ਤਾਜਾ ਖਬਰਾਂ
ਮਾਨਸਾ, 20 ਅਕਤੂਬਰ: ਸ਼ਹਿਰ ਦੇ ਵਾਰਡ ਨੰਬਰ 5 'ਚ ਅੱਜ ਸਵੇਰੇ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਡੀ.ਸੀ. ਦੇ ਗੰਨਮੈਨ ਵਜੋਂ ਤਾਇਨਾਤ ਪੁਲਿਸ ਮੁਲਾਜ਼ਮ ਗੁਰਵਿੰਦਰ ਸਿੰਘ ਨੇ ਆਪਣੀ ਸਰਵਿਸ ਪਿਸਤੌਲ ਨਾਲ ਆਪਣੀ ਪਤਨੀ ਅਤੇ ਦੋ ਪੁੱਤਰਾਂ 'ਤੇ ਗੋਲੀਆਂ ਚਲਾਉਣ ਤੋਂ ਬਾਅਦ ਖੁਦ ਨੂੰ ਵੀ ਗੋਲੀ ਮਾਰ ਲਈ।
ਇਸ ਘਟਨਾ 'ਚ ਪੁਲਿਸ ਮੁਲਾਜ਼ਮ ਗੁਰਵਿੰਦਰ ਸਿੰਘ ਅਤੇ ਉਸ ਦੇ ਪੁੱਤਰ ਜੋਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਹਰਪ੍ਰੀਤ ਕੌਰ ਅਤੇ ਦੂਜਾ ਪੁੱਤਰ ਦਿਲਸ਼ਾਨ ਗੰਭੀਰ ਜ਼ਖਮੀ ਹੋ ਗਏ।
ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਦੋ ਦਿਨ ਦੀ ਛੁੱਟੀ ਲੈ ਕੇ ਘਰ ਆਇਆ ਹੋਇਆ ਸੀ। ਕੁਝ ਦਿਨ ਪਹਿਲਾਂ ਹੀ ਪਰਿਵਾਰ ਨਵੇਂ ਘਰ 'ਚ ਸ਼ਿਫਟ ਹੋਇਆ ਸੀ। ਸਵੇਰੇ ਗੋਲੀ ਲੱਗਣ ਨਾਲ ਜ਼ਖਮੀ ਹੋਈ ਹਰਪ੍ਰੀਤ ਕੌਰ ਘਰੋਂ ਬਾਹਰ ਆ ਗਈ, ਜਿਸ ਨੂੰ ਜਾਂਦੇ ਹੋਏ ਇਕ ਰਾਹਗੀਰ ਨੇ ਦੇਖਿਆ ਅਤੇ ਆਂਢ-ਗੁਆਂਢ ਨੂੰ ਸੂਚਿਤ ਕੀਤਾ।
ਮੌਕੇ 'ਤੇ ਪਹੁੰਚੀ ਪੁਲਿਸ ਨੂੰ ਸਰਵਿਸ ਪਿਸਤੌਲ ਨੇੜੇ ਹੀ ਪਿਆ ਮਿਲਿਆ। ਹਰਪ੍ਰੀਤ ਕੌਰ ਦੇ ਪੇਟ 'ਚ ਗੋਲੀ ਲੱਗੀ ਹੈ।
ਜ਼ਖਮੀਆਂ ਨੂੰ ਪਹਿਲਾਂ ਸਿਵਲ ਹਸਪਤਾਲ ਮਾਨਸਾ ਲਿਆਂਦਾ ਗਿਆ, ਜਿੱਥੋਂ ਹਾਲਤ ਗੰਭੀਰ ਹੋਣ ਕਾਰਨ ਦੋਵਾਂ ਨੂੰ ਦੂਸਰੇ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਐੱਸ.ਐੱਸ.ਪੀ. ਮਾਨਸਾ ਵੈਭਵ ਚੌਧਰੀ ਅਤੇ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚੀ। ਐੱਸ.ਐੱਸ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ 'ਚ ਪਰਿਵਾਰਕ ਵਿਵਾਦ ਸਾਹਮਣੇ ਆ ਰਿਹਾ ਹੈ, ਪਰ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਇਲਾਕੇ 'ਚ ਇਸ ਘਟਨਾ ਤੋਂ ਬਾਅਦ ਸੋਗ ਦਾ ਮਾਹੌਲ ਹੈ।
Get all latest content delivered to your email a few times a month.