IMG-LOGO
ਹੋਮ ਪੰਜਾਬ, ਰਾਸ਼ਟਰੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮਾਨਸਾ ਆਉਣ ’ਤੇ ਵਿਰੋਧ...

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮਾਨਸਾ ਆਉਣ ’ਤੇ ਵਿਰੋਧ ਕਰੇਗੀ ਪਰਵਿੰਦਰ ਝੋਟਾ ਐਕਸ਼ਨ ਕਮੇਟੀ

Admin User - Oct 18, 2026 09:26 PM
IMG

ਜੋਗਿੰਦਰ ਸਿੰਘ ਮਾਨ

ਮਾਨਸਾ, 18 ਅਕਤੂਬਰ-

ਐਂਟੀ ਡਰੱਗ ਟਾਸਕ ਫੋਰਸ ਦੇ ਪ੍ਰਮੁੱਖ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਤਲ ਸਬੰਧੀ ਬਣੀ ਐਕਸ਼ਨ ਕਮੇਟੀ ਦੀ ਦੇਰ ਸ਼ਾਮ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 20 ਅਕਤੂਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮਾਨਸਾ ਦੌਰੇ ਵੇਲੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਦਾ ਵਿਰੋਧ ਕੀਤਾ ਜਾਵੇਗਾ।

ਕਮੇਟੀ ਦਾ ਕਹਿਣਾ ਹੈ ਕਿ ਉਹ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਫੌਜੀ ਨੂੰ ਇਸ ਸਬੰਧੀ ਬੇਨਤੀ ਕਰਨਗੇ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਤੋਂ ਦੂਰੀ ਬਣਾਕੇ ਰੱਖਣ।ਕਮੇਟੀ ਦੇ ਇਸ ਫੈਸਲੇ ਤੋਂ ਕਮੇਟੀ ਆਗੂ ਹਰਦੀਪ ਸਿੰਘ ਸਿੱਧੂ ਵੱਲੋਂ ਜਾਣੂ ਕਰਵਾਇਆ ਗਿਆ।

ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਚੱਲ ਰਹੇ ਅੰਦੋਲਨ ਦੀ ਅਗਵਾਈ ਕਰ ਰਹੀ ਐਕਸ਼ਨ ਕਮੇਟੀ ਮਾਨਸਾ ਨੇ ਐਲਾਨ ਕੀਤਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮਾਨਸਾ ਆਉਣ ਦੀ ਸੂਰਤ ਵਿੱਚ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ। ਅਮਿਤ ਸ਼ਾਹ ਦੇ 20 ਅਕਤੂਬਰ ਨੂੰ ਮਾਨਸਾ ਆਉਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ, ਹਾਲਾਂਕਿ ਉਨ੍ਹਾਂ ਦੇ ਦੌਰੇ ਦੀ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ।

ਐਕਸ਼ਨ ਕਮੇਟੀ ਨੇ ਭਾਜਪਾ ਅਤੇ ਕੇਂਦਰ ਸਰਕਾਰ ਦੀ ਨਸ਼ਿਆਂ ਵਿਰੁੱਧ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਦੇਸ਼ ਅੰਦਰ ਨਸ਼ਿਆਂ ਦੇ ਵਧ ਰਹੇ ਪਸਾਰੇ ਨੂੰ ਠੱਲ੍ਹ ਪਾਉਣ ਲਈ ਕੇਂਦਰ ਸਰਕਾਰ ਵੱਲੋਂ ਲੋੜੀਂਦੇ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਗਏ।ਕਮੇਟੀ ਅਨੁਸਾਰ ਨਸ਼ਿਆਂ ਦਾ ਮੁੱਦਾ ਸਿਰਫ਼ ਪੰਜਾਬ ਸਰਕਾਰ ਤੱਕ ਸੀਮਤ ਨਹੀਂ, ਸਗੋਂ ਕੇਂਦਰ ਸਰਕਾਰ ਦੀ ਵੀ ਇਸ ਸਬੰਧੀ ਵੱਡੀ ਜ਼ਿੰਮੇਵਾਰੀ ਬਣਦੀ ਹੈ।

ਇਸ ਦੌਰਾਨ ਐਕਸ਼ਨ ਕਮੇਟੀ ਦੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਪਹਿਲੀ ਮੀਟਿੰਗ ਭਲਕੇ 19 ਅਕਤੂਬਰ ਨੂੰ ਹੋਵੇਗੀ। ਮੀਟਿੰਗ ਦੌਰਾਨ ਕਤਲ ਕਾਂਡ ਦੀ ਜਾਂਚ, ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਨਾਲ ਸਬੰਧਤ ਮੰਗਾਂ ਉਠਾਈਆਂ ਜਾਣਗੀਆਂ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.