ਤਾਜਾ ਖਬਰਾਂ
ਰਾਜਨੀਤਿਕ ਹਲਕਿਆਂ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਭਾਰਤੀ ਰਾਸ਼ਟਰਵਾਦੀ ਪਾਰਟੀ (BRS) ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਜ਼ਿੰਮੇਵਾਰੀਆਂ ਤੋਂ ਲਾਂਭੇ ਕਰ ਦਿੱਤਾ ਹੈ। ਪਾਰਟੀ ਹਾਈਕਮਾਂਡ ਵੱਲੋਂ ਇਹ ਫੈਸਲਾ ਡਾ. ਸਿੱਧੂ ਦੀ ਵਿਗੜਦੀ ਸਿਹਤ ਦੇ ਮੱਦੇਨਜ਼ਰ ਲਿਆ ਗਿਆ ਦੱਸਿਆ ਜਾ ਰਿਹਾ ਹੈ।
ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਇਸ ਸਬੰਧੀ ਇੱਕ ਰਸਮੀ ਪੱਤਰ ਜਾਰੀ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਡਾ. ਨਵਜੋਤ ਕੌਰ ਸਿੱਧੂ ਦੀਆਂ ਸਾਰੀਆਂ ਰਾਜਨੀਤਿਕ ਡਿਊਟੀਆਂ ਤੁਰੰਤ ਪ੍ਰਭਾਵ ਨਾਲ ਖ਼ਤਮ ਕੀਤੀਆਂ ਜਾਂਦੀਆਂ ਹਨ। ਇਸ ਵੱਡੇ ਫੈਸਲੇ ਤੋਂ ਬਾਅਦ ਹੁਣ ਡਾ. ਸਿੱਧੂ ਦੇ ਸਰਗਰਮ ਸਿਆਸਤ ਵਿੱਚ ਅੱਗੇ ਕੋਈ ਭੂਮਿਕਾ ਨਿਭਾਉਣ ਦੀ ਸੰਭਾਵਨਾ ਖ਼ਤਮ ਹੋ ਗਈ ਹੈ।
ਡਾ. ਸਿੱਧੂ ਨੂੰ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ ਦੇ ਨਾਲ ਹੀ ਪਾਰਟੀ ਨੇ ਸੁਖਮਿੰਦਰ ਪਾਲ ਸਿੰਘ ਗਰੇਵਾਲ ਨੂੰ ਭਾਰਤੀ ਰਾਸ਼ਟਰਵਾਦੀ ਪਾਰਟੀ (BRS) ਦਾ ਨਵਾਂ ਸੂਬਾ ਪ੍ਰਧਾਨ ਥਾਪਿਆ ਹੈ, ਤਾਂ ਜੋ ਪਾਰਟੀ ਦੀਆਂ ਭਵਿੱਖੀ ਗਤੀਵਿਧੀਆਂ ਨੂੰ ਨਿਰਵਿਘਨ ਚਲਾਇਆ ਜਾ ਸਕੇ।
ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਨਾਲੋਂ ਵੱਖ ਹੋਣ ਤੋਂ ਬਾਅਦ ਡਾ. ਨਵਜੋਤ ਕੌਰ ਸਿੱਧੂ ਨੇ ਭਾਰਤੀ ਰਾਸ਼ਟਰਵਾਦੀ ਪਾਰਟੀ ਦਾ ਪੱਲਾ ਫੜਿਆ ਸੀ। ਉਨ੍ਹਾਂ ਵੱਲੋਂ ਲੰਘੀ 6 ਅਪ੍ਰੈਲ 2026 ਨੂੰ ਇਸ ਨਵੇਂ ਸਿਆਸੀ ਮੰਚ ਦਾ ਐਲਾਨ ਕਰਦਿਆਂ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਚੋਣ ਲੜਨ ਦਾ ਦਾਅਵਾ ਕੀਤਾ ਗਿਆ ਸੀ। ਹਾਲਾਂਕਿ, ਸਿਹਤ ਸਮੱਸਿਆਵਾਂ ਕਾਰਨ ਹੁਣ ਉਨ੍ਹਾਂ ਦਾ ਇਹ ਸਿਆਸੀ ਸਫ਼ਰ ਅੱਧਵਿਚਕਾਰ ਹੀ ਰੁਕ ਗਿਆ ਹੈ।
Get all latest content delivered to your email a few times a month.