ਤਾਜਾ ਖਬਰਾਂ
ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਪਣਾ ਰੋਸ ਜ਼ਾਹਰ ਕਰਦਿਆਂ ਕਾਲੀ ਪੱਗ ਬੰਨ੍ਹਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਉਹ ਕਾਲੀ ਪੱਗ ਬੰਨ੍ਹ ਕੇ ਆਪਣਾ ਵਿਰੋਧ ਜਾਰੀ ਰੱਖਣਗੇ। ਉਨ੍ਹਾਂ ਨੇ ਇਸ ਮਾਮਲੇ ਨੂੰ ਪੰਜਾਬ ਦੀ ਕਾਨੂੰਨ ਵਿਵਸਥਾ ਨਾਲ ਜੁੜਿਆ ਗੰਭੀਰ ਮੁੱਦਾ ਦੱਸਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਵੀ ਨਿਸ਼ਾਨਾ ਸਾਧਿਆ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੰਘਰਸ਼ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਮਿਲਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਮੁਤਾਬਕ ਕਾਲੀ ਪੱਗ ਸਰਕਾਰ ਦੀ ਨਾਕਾਮੀ ਖ਼ਿਲਾਫ਼ ਰੋਸ ਦਾ ਪ੍ਰਤੀਕ ਹੈ ਅਤੇ ਭਾਜਪਾ ਇਸ ਸੰਘਰਸ਼ ਵਿੱਚ ਪੀੜਤ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਰਹੇਗੀ।
ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਕੇਵਲ ਸਿੰਘ ਢਿੱਲੋਂ ਮਾਨਸਾ ਵਿੱਚ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲੱਗੇ ਮੋਰਚੇ ਵਿੱਚ ਸ਼ਾਮਲ ਹੋਏ ਸਨ। ਇਸ ਮੌਕੇ ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਸੀ ਕਿ ਇਨਸਾਫ਼ ਮਿਲਣ ਤੱਕ ਕਾਲੀਆਂ ਪੱਗਾਂ, ਕਾਲੀਆਂ ਚੁੰਨੀਆਂ ਅਤੇ ਕਾਲੇ ਝੰਡਿਆਂ ਰਾਹੀਂ ਆਪਣਾ ਵਿਰੋਧ ਦਰਜ ਕਰਵਾਇਆ ਜਾਵੇ। ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਅਤੇ ਮੋਰਚੇ ਵਿੱਚ ਮੌਜੂਦ ਸੰਗਤ ਵੱਲੋਂ ਵੀ ਇਸ ਅਪੀਲ ਨੂੰ ਸਮਰਥਨ ਦਿੱਤਾ ਗਿਆ ਸੀ।
Get all latest content delivered to your email a few times a month.