ਤਾਜਾ ਖਬਰਾਂ
ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਅਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਲੜੀ ਤਹਿਤ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅੱਜ ਗੁਰਦਾਸਪੁਰ ਪਹੁੰਚੇ। ਦੌਰੇ ਦੌਰਾਨ ਕਾਂਗਰਸੀ ਆਗੂਆਂ ਨੇ ਸੂਬੇ ਵਿੱਚ ਲਗਾਤਾਰ ਵੱਧ ਰਹੇ ਅਪਰਾਧਾਂ, ਗੈਂਗਸਟਰਵਾਦ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਲੈ ਕੇ ਮੌਜੂਦਾ ਸਰਕਾਰ ਨੂੰ ਘੇਰਿਆ।
ਗੁਰਦਾਸਪੁਰ ਪਹੁੰਚੇ ਸਚਿਨ ਪਾਇਲਟ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੇ ਇਸ ਦੌਰੇ ਦਾ ਮੁੱਖ ਮਕਸਦ ਗੈਂਗਸਟਰਾਂ ਦੀਆਂ ਵਾਰਦਾਤਾਂ ਅਤੇ ਨਸ਼ਿਆਂ ਕਾਰਨ ਆਪਣੇ ਘਰ ਦੇ ਦੀਵੇ ਬੁਝਾ ਚੁੱਕੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਹਾਲਾਤ ਇਸ ਹੱਦ ਤੱਕ ਵਿਗੜ ਚੁੱਕੇ ਹਨ ਕਿ ਗੈਂਗਸਟਰਾਂ ਵੱਲੋਂ ਅਦਾਲਤੀ ਮੁਕੱਦਮਿਆਂ ਦੇ ਗਵਾਹਾਂ ਨੂੰ ਵੀ ਫੋਨ ਕਰਕੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
"ਪੰਜਾਬ ਇਸ ਸਮੇਂ ਚਿੱਟੇ ਦੇ ਨਸ਼ੇ, ਨਾਜਾਇਜ਼ ਹਥਿਆਰਾਂ, ਗੈਂਗਸਟਰਾਂ, ਫਿਰੌਤੀ ਦੀਆਂ ਕਾਲਾਂ ਤੇ ਵਸੂਲੀ ਦੇ ਗੈਰ-ਕਾਨੂੰਨੀ ਨੈੱਟਵਰਕ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਜੋ ਸੂਬੇ ਨੂੰ ਵੱਡੇ ਸੰਕਟ ਵੱਲ ਧੱਕ ਰਹੀਆਂ ਹਨ।"
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ 'ਤੇ ਟਿੱਪਣੀ ਕਰਦਿਆਂ ਸਚਿਨ ਪਾਇਲਟ ਨੇ ਕਿਹਾ ਕਿ ਉਨ੍ਹਾਂ ਦਾ ਸੂਬੇ ਵਿੱਚ ਆਉਣਾ ਸਵਾਗਤਯੋਗ ਹੈ, ਪਰ ਉਨ੍ਹਾਂ ਨੂੰ ਜਨਤਾ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਸਰਹੱਦ ਪਾਰੋਂ ਡਰੋਨਾਂ ਰਾਹੀਂ ਆ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਹੁਣ ਤੱਕ ਕੀ ਠੋਸ ਕਦਮ ਚੁੱਕੇ ਗਏ ਹਨ। ਉਨ੍ਹਾਂ ਬੀਐੱਸਐੱਫ (BSF) ਦਾ ਅਧਿਕਾਰ ਖੇਤਰ 50 ਕਿਲੋਮੀਟਰ ਤੱਕ ਵਧਾਏ ਜਾਣ ਦਾ ਹਵਾਲਾ ਦਿੰਦਿਆਂ ਸਵਾਲ ਕੀਤਾ ਕਿ ਇਸ ਫ਼ੈਸਲੇ ਦੇ ਬਾਵਜੂਦ ਜ਼ਮੀਨੀ ਪੱਧਰ 'ਤੇ ਨਤੀਜੇ ਕਿਉਂ ਨਹੀਂ ਦਿਖਾਈ ਦੇ ਰਹੇ।
ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਡਿਪਟੀ ਕਮਿਸ਼ਨਰ ਦਫ਼ਤਰ 'ਤੇ ਗ੍ਰਨੇਡ ਸੁੱਟੇ ਜਾਣ ਦੀ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਵੀ ਗੈਂਗਸਟਰ ਨਿਸ਼ਾਨ ਜੌੜੀਆਂ ਵੱਲੋਂ ਜ਼ਿੰਮੇਵਾਰੀ ਲੈਣ ਦੇ ਦਾਅਵੇ ਸਾਹਮਣੇ ਆਏ ਹਨ। ਉਨ੍ਹਾਂ ਆਲੋਚਨਾ ਕਰਦਿਆਂ ਕਿਹਾ ਕਿ ਜੇਲ੍ਹਾਂ ਦੇ ਅੰਦਰ ਬੈਠ ਕੇ ਗੈਂਗਸਟਰ ਆਪਣਾ ਨੈੱਟਵਰਕ ਚਲਾ ਰਹੇ ਹਨ ਅਤੇ ਵਿਦੇਸ਼ੀ ਨੰਬਰਾਂ ਤੋਂ ਫੋਨ ਕਰਕੇ ਆਮ ਲੋਕਾਂ ਨੂੰ ਫਿਰੌਤੀਆਂ ਲਈ ਧਮਕਾਇਆ ਜਾ ਰਿਹਾ ਹੈ।
ਰੰਧਾਵਾ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਉਠਾਏ ਅਤੇ ਚਿੰਤਾ ਜਤਾਈ ਕਿ ਗੈਂਗਸਟਰਾਂ ਵੱਲੋਂ ਆਉਣ ਵਾਲੀਆਂ ਚੋਣਾਂ ਲੜਨ ਦੀਆਂ ਤਿਆਰੀਆਂ ਕੀਤੇ ਜਾਣ ਦੀਆਂ ਗੱਲਾਂ ਵੀ ਸਾਹਮਣੇ ਆ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਮੁੰਬਈ ਵਿੱਚ ਅਦਾਕਾਰ ਟਾਈਗਰ ਸ਼ਰਾਫ਼ ਦੀ ਕਾਰ 'ਤੇ ਹੋਈ ਫਾਇਰਿੰਗ ਦੀ ਘਟਨਾ ਦੀ ਵੀ ਨਿੰਦਾ ਕੀਤੀ।
ਕਾਂਗਰਸੀ ਆਗੂਆਂ ਨੇ ਮੰਗ ਕੀਤੀ ਹੈ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਬਹਾਲੀ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਸਾਰੀਆਂ ਧਿਰਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਕਜੁੱਟ ਹੋਣ ਦੀ ਲੋੜ ਹੈ।
Get all latest content delivered to your email a few times a month.