ਤਾਜਾ ਖਬਰਾਂ
ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਸਿਲਸਿਲੇ ਵਿੱਚ ਚੋਣ ਕਮਿਸ਼ਨ ਦੀ ਟੀਮ 27 ਅਤੇ 28 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰੇਗੀ। ਇਸ ਦੌਰਾਨ ਟੀਮ ਵੱਲੋਂ ਚੋਣਾਂ ਨੂੰ ਸੁਚਾਰੂ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾਵੇਗੀ।
ਦੌਰੇ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵੀ ਮੀਟਿੰਗਾਂ ਕੀਤੀਆਂ ਜਾਣਗੀਆਂ। ਇਨ੍ਹਾਂ ਬੈਠਕਾਂ ਵਿੱਚ ਚੋਣ ਪ੍ਰਬੰਧਾਂ, ਸੁਰੱਖਿਆ ਵਿਵਸਥਾ ਅਤੇ ਚੋਣ ਪ੍ਰਕਿਰਿਆ ਨੂੰ ਬਿਹਤਰ ਬਣਾਉਣ ਲਈ ਸੁਝਾਵਾਂ ’ਤੇ ਵਿਚਾਰ-ਵਟਾਂਦਰਾ ਹੋਵੇਗਾ।
ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਅਪਡੇਟ, ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਤਿਆਰੀ, ਪੋਲਿੰਗ ਬੂਥਾਂ ’ਤੇ ਜ਼ਰੂਰੀ ਸਹੂਲਤਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਜਾਵੇਗਾ। ਇਸ ਦੇ ਨਾਲ ਹੀ ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਦੀ ਸਮੀਖਿਆ ਵੀ ਕੀਤੀ ਜਾਵੇਗੀ।
ਇਸ ਦੌਰੇ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਲਿਹਾਜ਼ ਨਾਲ ਅਹਿਮ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਚੋਣਾਂ ਦੇ ਐਲਾਨ ਅਤੇ ਵੋਟਿੰਗ ਦੀਆਂ ਤਾਰੀਖ਼ਾਂ ਬਾਰੇ ਅੰਤਿਮ ਫ਼ੈਸਲਾ ਭਾਰਤੀ ਚੋਣ ਕਮਿਸ਼ਨ ਵੱਲੋਂ ਹੀ ਲਿਆ ਜਾਵੇਗਾ।
Get all latest content delivered to your email a few times a month.