ਤਾਜਾ ਖਬਰਾਂ
ਆਮ ਆਦਮੀ ਪਾਰਟੀ (AAP) ਨੇ ਮੰਗਲਵਾਰ ਨੂੰ ਕੇਂਦਰ ਸਰਕਾਰ 'ਤੇ ਗੰਭੀਰ ਦੋਸ਼ ਲਗਾਉਂਦਿਆਂ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਏਅਰਪੋਰਟ 'ਤੇ ਕਰੀਬ ਤਿੰਨ ਘੰਟੇ ਤੱਕ ਰੋਕ ਕੇ ਰੱਖਿਆ ਗਿਆ। ਪਾਰਟੀ ਅਨੁਸਾਰ, ਪੈਰਿਸ ਤੋਂ ਵਾਪਸ ਪਰਤਣ ਤੋਂ ਬਾਅਦ ਅਧਿਕਾਰੀਆਂ ਨੇ ਮੁੱਖ ਮੰਤਰੀ ਦਾ 50 ਹਜ਼ਾਰ ਰੁਪਏ ਦਾ ਚਲਾਨ ਵੀ ਕੱਟਿਆ। ਦਾਅਵਾ ਕੀਤਾ ਜਾ ਰਿਹਾ ਹੈ ਕਿ ਅਧਿਕਾਰੀਆਂ ਨੇ ਇਸ ਕਾਰਵਾਈ ਪਿੱਛੇ "ਉੱਚ ਅਧਿਕਾਰੀਆਂ ਵੱਲੋਂ ਭਾਰੀ ਦਬਾਅ" ਹੋਣ ਦੀ ਗੱਲ ਕਹੀ ਹੈ।
ਪੰਜਾਬ 'ਆਪ' ਦੇ ਮੀਡੀਆ ਪ੍ਰਭਾਰੀ ਬਲਤੇਜ ਪੰਨੂ ਨੇ ਇਸ ਘਟਨਾ ਨੂੰ ਕੇਂਦਰ ਸਰਕਾਰ ਵੱਲੋਂ ਮੁੱਖ ਮੰਤਰੀ ਮਾਨ ਦੇ ਵਿਦੇਸ਼ੀ ਦੌਰਿਆਂ ਦੀ ਇਜਾਜ਼ਤ 'ਚ ਵਾਰ-ਵਾਰ ਪੈਦਾ ਕੀਤੀਆਂ ਜਾ ਰਹੀਆਂ ਰੁਕਾਵਟਾਂ ਨਾਲ ਜੋੜਿਆ ਹੈ। ਉਨ੍ਹਾਂ ਸੋਸ਼ਲ ਮੀਡੀਆ 'X' (ਪਹਿਲਾਂ ਟਵਿੱਟਰ) 'ਤੇ ਵੀਡੀਓ ਸਾਂਝੀ ਕਰਦਿਆਂ ਦੱਸਿਆ ਕਿ ਸ਼ੁਰੂ ਵਿੱਚ ਅਧਿਕਾਰੀਆਂ ਨੇ ਸਾਮਾਨ ਆਉਣ ਜਾਂ ਜਾਂਚ ਵਿੱਚ ਦੇਰੀ ਦਾ ਬਹਾਨਾ ਬਣਾਇਆ। ਪਰ ਜਦੋਂ ਸੀਐੱਮ ਮਾਨ ਦਾ ਸਾਮਾਨ ਗੱਡੀ ਵਿੱਚ ਲੋਡ ਹੋ ਚੁੱਕਾ ਸੀ ਅਤੇ ਉਹ ਰਵਾਨਾ ਹੋਣ ਵਾਲੇ ਸਨ, ਤਦ ਅਧਿਕਾਰੀਆਂ ਨੇ ਉੱਪਰੋਂ ਦਬਾਅ ਹੋਣ ਦਾ ਹਵਾਲਾ ਦਿੰਦਿਆਂ ਚਲਾਨ ਕੱਟ ਦਿੱਤਾ।
ਬਲਤੇਜ ਪੰਨੂ ਨੇ ਕੇਂਦਰ ਸਰਕਾਰ 'ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਵਿਤਕਰਾ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਮਾਨ ਪੰਜਾਬ ਦੇ ਉਤਪਾਦਾਂ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਪੈਰਿਸ ਵਿੱਚ ਆਯੋਜਿਤ 'SIAL ਫੂਡ ਟ੍ਰੇਡ ਐਗਜ਼ੀਬਿਸ਼ਨ' (17 ਤੋਂ 21 ਅਕਤੂਬਰ) ਵਿੱਚ ਸ਼ਾਮਲ ਹੋਣ ਗਏ ਸਨ। ਉਨ੍ਹਾਂ ਦਾਅਵਾ ਕੀਤਾ ਕਿ ਹਾਈ ਕੋਰਟ ਦੇ ਸਪੱਸ਼ਟ ਨਿਰਦੇਸ਼ਾਂ ਦੇ ਬਾਵਜੂਦ ਪੈਰਿਸ ਵਿੱਚ ਭਾਰਤੀ ਕੌਂਸੁਲ ਜਨਰਲ ਮੁੱਖ ਮੰਤਰੀ ਨੂੰ ਮਿਲਣ ਤੱਕ ਨਹੀਂ ਆਏ। ਜ਼ਿਕਰਯੋਗ ਹੈ ਕਿ ਕੇਂਦਰ ਵੱਲੋਂ ਇਜਾਜ਼ਤ ਨਾ ਮਿਲਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭਗਵੰਤ ਮਾਨ ਨੂੰ ਫਰਾਂਸ ਦੌਰੇ ਦੀ ਮਨਜ਼ੂਰੀ ਦਿੱਤੀ ਸੀ।
ਇਸ ਪੂਰੇ ਮਾਮਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਦਿੱਲੀ ਦੇ ਸਾਬਕਾ ਮੰਤਰੀ ਸੌਰਭ ਭਾਰਦਵਾਜ ਨੇ ਵੀ 'X' 'ਤੇ ਲਿਖਿਆ ਕਿ ਜਿਸ ਤਰ੍ਹਾਂ ਦੁਸਹਿਰੇ 'ਤੇ ਰਾਵਣ ਦਾ ਘਮੰਡ ਖ਼ਤਮ ਹੋਇਆ ਸੀ, ਉਸੇ ਤਰ੍ਹਾਂ ਕੇਂਦਰ ਸਰਕਾਰ ਦਾ ਅਹੰਕਾਰ ਵੀ ਜਲਦ ਟੁੱਟਣਾ ਚਾਹੀਦਾ ਹੈ।
Get all latest content delivered to your email a few times a month.