ਤਾਜਾ ਖਬਰਾਂ
ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਨੇ ਪਠਾਨਕੋਟ ਜ਼ਿਲ੍ਹੇ ਦੇ ਥਾਣਾ ਧਾਰ ਕਲਾਂ ਵਿੱਚ ਤਾਇਨਾਤ ਐਸ.ਐਚ.ਓ. ਇੰਸਪੈਕਟਰ ਗੁਲਸ਼ਨ ਕੁਮਾਰ ਨੂੰ 1 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ’ਤੇ ਇੱਕ ਸ਼ਿਕਾਇਤਕਰਤਾ ਤੋਂ ਕੇਸ ਵਿੱਚੋਂ ਉਸ ਦਾ ਨਾਮ ਹਟਾਉਣ ਦੇ ਬਦਲੇ ਰਿਸ਼ਵਤ ਮੰਗਣ ਦਾ ਦੋਸ਼ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ, ਇਹ ਕਾਰਵਾਈ ਅੰਮ੍ਰਿਤਸਰ ਦੇ ਇੱਕ ਸੇਵਾਮੁਕਤ ਐਲ.ਆਈ.ਸੀ. ਮੈਨੇਜਰ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਛੋਟੇ ਭਰਾ ਦੇ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਢਾਂਗੂ ਸਾਰਾ ਸਥਿਤ ਮਧੂਬਨ ਰੈਸਟੋਰੈਂਟ ਵਿੱਚ ਹੋਏ ਝਗੜੇ ਤੋਂ ਬਾਅਦ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਵਿੱਚ ਉਸ ਦਾ ਨਾਮ ਵੀ ਸ਼ੱਕੀ ਵਜੋਂ ਸ਼ਾਮਲ ਸੀ।
ਦੋਸ਼ ਹੈ ਕਿ ਐਸ.ਐਚ.ਓ. ਨੇ ਕੇਸ ਵਿੱਚੋਂ ਸ਼ਿਕਾਇਤਕਰਤਾ ਦਾ ਨਾਮ ਹਟਾਉਣ ਲਈ ਪਹਿਲਾਂ 5 ਲੱਖ ਰੁਪਏ ਦੀ ਮੰਗ ਕੀਤੀ ਸੀ। ਬਾਅਦ ਵਿੱਚ ਗੱਲਬਾਤ ਤੋਂ ਬਾਅਦ 2.50 ਲੱਖ ਰੁਪਏ ਦੀ ਰਕਮ ਕਿਸ਼ਤਾਂ ਵਿੱਚ ਦੇਣੀ ਤੈਅ ਹੋਈ, ਜਿਸ ਦੀ ਪਹਿਲੀ ਕਿਸ਼ਤ ਵਜੋਂ 1 ਲੱਖ ਰੁਪਏ ਦਿੱਤੇ ਜਾਣੇ ਸਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਗੱਲਬਾਤ ਰਿਕਾਰਡ ਕਰਕੇ ਵਿਜੀਲੈਂਸ ਬਿਊਰੋ ਦੇ ਅੰਮ੍ਰਿਤਸਰ ਰੇਂਜ ਦਫ਼ਤਰ ਨਾਲ ਸੰਪਰਕ ਕੀਤਾ।
ਸ਼ਿਕਾਇਤ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਯੂਨਿਟ ਪਠਾਨਕੋਟ ਨੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਕਾਰਵਾਈ ਕਰਦਿਆਂ ਇੰਸਪੈਕਟਰ ਗੁਲਸ਼ਨ ਕੁਮਾਰ ਨੂੰ ਕਥਿਤ ਤੌਰ ’ਤੇ ਰਿਸ਼ਵਤ ਦੀ ਰਕਮ ਲੈਂਦਿਆਂ ਕਾਬੂ ਕਰ ਲਿਆ ਅਤੇ ਪੈਸੇ ਵੀ ਬਰਾਮਦ ਕਰ ਲਏ। ਇਸ ਮਾਮਲੇ ਵਿੱਚ ਮੁਲਜ਼ਮ ਵਿਰੁੱਧ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Get all latest content delivered to your email a few times a month.