ਤਾਜਾ ਖਬਰਾਂ
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਅੱਜ ਇੱਕ ਪੁਰਾਣੇ ਮਾਣਹਾਨੀ ਮਾਮਲੇ ਦੇ ਸਿਲਸਿਲੇ ਵਿੱਚ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਹੋਏ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੇ ਗਏ ਇਸ ਮਾਮਲੇ ਵਿੱਚ ਉਨ੍ਹਾਂ ਧਾਰਾ 313 ਤਹਿਤ ਆਪਣਾ ਬਿਆਨ ਦਰਜ ਕਰਵਾਇਆ। ਅਦਾਲਤੀ ਕਾਰਵਾਈ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਜੇ ਸਿੰਘ ਨੇ ਨਿਆਂਪਾਲਿਕਾ ਪ੍ਰਤੀ ਆਪਣਾ ਪੂਰਾ ਭਰੋਸਾ ਜਤਾਇਆ ਅਤੇ ਉਮੀਦ ਪ੍ਰਗਟਾਈ ਕਿ ਕਰੀਬ 10 ਸਾਲਾਂ ਤੋਂ ਚੱਲ ਰਹੇ ਇਸ ਕੇਸ ਵਿੱਚ ਜਲਦ ਹੀ ਸੱਚਾਈ ਸਾਹਮਣੇ ਆਵੇਗੀ ਅਤੇ ਇਨਸਾਫ਼ ਮਿਲੇਗਾ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 11 ਨਵੰਬਰ ਨੂੰ ਤੈਅ ਕੀਤੀ ਗਈ ਹੈ।
ਪ੍ਰੈੱਸ ਕਾਨਫਰੰਸ ਦੌਰਾਨ ਸੰਜੇ ਸਿੰਘ ਨੇ ਕੇਂਦਰ ਦੀ ਮੋਦੀ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਉੱਤੇ ਤਿੱਖੇ ਹਮਲੇ ਬੋਲੇ। ਉਨ੍ਹਾਂ ਇਲਜ਼ਾਮ ਲਾਇਆ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਈਡੀ (ED) ਅਤੇ ਸੀਬੀਆਈ (CBI) ਵਰਗੀਆਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ਤਾਂ ਜੋ ਵਿਰੋਧੀ ਧਿਰ ਦੇ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ ਵਿੱਚ ‘ਆਪ’ ਸਰਕਾਰ ਨੂੰ ਕਮਜ਼ੋਰ ਕਰਨ ਲਈ ਮੁੱਖ ਮੰਤਰੀ ਅਰਵਿੰਦ ਕੇਵਰੀਵਾਲ, ਮਨੀਸ਼ ਸਿਸੋਦੀਆ, ਸਤੇਂਦਰ ਜੈਨ ਅਤੇ ਉਨ੍ਹਾਂ ਖ਼ੁਦ ਨੂੰ ਫਰਜ਼ੀ ਮਾਮਲਿਆਂ ਵਿੱਚ ਫਸਾ ਕੇ ਜੇਲ੍ਹਾਂ ਵਿੱਚ ਡੱਕਿਆ ਗਿਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਹੁਣ ਇਹੀ ਸਾਜ਼ਿਸ਼ ਪੱਛਮੀ ਬੰਗਾਲ ਅਤੇ ਪੰਜਾਬ ਵਿੱਚ ਵੀ ਦੁਹਰਾਈ ਜਾ ਰਹੀ ਹੈ।
ਸੰਜੇ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਵਾਈ ਅੱਡੇ ‘ਤੇ ਕਥਿਤ ਤੌਰ ‘ਤੇ ਤਿੰਨ ਘੰਟੇ ਤੱਕ ਰੋਕੇ ਜਾਣ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਇਸ ਕਦਮ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੰਦਿਆਂ ਕਿਹਾ ਕਿ ਦੇਸ਼ ਦੇ ਕਿਸੇ ਵੀ ਸੂਬੇ ਦੇ ਚੁਣੇ ਹੋਏ ਮੁੱਖ ਮੰਤਰੀ ਨਾਲ ਅਜਿਹਾ ਸਲੂਕ ਪੂਰੇ ਪੰਜਾਬ, ਇੱਥੋਂ ਦੇ ਲੋਕਾਂ ਅਤੇ ਪੰਜਾਬੀਅਤ ਦਾ ਸਿੱਧਾ ਅਪਮਾਨ ਹੈ।
ਪੰਜਾਬ ਵਿੱਚ ਨਸ਼ਿਆਂ ਅਤੇ ਵਿਗੜਦੀ ਕਾਨੂੰਨ-ਵਿਵਸਥਾ ਦੇ ਮੁੱਦੇ ‘ਤੇ ਭਾਜਪਾ ਵੱਲੋਂ ਖੜ੍ਹੇ ਕੀਤੇ ਗਏ ਸਵਾਲਾਂ ਦਾ ਜਵਾਬ ਦਿੰਦਿਆਂ ‘ਆਪ’ ਆਗੂ ਨੇ ਪਲਟਵਾਰ ਕੀਤਾ। ਉਨ੍ਹਾਂ ਗੁਜਰਾਤ ਦੀ ਮੁੰਦਰਾ ਬੰਦਰਗਾਹ ਤੋਂ ਫੜੇ ਗਏ 20,000 ਕਰੋੜ ਰੁਪਏ ਤੋਂ ਵੱਧ ਦੇ ਨਸ਼ੀਲੇ ਪਦਾਰਥਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਐੱਨ.ਆਈ.ਏ. (NIA) ਨੇ ਖ਼ੁਦ ਅਦਾਲਤ ਵਿੱਚ ਮੰਨਿਆ ਸੀ ਕਿ ਉਸ ਪੈਸੇ ਦੀ ਵਰਤੋਂ ਸਰਹੱਦ ਪਾਰ ਅੱਤਵਾਦ ਨੂੰ ਫੰਡਿੰਗ ਕਰਨ ਲਈ ਕੀਤੀ ਜਾ ਰਹੀ ਸੀ।
ਉਨ੍ਹਾਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ‘ਤੇ ਵਰ੍ਹਦਿਆਂ ਕਿਹਾ ਕਿ 2015 ਤੋਂ 2017 ਦੌਰਾਨ ਪੰਜਾਬ ਨੂੰ ਜਾਣਬੁੱਝ ਕੇ ਨਸ਼ਿਆਂ ਦੇ ਦਲਦਲ ਵਿੱਚ ਧੱਕਿਆ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ 96,000 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ।
ਅਖੀਰ ਵਿੱਚ, ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ‘ਆਪ’ ਸਰਕਾਰ ਦੇ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਨੀਤੀਆਂ ਤੋਂ ਖ਼ੁਸ਼ ਹਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਵੱਡੀ ਜਿੱਤ ਦਰਜ ਕਰੇਗੀ।
Get all latest content delivered to your email a few times a month.