ਤਾਜਾ ਖਬਰਾਂ
ਸੰਜੀਵ ਜਿੰਦਲ
ਮਾਨਸਾ, 23 ਅਕਤੂਬਰ: ਮਾਨਯੋਗ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਅਤੇ ਕਮਿਸ਼ਨ ਫ਼ਾਰ ਏਅਰ ਕੁਆਲਿਟੀ ਮੈਨੇਜਮੈਂਟ (ਸੀ.ਏ.ਕਿਊ.ਐੱਮ.) ਵੱਲੋਂ ਵਾਤਾਵਰਨ ਦੀ ਸੰਭਾਲ ਅਤੇ ਹਵਾ ਦੀ ਗੁਣਵੱਤਾ ਸੁਧਾਰਨ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਇਨ-ਬਿਨ ਪਾਲਣਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ, ਜਿਸ ਤਹਿਤ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਸਾੜਨ 'ਤੇ ਪੂਰੀ ਤਰ੍ਹਾਂ ਠੱਲ੍ਹ ਪਾ ਕੇ 'ਜ਼ੀਰੋ ਬਰਨਿੰਗ' ਦੇ ਟੀਚੇ ਨੂੰ ਹਾਸਲ ਕੀਤਾ ਜਾਵੇਗਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀਮਤੀ ਕ੍ਰਿਤਿਕਾ ਗੋਇਲ ਨੇ ਪਰਾਲੀ ਪ੍ਰਬੰਧਨ ਅਤੇ ਵਾਤਾਵਰਨ ਸੁਰੱਖਿਆ ਸਬੰਧੀ ਬੇਲਰ ਐਸੋਸੀਏਸ਼ਨਾਂ, ਪੈਲੇਟ ਇਕਾਈਆਂ, ਥਰਮਲ ਪਲਾਂਟ ਦੇ ਨੁਮਾਇੰਦਆਂ, ਨਾਲ ਕੀਤੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੀ.ਏ.ਕਿਊ.ਐੱਮ. ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ 'ਤੇ ਤਿੱਖੀ ਚੌਕਸੀ ਰੱਖੀ ਜਾ ਰਹੀ ਹੈ, ਇਸ ਲਈ ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਪੂਰੀ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਬੇਲਰ ਐਸੋਸੀਏਸ਼ਨਾਂ, ਇੱਟ-ਭੱਠਾ ਮਾਲਕਾਂ ਅਤੇ ਪੈਲੇਟ ਬਣਾਉਣ ਵਾਲੀਆਂ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਨੂੰ ਆਪਸੀ ਤਾਲਮੇਲ ਮਜ਼ਬੂਤ ਕਰਨ ਦੇ ਸੱਦਾ ਦਿੰਦਿਆਂ ਕਿਹਾ ਕਿ ਖੇਤਾਂ ਵਿੱਚੋਂ ਪਰਾਲੀ ਦੀਆਂ ਗੰਢਾਂ ਬਣਾ ਕੇ ਨਾਲੋ-ਨਾਲ ਚੁੱਕਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਦੇ ਖੇਤ ਸਮੇਂ ਸਿਰ ਖ਼ਾਲੀ ਹੋ ਸਕਣ ਅਤੇ ਅਗਲੀ ਫ਼ਸਲ ਦੀ ਬਿਜਾਈ ਵਿੱਚ ਕੋਈ ਦੇਰੀ ਨਾ ਹੋਵੇ।
ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੌਰਾਨ ਪਰਾਲੀ ਸਾੜਨ ਵਾਲੇ ਹੌਟ ਸਪੋਟ ਪਿੰਡਾਂ ਵਿੱਚ ਇਸ ਵਾਰ ਜਾਗਰੂਕਤਾ ਮੁਹਿੰਮ ਨੂੰ ਜੋਸ਼ੋ ਖਰੋਸ਼ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੈਟੇਲਾਈਟ ਦੇ ਨਾਲ ਨਾਲ ਡਰੋਨ ਕੈਮਰਿਆਂ ਰਾਹੀਂ ਵੀ ਤਿੱਖੀ ਨਜ਼ਰ ਰੱਖੀ ਜਾਵੇਗੀ ਇਸ ਲਈ ਪਰਾਲੀ ਸਾੜਨ ਤੋਂ ਗ਼ੁਰੇਜ਼ ਕੀਤਾ ਜਾਵੇ।
ਸ਼੍ਰੀਮਤੀ ਗੋਇਲ ਨੇ ਪੰਜਾਬ ਸਰਕਾਰ ਦੀਆਂ ਸਪੱਸ਼ਟ ਹਦਾਇਤਾਂ ਦਾ ਹਵਾਲਾ ਦਿੰਦਿਆਂ ਇੱਟ-ਭੱਠਾ ਮਾਲਕਾਂ ਨੂੰ ਹਦਾਇਤ ਕੀਤੀ ਕਿ ਇੱਟਾਂ ਦੀ ਤਿਆਰੀ ਦੌਰਾਨ ਬਾਲਣ ਵਜੋਂ 30 ਫ਼ੀਸਦੀ ਪਰਾਲੀ ਦੇ ਪੈਲੇਟਸ ਦੀ ਵਰਤੋਂ ਕਰਨਾ ਲਾਜ਼ਮੀ ਬਣਾਇਆ ਗਿਆ ਹੈ ਅਤੇ ਇਸ ਨਿਯਮ ਦੀ ਪਾਲਣਾ ਨਾ ਕਰਨ ਵਾਲੇ ਭੱਠਾ ਮਾਲਕਾਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਸਮੂਹ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਰਾਲੀ ਦੇ ਇਨ-ਸਿਟੂ ਅਤੇ ਐਕਸ-ਸਿਟੂ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾਵੇ ਅਤੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜ ਕੇ ਵਾਤਾਵਰਨ ਪੱਖੀ ਤਰੀਕੇ ਨਾਲ ਇਸ ਦੇ ਨਿਪਟਾਰੇ ਲਈ ਲਗਾਤਾਰ ਜਾਗਰੂਕ ਕੀਤਾ ਜਾਵੇ।
ਮੀਟਿੰਗ ਦੌਰਾਨ ਐਸਡੀਐਮ ਮਾਨਸਾ ਬਲਜੀਤ ਕੌਰ, ਐਸਡੀਐਮ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਐਸਡੀਐਮ ਬੁਢਲਾਡਾ ਗੁਰਮੀਤ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ, ਐਸਡੀਓ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਹਰਮਨ ਸਿੰਘ ਵੀ ਹਾਜ਼ਰ ਸਨ।
Get all latest content delivered to your email a few times a month.