IMG-LOGO
ਹੋਮ ਪੰਜਾਬ, ਚੰਡੀਗੜ੍ਹ, ਕਿਸਾਨਾਂ-ਮਜ਼ਦੂਰਾਂ ਦਾ ਸੰਘਰਸ਼ ਹੋਵੇਗਾ ਤੇਜ਼, 7 ਦਸੰਬਰ ਤੋਂ ਚੰਡੀਗੜ੍ਹ 'ਚ...

ਕਿਸਾਨਾਂ-ਮਜ਼ਦੂਰਾਂ ਦਾ ਸੰਘਰਸ਼ ਹੋਵੇਗਾ ਤੇਜ਼, 7 ਦਸੰਬਰ ਤੋਂ ਚੰਡੀਗੜ੍ਹ 'ਚ ਪੱਕਾ ਮੋਰਚਾ ਲਾਉਣ ਦਾ ਐਲਾਨ

Admin User - Oct 17, 2026 04:31 PM
IMG

ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚਾ (KMM) ਨੇ 7 ਦਸੰਬਰ 2026 ਤੋਂ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਕਿਸਾਨ ਭਵਨ, ਚੰਡੀਗੜ੍ਹ ਵਿੱਚ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਮੋਰਚੇ ਦੇ ਆਗੂਆਂ ਨੇ ਪੰਜਾਬ ਸਰਕਾਰ 'ਤੇ ਵਾਅਦਿਆਂ ਤੋਂ ਪਿੱਛੇ ਹਟਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ 15 ਅਕਤੂਬਰ ਤੱਕ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਸੀ, ਪਰ ਹੁਣ ਤੱਕ ਇਨ੍ਹਾਂ ਨੂੰ ਲਾਗੂ ਨਹੀਂ ਕੀਤਾ ਗਿਆ।

ਆਗੂਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ 7 ਦਸੰਬਰ ਤੋਂ ਪਹਿਲਾਂ ਮੀਟਿੰਗ ਬੁਲਾ ਕੇ ਸਾਰੇ ਮਸਲਿਆਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ 'ਤੇ ਕੋਈ ਠੋਸ ਕਾਰਵਾਈ ਨਾ ਹੋਈ ਤਾਂ ਹਜ਼ਾਰਾਂ ਟਰੈਕਟਰ-ਟਰਾਲੀਆਂ ਨਾਲ ਕਿਸਾਨ ਅਤੇ ਮਜ਼ਦੂਰ ਚੰਡੀਗੜ੍ਹ ਪਹੁੰਚ ਕੇ ਅਣਮਿੱਥੇ ਸਮੇਂ ਲਈ ਮੋਰਚਾ ਲਾਉਣਗੇ।

ਕਿਸਾਨ ਮਜ਼ਦੂਰ ਮੋਰਚੇ ਦੀਆਂ ਮੁੱਖ ਮੰਗਾਂ

1. ਪੰਜ ਫ਼ਸਲਾਂ ਦੀ ਖ਼ਰੀਦ ਦੀ ਗਾਰੰਟੀ: ਮੋਰਚੇ ਨੇ ਬਾਸਮਤੀ, ਮੂੰਗੀ, ਮੱਕੀ, ਸਰ੍ਹੋਂ ਅਤੇ ਆਲੂ ਦੀ ਸਰਕਾਰੀ ਖ਼ਰੀਦ ਯਕੀਨੀ ਬਣਾਉਣ ਦੇ ਨਾਲ ਸਵਾਮੀਨਾਥਨ ਕਮਿਸ਼ਨ ਦੇ C2+50 ਫ਼ੀਸਦੀ ਫ਼ਾਰਮੂਲੇ ਅਨੁਸਾਰ ਫ਼ਸਲਾਂ ਦੇ ਭਾਅ ਦੇਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ 23 ਫ਼ਸਲਾਂ ਦੀ ਖ਼ਰੀਦ ਦੀ ਗਾਰੰਟੀ ਦੇਣ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ ਗਿਆ।

2. ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਹੋਣ: ਮੋਰਚੇ ਨੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ੇ ਤੋਂ ਮੁਕਤ ਕਰਨ ਦੀ ਮੰਗ ਕੀਤੀ। ਕਰਜ਼ਾ ਮੁਆਫ਼ ਹੋਣ ਤੱਕ ਸਹਿਕਾਰੀ ਬੈਂਕਾਂ ਅਤੇ ਲੈਂਡ ਮੌਰਗੇਜ ਬੈਂਕਾਂ ਸਮੇਤ ਹੋਰ ਕਰਜ਼ਿਆਂ ਲਈ ਵਨ ਟਾਈਮ ਸੈਟਲਮੈਂਟ (OTS) ਸਕੀਮ ਲਾਗੂ ਕਰਨ ਅਤੇ ਕਰਜ਼ੇ ਕਾਰਨ ਖ਼ੁਦਕੁਸ਼ੀ ਕਰਨ ਵਾਲਿਆਂ ਦੇ ਪਰਿਵਾਰਾਂ ਨੂੰ ਵਾਅਦੇ ਅਨੁਸਾਰ ਪੰਜ ਲੱਖ ਰੁਪਏ ਦੀ ਸਹਾਇਤਾ ਦੇਣ ਦੀ ਮੰਗ ਵੀ ਰੱਖੀ ਗਈ।

3. ਲੈਂਡ ਪੂਲਿੰਗ ਨੀਤੀ ਰੱਦ ਕੀਤੀ ਜਾਵੇ: ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ।

4. ਪੰਜਾਬ ਦੇ ਪਾਣੀਆਂ ਦੇ ਹੱਕ ਦਿੱਤੇ ਜਾਣ: ਮੋਰਚੇ ਨੇ ਰਿਪੇਰੀਅਨ ਸਿਧਾਂਤ ਅਨੁਸਾਰ ਪੰਜਾਬ ਦੇ ਪਾਣੀਆਂ ਦਾ ਮਸਲਾ ਹੱਲ ਕਰਨ ਅਤੇ ਸੰਵਿਧਾਨ ਦੀਆਂ ਧਾਰਾਵਾਂ 78, 79 ਅਤੇ 80 ਨੂੰ ਰੱਦ ਕਰਨ ਦੀ ਮੰਗ ਕੀਤੀ।

5. ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲਏ ਜਾਣ: ਪਰਾਲੀ ਸਾੜਨ ਦੇ ਮਾਮਲਿਆਂ ਸਮੇਤ ਕਿਸਾਨਾਂ ਅਤੇ ਕਿਸਾਨ ਆਗੂਆਂ ਵਿਰੁੱਧ ਦਰਜ ਸਾਰੇ ਕੇਸ ਰੱਦ ਕਰਨ ਅਤੇ ਸ਼ੰਭੂ ਤੇ ਖਨੌਰੀ ਮੋਰਚਿਆਂ ਨਾਲ ਸਬੰਧਤ ਮਸਲਿਆਂ ਦਾ ਨਿਪਟਾਰਾ ਕਰਨ ਦੀ ਮੰਗ ਉਠਾਈ ਗਈ।

6. ਮੁਕਤ ਵਪਾਰ ਸਮਝੌਤਿਆਂ ਅਤੇ ਕੇਂਦਰੀ ਕਾਨੂੰਨਾਂ ਦੀਆਂ ਸੋਧਾਂ ਦਾ ਵਿਰੋਧ: ਮੋਰਚੇ ਨੇ ਭਾਰਤ-ਅਮਰੀਕਾ ਸਮੇਤ ਸਾਰੇ ਮੁਕਤ ਵਪਾਰ ਸਮਝੌਤਿਆਂ ਨੂੰ ਰੱਦ ਕਰਨ ਲਈ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਬਿਜਲੀ ਸੋਧ ਬਿੱਲ, ਬੀਜ ਐਕਟ ਅਤੇ ਸਹਿਕਾਰੀ ਕਾਨੂੰਨ ਵਿੱਚ ਕੇਂਦਰ ਸਰਕਾਰ ਵੱਲੋਂ ਕੀਤੀਆਂ ਸੋਧਾਂ ਵਿਰੁੱਧ ਵੀ ਮਤੇ ਪਾਸ ਕਰਨ ਦੀ ਮੰਗ ਕੀਤੀ ਗਈ।

7. ਭਾਰਤ-ਪਾਕਿਸਤਾਨ ਵਪਾਰਕ ਲਾਂਘਾ ਖੋਲ੍ਹਿਆ ਜਾਵੇ: ਪੰਜਾਬ ਵਿੱਚ ਵਪਾਰਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਭਾਰਤ-ਪਾਕਿਸਤਾਨ ਵਪਾਰਕ ਲਾਂਘਾ ਖੋਲ੍ਹਣ ਦੇ ਹੱਕ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਮਤਾ ਲਿਆਉਣ ਦੀ ਮੰਗ ਕੀਤੀ ਗਈ।

ਕਿਸਾਨ ਮਜ਼ਦੂਰ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਮੰਗਾਂ ਲਾਗੂ ਨਾ ਹੋਣ ਕਾਰਨ ਕਿਸਾਨਾਂ ਅਤੇ ਮਜ਼ਦੂਰਾਂ ਵਿੱਚ ਰੋਸ ਵਧ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਨੂੰ ਮੋਰਚੇ ਤੋਂ ਪਹਿਲਾਂ ਗੱਲਬਾਤ ਰਾਹੀਂ ਮਸਲੇ ਹੱਲ ਕਰਨੇ ਚਾਹੀਦੇ ਹਨ, ਨਹੀਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਪ੍ਰੈੱਸ ਕਾਨਫਰੰਸ ਵਿੱਚ ਸਰਵਣ ਸਿੰਘ ਪੰਧੇਰ, ਲਖਵਿੰਦਰ ਸਿੰਘ ਵਰਿਆਮ ਨੰਗਲ, ਬਲਵੰਤ ਸਿੰਘ ਬਹਿਰਾਮਕੇ, ਬਲਦੇਵ ਸਿੰਘ ਜੀਰਾ, ਲਖਬੀਰ ਸਿੰਘ, ਬਲਕਾਰ ਸਿੰਘ ਬੈਂਸ, ਜੰਗ ਸਿੰਘ ਪਟੇੜੀ, ਗੁਰਧਿਆਨ ਸਿੰਘ, ਮਲਕੀਤ ਸਿੰਘ ਗੁਲਾਮੀ ਵਾਲਾ, ਗੁਰਅਮਨੀਤ ਸਿੰਘ ਮਾਂਗਟ, ਦਿਲਬਾਗ ਸਿੰਘ ਹਰੀਗੜ੍ਹ, ਰਾਜ ਸਿੰਘ ਅਤੇ ਕਿਰਪਾਲ ਸਿੰਘ ਸਮੇਤ ਵੱਖ-ਵੱਖ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.