IMG-LOGO
ਹੋਮ ਪੰਜਾਬ: ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਨੂੰ ਜਥੇਦਾਰ ਗਿਆਨੀ ਕੁਲਦੀਪ ਸਿੰਘ...

ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਨੂੰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਤਾ ਸ਼ਹੀਦ ਦਾ ਦਰਜਾ; ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Admin User - Oct 16, 2026 11:49 AM
IMG

ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਸਖ਼ਤ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਗਰੋਂ ਸੂਬੇ ਦਾ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ। ਬੀਤੇ ਦਿਨੀਂ ਮਾਨਸਾ ਵਿਖੇ ਵਾਪਰੀ ਇਸ ਦੁਖਦਾਈ ਘਟਨਾ ਤੋਂ ਬਾਅਦ ਵੱਖ-ਵੱਖ ਸਿਆਸੀ ਅਤੇ ਧਾਰਮਿਕ ਸ਼ਖ਼ਸੀਅਤਾਂ ਵੱਲੋਂ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ।

ਘਟਨਾ ਉਪਰੰਤ ਅੱਜ ਮਾਨਸਾ ਪਹੁੰਚ ਕੇ ਸੂਬੇ ਦੇ ਪ੍ਰਮੁੱਖ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਨਮਿਤ ਰੱਖੇ ਗਏ ਅਰਦਾਸ ਸਮਾਗਮ ਵਿੱਚ ਪਰਿਵਾਰਕ ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਹਾਜ਼ਰ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮ੍ਰਿਤਕ ਆਗੂ ਨੂੰ 'ਕੌਮ ਦਾ ਸ਼ਹੀਦ' ਕਰਾਰ ਦਿੰਦਿਆਂ ਆਖਿਆ ਗਿਆ ਕਿ ਉਸ ਨੇ ਆਪਣੇ ਲਈ ਨਹੀਂ ਸਗੋਂ ਸਮਾਜ ਤੇ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਸੰਘਰਸ਼ ਦਾ ਮੁਸ਼ਕਲ ਰਾਹ ਚੁਣਿਆ ਸੀ।

ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਅਕਾਲੀ ਆਗੂ ਤੇਜਿੰਦਰ ਸਿੰਘ ਮਿੱਡੂਖੇੜਾ ਅਤੇ ਪਰਮਬੰਸ ਸਿੰਘ ਰੋਮਾਣਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

ਪਰਵਿੰਦਰ ਸਿੰਘ ਝੋਟਾ ਮਾਨਸਾ ਦਾ ਰਹਿਣ ਵਾਲਾ ਸੀ ਅਤੇ ਉਹ ਆਪਣੀ 'ਐਂਟੀ ਡਰੱਗ ਟਾਸਕ ਫੋਰਸ' ਰਾਹੀਂ ਨਸ਼ਾ ਤਸਕਰਾਂ ਖ਼ਿਲਾਫ਼ ਸਰਗਰਮੀ ਨਾਲ ਮੈਦਾਨ ਵਿੱਚ ਨਿੱਤਰਿਆ ਹੋਇਆ ਸੀ। ਉਹ ਸੋਸ਼ਲ ਮੀਡੀਆ ਰਾਹੀਂ ਮੈਡੀਕਲ ਸਟੋਰਾਂ ਤੋਂ ਨਸ਼ੀਲੇ ਪਦਾਰਥਾਂ ਦੀ ਕਥਿਤ ਵਿਕਰੀ ਦਾ ਪਰਦਾਫਾਸ਼ ਕਰਦਾ ਸੀ। ਇਸ ਮੁਹਿੰਮ ਕਾਰਨ ਉਸ ਦੇ ਕਈ ਲੋਕਾਂ ਨਾਲ ਪਹਿਲਾਂ ਵੀ ਵਿਵਾਦ ਚੱਲ ਰਹੇ ਸਨ।

ਬੀਤੀ 13 ਅਕਤੂਬਰ ਦੀ ਸਵੇਰ ਨੂੰ ਮਾਨਸਾ ਦੇ ਇੱਕ ਬਾਜ਼ਾਰ ਵਿੱਚ ਪਰਵਿੰਦਰ ਸਿੰਘ ਅਤੇ ਉਸ ਦੇ ਸਾਥੀਆਂ ਦੀ ਇੱਕ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਨਾਲ ਇਸੇ ਮੁੱਦੇ 'ਤੇ ਤਕਰਾਰ ਹੋ ਗਈ। ਪਰਵਿੰਦਰ ਉੱਥੇ ਨਸ਼ੇ ਦੀ ਵਿਕਰੀ ਦਾ ਵਿਰੋਧ ਕਰਦਿਆਂ ਮੌਕੇ ਦੀ ਵੀਡੀਓ ਬਣਾ ਰਿਹਾ ਸੀ। ਗੱਲ ਇੰਨੀ ਵੱਧ ਗਈ ਕਿ ਗੁੱਸੇ ਵਿੱਚ ਆਏ ਅਸ਼ਵਨੀ ਕੁਮਾਰ ਨੇਥੋਂ ਗੋਲੀ ਚਲਾ ਦਿੱਤੀ, ਜਿਸ ਨਾਲ ਪਰਵਿੰਦਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਜਨਤਾ ਵਿੱਚ ਭਾਰੀ ਰੋਹ ਫੈਲ ਗਿਆ।

ਇਸ ਘਟਨਾ ਨੇ ਪੰਜਾਬ ਦੀ ਸਿਆਸਤ ਨੂੰ ਹਿਲਾ ਕੇ ਰੱਖ ਦਿੱਤਾ ਹੈ। ਵਿਰੋਧੀ ਪਾਰਟੀਆਂ ਨੇ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ 'ਤੇ ਵੱਡੇ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਹਨ। ਲੋਕਾਂ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਪ੍ਰਤੀ ਭਾਰੀ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ।

ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ ਪਰਵਿੰਦਰ ਦੇ ਪਿਤਾ ਅਤੇ 'ਇਨਸਾਫ਼ ਮੋਰਚੇ' ਵੱਲੋਂ ਪੂਰੇ ਪੰਜਾਬ ਨੂੰ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਅਸਤੀਫ਼ੇ ਦੀ ਮੰਗ ਰੱਖੀ ਹੈ। ਮੋਰਚੇ ਨੇ ਮੰਗ ਕੀਤੀ ਹੈ ਕਿ ਪਰਿਵਾਰ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ, ਮਾਮਲੇ ਦੀ ਸੀਬੀਆਈ (CBI) ਜਾਂਚ ਕਰਵਾਈ ਜਾਵੇ ਅਤੇ ਲਾਪਰਵਾਹੀ ਵਰਤਣ ਵਾਲੇ ਸਬੰਧਤ ਐਸ.ਐਚ.ਓ (SHO), ਐਸ.ਐਸ.ਪੀ (SSP) ਅਤੇ ਡੀ.ਐਸ.ਪੀ (DSP) ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.