ਤਾਜਾ ਖਬਰਾਂ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਂਦੀ 20 ਅਕਤੂਬਰ ਨੂੰ ਪੰਜਾਬ ਦੇ ਦੌਰੇ 'ਤੇ ਆ ਰਹੇ ਹਨ। ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 20 ਦਿਨਾਂ ਦੇ ਅੰਦਰ ਕੇਂਦਰੀ ਗ੍ਰਹਿ ਮੰਤਰੀ ਦਾ ਇਹ ਦੂਜਾ ਪੰਜਾਬ ਦੌਰਾ ਹੋਵੇਗਾ। ਆਪਣੇ ਇਸ ਦੌਰੇ ਦੌਰਾਨ ਉਹ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਆਪਣੀ ਜਾਨ ਗੁਆਉਣ ਵਾਲੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਦੁੱਖ ਦਾ ਪ੍ਰਗਟਾਵਾ ਕਰਨਗੇ।
ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰਹਿ ਮੰਤਰੀ ਸਭ ਤੋਂ ਪਹਿਲਾਂ ਮਾਨਸਾ ਵਿਖੇ ਐਂਟੀ-ਡਰੱਗ ਐਕਟਿਵਿਸਟ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਉਹ ਗੁਰਦਾਸਪੁਰ ਲਈ ਰਵਾਨਾ ਹੋਣਗੇ, ਜਿੱਥੇ ਉਹ ਵਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨਗੇ। ਜ਼ਿਕਰਯੋਗ ਹੈ ਕਿ ਮਾਨਸਾ ਵਿੱਚ 13 ਅਕਤੂਬਰ ਨੂੰ ਨਸ਼ੇ ਦਾ ਵਿਰੋਧ ਕਰਨ 'ਤੇ ਇੱਕ ਮੈਡੀਕਲ ਸਟੋਰ ਸੰਚਾਲਕ ਵੱਲੋਂ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਦੇ ਮਹਿਜ਼ ਦੋ ਦਿਨ ਬਾਅਦ 15 ਅਕਤੂਬਰ ਦੀ ਰਾਤ ਨੂੰ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਮਾੜੀ ਪੰਨਵਾਂ ਵਿੱਚ ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਵਿਕਰਮਜੀਤ ਸਿੰਘ ਨੂੰ ਵੀ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ।
ਇਸ ਤੋਂ ਪਹਿਲਾਂ ਅਮਿਤ ਸ਼ਾਹ 30 ਸਤੰਬਰ ਨੂੰ ਜਲੰਧਰ ਆਏ ਸਨ, ਜਿੱਥੇ ਉਨ੍ਹਾਂ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੇ ਸਮਾਪਨ ਸਮਾਰੋਹ 'ਚ ਸ਼ਿਰਕਤ ਕੀਤੀ ਸੀ ਅਤੇ ਨਸ਼ਿਆਂ ਵਿਰੁੱਧ ਰੈਲੀ ਨੂੰ ਸੰਬੋਧਨ ਕੀਤਾ ਸੀ। ਉਸ ਦੌਰਾਨ ਉਨ੍ਹਾਂ ਐਲਾਨ ਕੀਤਾ ਸੀ ਕਿ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ 31 ਦਸੰਬਰ 2029 ਤੱਕ ਪੰਜਾਬ ਨੂੰ ਮੁਕੰਮਲ ਤੌਰ 'ਤੇ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ।
Get all latest content delivered to your email a few times a month.