ਤਾਜਾ ਖਬਰਾਂ
ਚੰਡੀਗੜ੍ਹ, 22 ਅਕਤੂਬਰ-
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਸਿਕੰਦਰ ਸਿੰਘ ਮਲੂਕਾ ਵੱਲੋਂ ਔਰਤਾਂ ਪ੍ਰਤੀ ਕੀਤੀ ਗਈ ਬੇਹੱਦ ਸ਼ਰਮਨਾਕ ਅਤੇ ਅਪਮਾਨਜਨਕ ਟਿੱਪਣੀ ਦੇ ਵਿਰੋਧ ਵਿੱਚ ਅੱਜ ਆਮ ਆਦਮੀ ਪਾਰਟੀ (ਆਪ) ਨੇ ਲੰਬੀ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ। 'ਆਪ' ਦੀਆਂ ਮਹਿਲਾ ਵਰਕਰਾਂ ਨੇ ਭਾਰੀ ਗਿਣਤੀ ਵਿੱਚ ਇਕੱਠੀਆਂ ਹੋ ਕੇ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਲੰਬੀ ਸਥਿਤ ਰਿਹਾਇਸ਼ ਦੇ ਬਾਹਰ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਅਤੇ ਅਕਾਲੀ ਦਲ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।
ਇਸ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਸਪੱਸ਼ਟ ਸੰਦੇਸ਼ ਦਿੱਤਾ ਕਿ ਔਰਤਾਂ ਦਾ ਅਪਮਾਨ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪ੍ਰਦਰਸ਼ਨਕਾਰੀ ਔਰਤਾਂ ਨੇ ਸਿਕੰਦਰ ਸਿੰਘ ਮਲੂਕਾ ਤੋਂ ਆਪਣੀ ਘਟੀਆ ਟਿੱਪਣੀ ਲਈ ਤੁਰੰਤ ਬਿਨਾਂ ਸ਼ਰਤ ਜਨਤਕ ਮੁਆਫ਼ੀ ਮੰਗਣ ਦੀ ਸਖ਼ਤ ਸ਼ਬਦਾਂ ਵਿੱਚ ਮੰਗ ਕੀਤੀ ਹੈ।
ਪ੍ਰਦਰਸ਼ਨ ਦੀ ਅਗਵਾਈ ਕਰ ਰਹੀਆਂ ਆਮ ਆਦਮੀ ਪਾਰਟੀ ਦੀਆਂ ਮਹਿਲਾ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਹਰਸਿਮਰਤ ਕੌਰ ਬਾਦਲ ਔਰਤਾਂ ਦੇ ਹੱਕਾਂ ਦੀ ਗੱਲ ਕਰਦੇ ਹਨ, ਉੱਥੇ ਹੀ ਦੂਜੇ ਪਾਸੇ ਉਨ੍ਹਾਂ ਦੀ ਹੀ ਪਾਰਟੀ ਦੇ ਸੀਨੀਅਰ ਆਗੂ ਸ਼ਰੇਆਮ ਉਨ੍ਹਾਂ ਦੇ ਸਨਮਾਨ ਨੂੰ ਠੇਸ ਪਹੁੰਚਾ ਰਹੇ ਹਨ। ਇਹ ਅਕਾਲੀ ਦਲ ਦੀ ਦੋਹਰੀ ਮਾਨਸਿਕਤਾ ਅਤੇ ਉਨ੍ਹਾਂ ਦੇ ਅਸਲੀ ਮਹਿਲਾ-ਵਿਰੋਧੀ ਚਿਹਰੇ ਨੂੰ ਬੇਨਕਾਬ ਕਰਦਾ ਹੈ।
ਆਮ ਆਦਮੀ ਪਾਰਟੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਿਕੰਦਰ ਸਿੰਘ ਮਲੂਕਾ ਨੇ ਜਲਦ ਹੀ ਪੰਜਾਬ ਦੀਆਂ ਸਮੂਹ ਔਰਤਾਂ ਤੋਂ ਮੁਆਫ਼ੀ ਨਾ ਮੰਗੀ ਅਤੇ ਅਕਾਲੀ ਦਲ ਨੇ ਉਨ੍ਹਾਂ 'ਤੇ ਕੋਈ ਸਖ਼ਤ ਅਨੁਸ਼ਾਸਨੀ ਕਾਰਵਾਈ ਨਾ ਕੀਤੀ, ਤਾਂ ਇਸ ਅੰਦੋਲਨ ਨੂੰ ਪੂਰੇ ਪੰਜਾਬ ਵਿੱਚ ਹੋਰ ਵੀ ਤੇਜ਼ ਕੀਤਾ ਜਾਵੇਗਾ। 'ਆਪ' ਆਗੂਆਂ ਨੇ ਕਿਹਾ ਕਿ ਔਰਤਾਂ ਦਾ ਸਨਮਾਨ ਆਮ ਆਦਮੀ ਪਾਰਟੀ ਦੀ ਸਰਵਉੱਚ ਤਰਜੀਹ ਹੈ ਅਤੇ ਇਸ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ।
Get all latest content delivered to your email a few times a month.