰਿਵਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਇਹ ਯਤਨ ਸਫਲ ਨਹੀਂ ਹੋ ਸਕੇ। ਨੌਜਵਾਨ ਦੀ ਮੌਤ ਕਾਰਨ ਪਰਿਵਾਰ ਡੂੰਘੇ ਸਦਮੇ ਵਿੱਚ ਹੈ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਨਸ਼ਾ ਛੁਡਾਊ ਕੇਂਦਰਾਂ ਵਿੱਚ ਮਰੀਜ਼ਾਂ ਨੂੰ 19 ਤੋਂ 20 ਦਿਨਾਂ ਬਾਅਦ ਹੀ ਛੁੱਟੀ ਦੇ ਦਿੱਤੀ ਜਾਂਦੀ ਹੈ, ਜਿਸ ਕਾਰਨ ਉਹ ਪੂਰੀ ਤਰ੍ਹਾਂ ਨਸ਼ੇ ਦੀ ਆਦਤ ਤੋਂ ਮੁਕਤ ਹੋਣ ਤੋਂ ਪਹਿਲਾਂ ਹੀ ਮੁੜ ਇਸ ਦੀ ਲਪੇਟ ਵਿੱਚ ਆ ਜਾਂਦੇ ਹਨ। ਲਵਲੀ ਦੀ ਮਾਂ ਨੇ ਵੀ ਕੇਂਦਰਾਂ ਵਿੱਚ ਇਲਾਜ ਦੀ ਵਿਵਸਥਾ ’ਤੇ ਸਵਾਲ ਉਠਾਉਂਦਿਆਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮਾਮਲੇ ਦੀ ਜਾਂਚ ਕਰਨ ਅਤੇ ਕਥਿਤ ਲਾਪਰਵਾਹੀ ਕਰਨ ਵਾਲੇ ਕੇਂਦਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
Get all latest content delivered to your email a few times a month.