ਤਾਜਾ ਖਬਰਾਂ
ਬਰਨਾਲਾ ਦੇ ਪਿੰਡ ਸੇਖਾ ਵਿੱਚ ਗੁਰਦੀਪ ਸਿੰਘ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਵੱਡਾ ਖੁਲਾਸਾ ਕਰਦਿਆਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਪੁਲਿਸ ਮੁਤਾਬਕ, ਗੁਰਦੀਪ ਸਿੰਘ 16 ਅਕਤੂਬਰ ਨੂੰ ਡਿਊਟੀ ਲਈ ਘਰੋਂ ਨਿਕਲਿਆ ਸੀ, ਪਰ ਵਾਪਸ ਨਹੀਂ ਪਰਤਿਆ। ਪਰਿਵਾਰ ਵੱਲੋਂ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕੀਤੀ।
ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਗੁਰਦੀਪ ਸਿੰਘ ਆਪਣੀ ਭਰਜਾਈ ਨਿੱਕੀ ਕੌਰ ਉਰਫ਼ ਰਮਨ ਅਤੇ ਜਗਦੇਵ ਸਿੰਘ ਉਰਫ਼ ਦੇਬੀ ਦੇ ਕਥਿਤ ਪ੍ਰੇਮ ਸਬੰਧਾਂ ਦਾ ਵਿਰੋਧ ਕਰਦਾ ਸੀ। ਪੁਲਿਸ ਅਨੁਸਾਰ, ਇਸੇ ਰੰਜਿਸ਼ ਕਾਰਨ ਉਸ ਨੂੰ ਅਗਵਾ ਕਰਕੇ ਕਤਲ ਕਰਨ ਦੀ ਸਾਜ਼ਿਸ਼ ਰਚੀ ਗਈ। ਜਾਂਚ ਟੀਮਾਂ ਨੇ ਸੀਸੀਟੀਵੀ ਫੁਟੇਜ ਅਤੇ ਤਕਨੀਕੀ ਸਬੂਤਾਂ ਦੀ ਮਦਦ ਨਾਲ ਮਾਮਲੇ ਦੀ ਗੁੱਥੀ ਸੁਲਝਾਈ।
ਮੁੱਖ ਮੁਲਜ਼ਮ ਜਗਦੇਵ ਸਿੰਘ ਦੀ ਨਿਸ਼ਾਨਦੇਹੀ ’ਤੇ ਪਿੰਡ ਸ਼ਹਿਣਾ ਨੇੜੇ ਨਹਿਰ ਵਿੱਚੋਂ ਗੁਰਦੀਪ ਸਿੰਘ ਦੀ ਲਾਸ਼ ਬਰਾਮਦ ਕੀਤੀ ਗਈ। ਪੁਲਿਸ ਨੇ ਵਾਰਦਾਤ ਵਿੱਚ ਵਰਤੀ ਗਈ ਸਵਿਫ਼ਟ ਕਾਰ ਵੀ ਕਬਜ਼ੇ ਵਿੱਚ ਲੈ ਲਈ ਹੈ। ਇਸ ਮਾਮਲੇ ਵਿੱਚ ਕੁੱਲ ਛੇ ਮੁਲਜ਼ਮ ਨਾਮਜ਼ਦ ਹਨ, ਜਿਨ੍ਹਾਂ ਵਿੱਚੋਂ ਚਾਰ ਪੁਲਿਸ ਦੀ ਗ੍ਰਿਫ਼ਤ ਵਿੱਚ ਹਨ, ਜਦਕਿ ਬਾਕੀ ਦੋ ਦੀ ਭਾਲ ਜਾਰੀ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
Get all latest content delivered to your email a few times a month.