IMG-LOGO
ਹੋਮ ਪੰਜਾਬ: ਧਾਰਮਿਕ ਅਸਥਾਨਾਂ ਨੇੜੇ ਸ਼ਰਾਬ ਦੇ ਠੇਕਿਆਂ ਅਤੇ ਮੀਟ ਦੀਆਂ ਦੁਕਾਨਾਂ...

ਧਾਰਮਿਕ ਅਸਥਾਨਾਂ ਨੇੜੇ ਸ਼ਰਾਬ ਦੇ ਠੇਕਿਆਂ ਅਤੇ ਮੀਟ ਦੀਆਂ ਦੁਕਾਨਾਂ ’ਤੇ ਪਾਬੰਦੀ ਲਗਾਉਣ ਦੀ ਉੱਠੀ ਮੰਗ

Admin User - Oct 20, 2026 11:43 AM
IMG

ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਧਾਰਮਿਕ ਅਸਥਾਨਾਂ ਦੇ ਆਲੇ-ਦੁਆਲੇ ਸ਼ਰਾਬ ਦੇ ਠੇਕਿਆਂ, ਸ਼ਰਾਬ ਦੇ ਅਹਾਤਿਆਂ ਅਤੇ ਮੀਟ ਦੀਆਂ ਦੁਕਾਨਾਂ ਨੂੰ ਲੈ ਕੇ ਵਿਵਾਦ ਇੱਕ ਵਾਰ ਫਿਰ ਚਰਚਾ ਵਿੱਚ ਆ ਗਿਆ ਹੈ। ਸਿੱਖ ਆਗੂ ਬਲਬੀਰ ਸਿੰਘ ਮੁੱਛਲ ਨੇ ਇਸ ਮਾਮਲੇ ਨੂੰ ਲੈ ਕੇ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਇੱਕ ਪਵਿੱਤਰ ਧਾਰਮਿਕ ਸ਼ਹਿਰ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਦੇ ਹਨ। ਅਜਿਹੇ ਵਿੱਚ ਧਾਰਮਿਕ ਮਾਹੌਲ ਦੀ ਮਰਿਆਦਾ ਨੂੰ ਕਾਇਮ ਰੱਖਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ।


ਬਲਬੀਰ ਸਿੰਘ ਮੁੱਛਲ ਨੇ ਕਿਹਾ ਕਿ ਜਦੋਂ ਧਾਰਮਿਕ ਮੌਕਿਆਂ ’ਤੇ ਸ਼ਰਧਾਲੂਆਂ ਦੀ ਗਿਣਤੀ ਕਈ ਗੁਣਾ ਵਧ ਜਾਂਦੀ ਹੈ, ਤਾਂ ਪ੍ਰਸ਼ਾਸਨ ਨੂੰ ਹੋਰ ਵੀ ਵਧੇਰੇ ਚੌਕਸੀ ਵਰਤਣੀ ਚਾਹੀਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਧਾਰਮਿਕ ਅਸਥਾਨਾਂ ਦੇ ਨੇੜੇ ਸ਼ਰਾਬ ਦੇ ਠੇਕਿਆਂ, ਸ਼ਰਾਬ ਦੇ ਅਹਾਤਿਆਂ ਅਤੇ ਮੀਟ ਦੀਆਂ ਦੁਕਾਨਾਂ ਦੀ ਮੌਜੂਦਗੀ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮਾਮਲਿਆਂ ਵਿੱਚ ਸਰਕਾਰ ਨੂੰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸ਼ਹਿਰ ਦੀ ਪਵਿੱਤਰਤਾ ਨੂੰ ਧਿਆਨ ਵਿੱਚ ਰੱਖਦਿਆਂ ਢੁੱਕਵੇਂ ਕਦਮ ਚੁੱਕਣੇ ਚਾਹੀਦੇ ਹਨ।


ਸਿੱਖ ਆਗੂ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ’ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਸਰਕਾਰ ਇੱਕ ਪਾਸੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਗੱਲ ਕਰਦੀ ਹੈ, ਪਰ ਦੂਜੇ ਪਾਸੇ ਸ਼ਰਾਬ ਦੀ ਵਿਕਰੀ ਜਾਰੀ ਹੈ। ਉਨ੍ਹਾਂ ਸ਼ਰਾਬ ਨੂੰ ਵੀ ਇੱਕ ਨਸ਼ਾ ਦੱਸਦਿਆਂ ਕਿਹਾ ਕਿ ਇਸ ਦੀ ਵਰਤੋਂ ਸਿਹਤ ਲਈ ਹਾਨੀਕਾਰਕ ਹੈ ਅਤੇ ਇਸ ਦੇ ਮਾੜੇ ਪ੍ਰਭਾਵ ਪਰਿਵਾਰਾਂ ਅਤੇ ਸਮਾਜ ’ਤੇ ਵੀ ਪੈ ਸਕਦੇ ਹਨ।


ਉਨ੍ਹਾਂ ਕਿਹਾ ਕਿ ਸ਼ਰਾਬ ਦੇ ਨਸ਼ੇ ਕਾਰਨ ਕਈ ਵਾਰ ਪਰਿਵਾਰਾਂ ਵਿੱਚ ਝਗੜੇ ਅਤੇ ਗੰਭੀਰ ਅਪਰਾਧਕ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਵੀ ਸਾਹਮਣੇ ਆਉਂਦੀਆਂ ਹਨ। ਇਸ ਲਈ ਸਰਕਾਰ ਨੂੰ ਨਸ਼ਿਆਂ ਦੇ ਖ਼ਾਤਮੇ ਦੀ ਮੁਹਿੰਮ ਵਿੱਚ ਸ਼ਰਾਬ ਦੇ ਮਾੜੇ ਪ੍ਰਭਾਵਾਂ ਨੂੰ ਵੀ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।


ਬਲਬੀਰ ਸਿੰਘ ਮੁੱਛਲ ਨੇ ਮੰਗ ਕੀਤੀ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਧਾਰਮਿਕ ਅਸਥਾਨਾਂ ਦੇ ਨੇੜੇ ਚੱਲ ਰਹੇ ਸ਼ਰਾਬ ਦੇ ਠੇਕਿਆਂ, ਅਹਾਤਿਆਂ ਅਤੇ ਮੀਟ ਦੀਆਂ ਦੁਕਾਨਾਂ ਦੇ ਮਾਮਲੇ ਦੀ ਜਾਂਚ ਕਰਕੇ ਢੁੱਕਵੀਂ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਧਾਰਮਿਕ ਮਾਹੌਲ ਵਿੱਚ ਹੁੱਲੜਬਾਜ਼ੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।


ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਨੇ ਇਸ ਮਾਮਲੇ ਵੱਲ ਧਿਆਨ ਨਾ ਦਿੱਤਾ ਤਾਂ ਸਿੱਖ ਆਗੂ ਸੰਗਤ ਦੇ ਸਹਿਯੋਗ ਨਾਲ ਇਨ੍ਹਾਂ ਗਤੀਵਿਧੀਆਂ ਨੂੰ ਰੋਕਣ ਲਈ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਧਾਰਮਿਕ ਸ਼ਹਿਰ ਦੀ ਮਰਿਆਦਾ ਅਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਦੀ ਰੱਖਿਆ ਕਰਨਾ ਬੇਹੱਦ ਜ਼ਰੂਰੀ ਹੈ ਅਤੇ ਇਸ ਸਬੰਧੀ ਪ੍ਰਸ਼ਾਸਨ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।


Bite: ਬਲਬੀਰ ਸਿੰਘ ਮੁੱਛਲ, ਸਿੱਖ ਆਗੂ

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.