ਤਾਜਾ ਖਬਰਾਂ
ਮਾਨਸਾ/ਚੰਡੀਗੜ੍ਹ: ਬੀਤੇ ਦਿਨੀਂ 13 ਅਕਤੂਬਰ ਨੂੰ ਪਰਵਿੰਦਰ ਝੋਟਾ ਦੇ ਦੁਕਾਨ ਅੰਦਰ ਹੋਏ ਸ਼ਰੇਆਮ ਗੋਲੀਕਾਂਡ ਅਤੇ ਕਤਲ ਮਾਮਲੇ ਨੇ ਪੰਜਾਬ ਦੀ ਰਾਜਨੀਤੀ ਅਤੇ ਕਾਨੂੰਨ ਵਿਵਸਥਾ 'ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਖੂਨੀ ਘਟਨਾ ਤੋਂ ਬਾਅਦ ਜਿੱਥੇ ਆਮ ਜਨਤਾ ਵਿੱਚ ਦਹਿਸ਼ਤ ਦਾ ਮਾਹੌਲ ਹੈ, ਉੱਥੇ ਹੀ ਹੁਣ ਕੇਂਦਰ ਸਰਕਾਰ ਨੇ ਵੀ ਇਸ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੂਬੇ ਦੀ ਮੌਜੂਦਾ ਸੁਰੱਖਿਆ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਇੱਕ ਬਿਆਨ ਜਾਰੀ ਕੀਤਾ ਹੈ। ਸੋਸ਼ਲ ਮੀਡੀਆ ਜ਼ਰੀਏ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦਿਆਂ ਉਨ੍ਹਾਂ ਪੰਜਾਬ ਦੀ ਅਵਾਮ ਨਾਲ ਇੱਕ ਵੱਡਾ ਵਾਅਦਾ ਕੀਤਾ।
ਅਮਿਤ ਸ਼ਾਹ ਨੇ ਕਿਹਾ, "ਮੈਂ ਅੱਜ ਪੰਜਾਬ ਦੇ ਲੋਕਾਂ ਸਾਹਮਣੇ ਆਪਣਾ ਵਚਨ ਦੁਹਰਾਉਂਦਾ ਹਾਂ। ਜਿਵੇਂ ਹੀ ਸੂਬੇ ਵਿੱਚ ਸਾਡੀ ਸਰਕਾਰ ਬਣੇਗੀ, ਅਸੀਂ ਪੰਜਾਬ ਨੂੰ ਨਸ਼ਾ ਮੁਕਤ, ਗੈਂਗਸਟਰ ਮੁਕਤ ਅਤੇ ਪੂਰੀ ਤਰ੍ਹਾਂ ਸੁਰੱਖਿਅਤ ਬਣਾਉਣ ਲਈ ਦਿਨ-ਰਾਤ ਇੱਕ ਕਰ ਦੇਵਾਂਗੇ।"
ਉਨ੍ਹਾਂ ਅੱਗੇ ਸਪੱਸ਼ਟ ਕੀਤਾ ਕਿ ਕੇਂਦਰ ਦਾ ਮੁੱਖ ਮਨੋਰਥ ਨਸ਼ਾ ਤਸਕਰਾਂ ਦੀਆਂ ਜੜ੍ਹਾਂ ਵੱਢ ਕੇ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਬਚਾਉਣਾ ਹੈ। ਅਪਰਾਧਿਕ ਅਨਸਰਾਂ ਖ਼ਿਲਾਫ਼ ਬਿਨਾਂ ਕਿਸੇ ਰਹਿਮ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਸੂਬੇ ਵਿੱਚ ਅਜਿਹਾ ਅਮਨ-ਕਾਨੂੰਨ ਦਾ ਰਾਜ ਕਾਇਮ ਹੋ ਸਕੇ, ਜਿੱਥੇ ਕੋਈ ਵੀ ਆਮ ਨਾਗਰਿਕ ਖ਼ੌਫ਼ ਜਾਂ ਡਰ ਦੇ ਸਾਏ ਹੇਠ ਜੀਣ ਲਈ ਮਜਬੂਰ ਨਾ ਹੋਵੇ।
Get all latest content delivered to your email a few times a month.