ਤਾਜਾ ਖਬਰਾਂ
ਹੁਸ਼ਿਆਰਪੁਰ: ਜ਼ਿਲ੍ਹੇ ਦੇ ਪਿੰਡ ਛਾਉਣੀ ਕਲਾਂ ਨੇੜੇ ਨਿਰਮਾਣ ਅਧੀਨ ਨੈਸ਼ਨਲ ਹਾਈਵੇਅ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਕੰਬਾਊ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ 20 ਸਾਲਾ ਕੁੜੀ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਹੈ, ਜਿਸ ਦੀ ਲਾਸ਼ ਸੜਕ ਕਿਨਾਰੇ ਸ਼ੱਕੀ ਹਾਲਾਤਾਂ ਵਿੱਚੋਂ ਮਿਲੀ ਹੈ। ਮ੍ਰਿਤਕਾ ਦੀ ਪਛਾਣ ਨੂਰ ਵਜੋਂ ਬਜਵਾੜਾ ਇਲਾਕੇ ਦੀ ਰਹਿਣ ਵਾਲੀ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਮੌਕੇ 'ਤੇ ਇਕੱਠੇ ਹੋ ਗਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ, ਸੜਕ ਤੋਂ ਲੰਘ ਰਹੇ ਇੱਕ ਰਾਹਗੀਰ ਨੇ ਲਾਸ਼ ਵੇਖ ਕੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਸਥਿਤੀ ਦਾ ਜਾਇਜ਼ਾ ਲਿਆ। ਮੁੱਢਲੀ ਜਾਂਚ ਦੌਰਾਨ ਮ੍ਰਿਤਕਾ ਦੇ ਗਲ 'ਤੇ ਡੂੰਘੇ ਕੱਟ ਅਤੇ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ, ਜਿਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਕਤਲ ਬੇਹੱਦ ਬੇਰਹਿਮੀ ਨਾਲ ਕੀਤਾ ਗਿਆ ਹੈ।
ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਫੋਰੈਂਸਿਕ ਸਾਇੰਸ ਲੈਬਾਰਟਰੀ (FSL) ਦੀ ਟੀਮ ਨੂੰ ਵੀ ਮੌਕੇ 'ਤੇ ਤਾਇਨਾਤ ਕੀਤਾ ਗਿਆ ਹੈ, ਜਿਸ ਨੇ ਲਾਸ਼ ਕੋਲੋਂ ਅਹਿਮ ਸਬੂਤ ਇਕੱਠੇ ਕਰ ਲਏ ਹਨ।
ਜਦੋਂ ਇਸ ਸਬੰਧੀ ਡੀ.ਐਸ.ਪੀ. ਨਾਲ ਗੱਲਬਾਤ ਕੀਤੀ ਗਈ ਅਤੇ ਪੁੱਛਿਆ ਗਿਆ ਕਿ ਕੀ ਇਸ ਵਾਰਦਾਤ ਪਿੱਛੇ ਕਿਸੇ ਗੈਂਗਵਾਰ ਜਾਂ ਕਿਸੇ ਜਾਣਕਾਰ ਵਿਅਕਤੀ ਦਾ ਹੱਥ ਹੋ ਸਕਦਾ ਹੈ, ਤਾਂ ਉਨ੍ਹਾਂ ਕਿਹਾ ਕਿ ਫਿਲਹਾਲ ਕਿਸੇ ਵੀ ਨਤੀਜੇ 'ਤੇ ਪਹੁੰਚਣਾ ਜਲਦਬਾਜ਼ੀ ਹੋਵੇਗੀ। ਪੁਲਿਸ ਵੱਲੋਂ ਪਰਿਵਾਰਕ ਪਿਛੋਕੜ, ਆਸ-ਪਾਸ ਦੇ ਸੀ.ਸੀ.ਟੀ.ਵੀ. ਕੈਮਰਿਆਂ ਅਤੇ ਹੋਰ ਸਾਰੇ ਤਕਨੀਕੀ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਕੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਅਤੇ ਸਮੇਂ ਦੀ ਸਹੀ ਜਾਣਕਾਰੀ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਾਹਮਣੇ ਆ ਸਕੇਗੀ।
Get all latest content delivered to your email a few times a month.