ਤਾਜਾ ਖਬਰਾਂ
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਚਿਤਾਵਨੀ ਅਨੁਸਾਰ ਅੱਜ ਤੋਂ ਸੂਬੇ ਭਰ ਵਿੱਚ ਮੁਕੰਮਲ ਹੜਤਾਲ ਸ਼ੁਰੂ ਹੋ ਗਈ ਹੈ। ਠੇਕੇਦਾਰੀ ਸਿਸਟਮ ਨੂੰ ਖ਼ਤਮ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਯੂਨੀਅਨ ਵੱਲੋਂ ਇਹ ਸਖ਼ਤ ਕਦਮ ਚੁੱਕਿਆ ਗਿਆ ਹੈ।
ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੁੱਖ ਮੰਗਾਂ—ਜਿਵੇਂ ਕਿ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਲੈਣਾ, ਪਨਬੱਸ ਵਿੱਚ ਸਰਵਿਸ ਰੂਲ ਬਣਾਉਣਾ ਅਤੇ ਸੰਘਰਸ਼ਾਂ ਦੌਰਾਨ ਦਰਜ ਕੇਸ ਰੱਦ ਕਰਨਾ—ਨੂੰ ਅਮਲੀ ਜਾਮਾ ਨਹੀਂ ਪਹਿਨਾਉਂਦੀ, ਉਦੋਂ ਤੱਕ ਇਹ ਸੰਘਰਸ਼ ਅਣਮਿਥੇ ਸਮੇਂ ਲਈ ਜਾਰੀ ਰਹੇਗਾ।
ਹੜਤਾਲ ਦੇ ਸਖ਼ਤ ਰੁਖ਼ ਨੂੰ ਵੇਖਦਿਆਂ ਪੰਜਾਬ ਸਰਕਾਰ ਵੀ ਹਰਕਤ ਵਿੱਚ ਆ ਗਈ ਹੈ। ਅੱਜ ਸਵੇਰੇ ਕਰੀਬ 11 ਵਜੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਯੂਨੀਅਨ ਆਗੂਆਂ ਦੀ ਅਹਿਮ ਮੀਟਿੰਗ ਤੈਅ ਕੀਤੀ ਗਈ ਹੈ। ਹਾਲਾਂਕਿ ਪਹਿਲਾਂ ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਵਿੱਚ ਹੋਣੀ ਸੀ, ਪਰ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਇਸ ਦੀ ਸਥਾਨਕ ਤਬਦੀਲੀ ਕੀਤੀ ਗਈ ਹੈ। ਇਸ ਮੀਟਿੰਗ ਦੇ ਨਤੀਜਿਆਂ 'ਤੇ ਹੀ ਹੜਤਾਲ ਦੇ ਅੱਗੇ ਵਧਣ ਜਾਂ ਖ਼ਤਮ ਹੋਣ ਦਾ ਫ਼ੈਸਲਾ ਨਿਰਭਰ ਕਰੇਗਾ।
ਆਮ ਲੋਕਾਂ ਅਤੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ
ਸਰਕਾਰੀ ਬੱਸਾਂ ਦਾਾ ਚੱਕਾ ਜਾਮ ਹੋਣ ਕਾਰਨ ਰੋਜ਼ਾਨਾ ਸਫ਼ਰ ਕਰਨ ਵਾਲੇ ਮੁਸਾਫ਼ਰਾਂ, ਦਫ਼ਤਰੀ ਕਰਮਚਾਰੀਆਂ ਅਤੇ ਵਿਦਿਆਰਥੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਬੇ ਦੇ ਵੱਖ-ਵੱਖ ਬੱਸ ਸਟੈਂਡਾਂ 'ਤੇ ਯਾਤਰੀ ਖੱਜਲ-ਖੁਆਰ ਹੁੰਦੇ ਨਜ਼ਰ ਆਏ, ਜਿਨ੍ਹਾਂ ਨੂੰ ਮਜਬੂਰਨ ਨਿੱਜੀ ਜਾਂ ਬਦਲਵੇਂ ਸਾਧਨਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ।
ਪ੍ਰਸ਼ਾਸਨ ਵੱਲੋਂ ਅਜੇ ਤੱਕ ਸਪੱਸ਼ਟ ਨਹੀਂ ਕੀਤਾ ਗਿਆ ਕਿ ਕਿਹੜੇ-ਕਿਹੜੇ ਡਿਪੂਆਂ ਤੋਂ ਕਿੰਨੇ ਫ਼ੀਸਦੀ ਬੱਸਾਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ। ਸਫ਼ਰ ਕਰਨ ਤੋਂ ਪਹਿਲਾਂ ਯਾਤਰੀਆਂ ਨੂੰ ਸਬੰਧਤ ਬੱਸ ਡਿਪੂ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਗਈ ਹੈ। ਜੇਕਰ ਅੱਜ ਦੀ ਮੀਟਿੰਗ ਵਿੱਚ ਕੋਈ ਸਹਿਮਤੀ ਨਹੀਂ ਬਣਦੀ, ਤਾਂ ਯੂਨੀਅਨ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਵਿਧਾਨ ਸਭਾ ਸੈਸ਼ਨ ਦਾ ਘਿਰਾਓ ਕਰਨ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪੱਕਾ ਧਰਨਾ ਦੇਣ ਦੀ ਵੀ ਚਿਤਾਵਨੀ ਦਿੱਤੀ ਗਈ ਹੈ।
Get all latest content delivered to your email a few times a month.