ਤਾਜਾ ਖਬਰਾਂ
ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਪਵਨ ਖੇੜਾ ਨੇ ਬੀਤੇ ਦਿਨ ਜਲੰਧਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਕਰੜੇ ਹੱਥੀਂ ਲਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਨਸ਼ਿਆਂ ਦੇ ਮੁੱਦੇ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰਾਂ (50 ਕਿਲੋਮੀਟਰ ਬਾਰਡਰ ਜ਼ੋਨ) ਦੀ ਸੁਰੱਖਿਆ ਅਤੇ ਨਸ਼ਾ ਤਸਕਰੀ ਨੂੰ ਰੋਕਣ ਵਿੱਚ ਕੇਂਦਰ ਦੀਆਂ ਨੀਤੀਆਂ ਪੂਰੀ ਤਰ੍ਹਾਂ ਨਾਕਾਮ ਰਹੀਆਂ ਹਨ।
ਭਾਜਪਾ ਦੀ 'ਡਬਲ ਇੰਜਣ' ਸਰਕਾਰ ਨੂੰ ਘੇਰਦਿਆਂ ਉਨ੍ਹਾਂ ਸਵਾਲ ਕੀਤਾ ਕਿ ਜਿਨ੍ਹਾਂ ਸੂਬਿਆਂ ਵਿੱਚ ਭਾਜਪਾ ਦੀ ਸਰਕਾਰ ਹੈ, ਉੱਥੇ ਨਸ਼ਿਆਂ ਦਾ ਕਾਰੋਬਾਰ ਸਿਖਰ ‘ਤੇ ਕਿਉਂ ਹੈ। ਮੁੰਦਰਾ ਬੰਦਰਗਾਹ ਦਾ ਹਵਾਲਾ ਦਿੰਦਿਆਂ ਉਨ੍ਹਾਂ ਪੁੱਛਿਆ ਕਿ ਉੱਥੇ ਨਸ਼ਿਆਂ ਦੀ ਤਸਕਰੀ ਕਦੋਂ ਬੰਦ ਹੋਵੇਗੀ? ਖੇੜਾ ਨੇ ਦਾਅਵਾ ਕੀਤਾ ਕਿ ਅਮਿਤ ਸ਼ਾਹ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਨਹੀਂ ਕਰ ਸਕਦੇ ਕਿਉਂਕਿ ਇੱਥੋਂ ਦੀ ਜਨਤਾ ਸਾਰੀ ਸੱਚਾਈ ਜਾਣਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਅਤੇ ਪੰਜਾਬ ਸਰਕਾਰ ਆਪਸ ਵਿੱਚ ਦੋਸ਼-ਪ੍ਰਤਿਦੋਸ਼ ਦੀ ਖੇਡ ਖੇਡ ਰਹੀਆਂ ਹਨ, ਜਿਸ ਕਾਰਨ ਆਮ ਜਨਤਾ ਪਿਸ ਰਹੀ ਹੈ।
ਇਸ ਮੌਕੇ ਉਨ੍ਹਾਂ ਪੰਜਾਬ ਕਾਂਗਰਸ ਦੇ ਆਗੂਆਂ ਪਰਗਟ ਸਿੰਘ ਅਤੇ ਸਚਿਨ ਪਾਇਲਟ ਨਾਲ ਮੁਲਾਕਾਤ ਕਰਕੇ ਚੋਣ ਰਣਨੀਤੀ ਅਤੇ ਸੰਗਠਨਾਤਮਕ ਏਕਤਾ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਪਰਗਟ ਸਿੰਘ ਦੀ ਅਗਵਾਈ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪ੍ਰਧਾਨ ਬਣਨ ਨਾਲ ਪਾਰਟੀ ਵਰਕਰਾਂ ਵਿੱਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਦੇਸ਼ ਭਰ ਵਿੱਚ ਚੱਲ ਰਹੇ 'ਵੋਟ ਚੋਰੀ' ਦੇ ਵਿਰੋਧ ਪ੍ਰਦਰਸ਼ਨਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮੁੱਦੇ ‘ਤੇ ਪੂਰੇ ਦੇਸ਼ ਵਿੱਚ ਸੰਘਰਸ਼ ਤੇਜ਼ ਕਰ ਦਿੱਤਾ ਗਿਆ ਹੈ। ਅੰਕਿਤਾ ਭੰਡਾਰੀ ਕਾਂਡ ਦਾ ਹਵਾਲਾ ਦਿੰਦਿਆਂ ਉਨ੍ਹਾਂ ਕੇਂਦਰ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਵੀ ਗੰਭੀਰ ਸਵਾਲ ਖੜ੍ਹੇ ਕੀਤੇ।
Get all latest content delivered to your email a few times a month.