IMG-LOGO
ਹੋਮ ਪੰਜਾਬ: ਅੱਧਾ ਕਿੱਲੋ ਅਫੀਮ ਸਮੇਤ ਪੰਜਾਬ ਪੁਲਿਸ ਦਾ ਕਾਂਸਟੇਬਲ 2 ਸਾਥੀਆਂ...

ਅੱਧਾ ਕਿੱਲੋ ਅਫੀਮ ਸਮੇਤ ਪੰਜਾਬ ਪੁਲਿਸ ਦਾ ਕਾਂਸਟੇਬਲ 2 ਸਾਥੀਆਂ ਸਮੇਤ ਗ੍ਰਿਫ਼ਤਾਰ; ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਦੀ ਸੁਰੱਖਿਆ 'ਚ ਸੀ ਤਾਇਨਾਤ

Admin User - Oct 21, 2026 10:31 AM
IMG

ਤਰਨਤਾਰਨ: ਬੀਐੱਸਐੱਫ (BSF) ਅਤੇ ਥਾਣਾ ਖਾਲੜਾ ਪੁਲਿਸ ਦੀ ਸਾਂਝੀ ਕਾਰਵਾਈ ਦੌਰਾਨ ਬਾਸਰਕੇ ਅੱਡੇ 'ਤੇ ਨਾਕਾਬੰਦੀ ਵੇਲੇ ਇੱਕ ਬਲੈਰੋ ਗੱਡੀ ਵਿੱਚੋਂ 525 ਗ੍ਰਾਮ ਅਫੀਮ ਬਰਾਮਦ ਕੀਤੀ ਗਈ ਹੈ। ਇਸ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਇੱਕ ਕਾਂਸਟੇਬਲ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਫੜੇ ਗਏ ਕਾਂਸਟੇਬਲ ਦੀ ਪਛਾਣ ਅਮਰਜੀਤ ਸਿੰਘ ਵਜੋਂ ਹੋਈ ਹੈ, ਜਦਕਿ ਉਸ ਦੇ ਦੋ ਸਾਥੀਆਂ ਦੀ ਪਛਾਣ ਕੁਲਦੀਪ ਸਿੰਘ ਅਤੇ ਜਗਬੀਰ ਸਿੰਘ ਵਜੋਂ ਹੋਈ ਹੈ। ਤਿੰਨੇ ਮੁਲਜ਼ਮ ਜ਼ਿਲ੍ਹਾ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ। ਜਾਣਕਾਰੀ ਸਾਹਮਣੇ ਆਈ ਹੈ ਕਿ ਕਾਂਸਟੇਬਲ ਅਮਰਜੀਤ ਸਿੰਘ ਜ਼ੀਰਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਸੁਰੱਖਿਆ ਵਿੱਚ ਤਾਇਨਾਤ ਸੀ।


ਘਟਨਾ ਸਾਹਮਣੇ ਆਉਣ ਤੋਂ ਬਾਅਦ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਸਫ਼ਾਈ ਦਿੱਤੀ ਹੈ ਕਿ ਉਕਤ ਕਾਂਸਟੇਬਲ ਨੂੰ ਮਹਿਜ਼ ਤਿੰਨ ਦਿਨ ਪਹਿਲਾਂ ਹੀ ਉਨ੍ਹਾਂ ਦੀ ਸੁਰੱਖਿਆ ਡਿਊਟੀ 'ਤੇ ਲਾਇਆ ਗਿਆ ਸੀ। ਉਨ੍ਹਾਂ ਦਾ ਪਿਛਲਾ ਗੰਨਮੈਨ ਬਿਮਾਰ ਹੋਣ ਕਾਰਨ ਅਮਰਜੀਤ ਨੂੰ ਡਿਊਟੀ ਸੌਂਪੀ ਗਈ ਸੀ।


ਸਾਬਕਾ ਵਿਧਾਇਕ ਨੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਅਮਰਜੀਤ ਰਿਪੋਰਟ ਕਰਨ ਤੋਂ ਸਿਰਫ਼ ਇੱਕ ਘੰਟਾ ਬਾਅਦ ਹੀ ਡਿਊਟੀ ਤੋਂ ਕਤਰਾਉਣ ਲੱਗਾ ਅਤੇ ਬਿਨਾਂ ਕੋਈ ਸੂਚਨਾ ਦਿੱਤੇ ਚਲਾ ਗਿਆ। ਉਨ੍ਹਾਂ ਦਾ ਦਾਅਵਾ ਹੈ ਕਿ ਰਾਜ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੇ ਜਾਣਬੁੱਝ ਕੇ ਇਸ ਕਾਂਸਟੇਬਲ ਨੂੰ ਉਨ੍ਹਾਂ ਦੀ ਸੁਰੱਖਿਆ ਵਿੱਚ ਭੇਜਿਆ ਸੀ ਤਾਂ ਜੋ ਉਨ੍ਹਾਂ ਨੂੰ ਕਿਸੇ ਫ਼ਰਜ਼ੀ ਮੁਕਾਬਲੇ ਵਿੱਚ ਫਸਾਇਆ ਜਾ ਸਕੇ। ਉਨ੍ਹਾਂ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਪਰਿਵਾਰ ਨੂੰ ਕੋਈ ਨੁਕਸਾਨ ਪਹੁੰਚਦਾ ਹੈ, ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪੁਲਿਸ ਵਿਭਾਗ ਦੀ ਹੋਵੇਗੀ।

ਨੋਟ: ਸਾਬਕਾ ਵਿਧਾਇਕ ਵੱਲੋਂ ਲਗਾਏ ਗਏ ਇਨ੍ਹਾਂ ਦੋਸ਼ਾਂ ਦੀ ਕਿਸੇ ਸੁਤੰਤਰ ਸਰੋਤ ਤੋਂ ਪੁਸ਼ਟੀ ਨਹੀਂ ਹੋ ਸਕੀ ਹੈ। ਪੁਲਿਸ ਵੱਲੋਂ ਮਾਮਲੇ ਦੀ ਅੱਗੇ ਦੀ ਜਾਂਚ ਜਾਰੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.