ਤਾਜਾ ਖਬਰਾਂ
ਅੰਮ੍ਰਿਤਸਰ: ਸ਼ਹਿਰ ਦੇ ਆਨੰਦ ਐਵੇਨਿਊ ਇਲਾਕੇ ਵਿੱਚ ਸ਼ੁੱਕਰਵਾਰ ਦੇਰ ਰਾਤ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਮਾਮੂਲੀ ਜਿਹੀ ਬਹਿਸ ਦੌਰਾਨ ਕੁਝ ਨੌਜਵਾਨਾਂ ਨੇ ਆਪਣੇ ਹੀ ਦੋਸਤ ਨੂੰ ਗੋਲੀਆਂ ਨਾਲ ਭੁੰਨ ਦਿੱਤਾ। ਇਸ ਵਾਰਦਾਤ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਨੌਜਵਾਨ ਅਮਿਤ ਨੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਵਿੱਚ ਦਮ ਤੋੜ ਦਿੱਤਾ। ਇਸ ਖ਼ੂਨੀ ਕਾਂਡ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਹਿਮ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਰਾਤ ਸਾਢੇ ਗਿਆਰਾਂ ਵਜੇ ਦੇ ਕਰੀਬ ਵਾਪਰੀ। ਮ੍ਰਿਤਕ ਦੇ ਪਿਤਾ ਨੇ ਦੁੱਖ ਭਰੇ ਲਹਿਜ਼ੇ ਵਿੱਚ ਦੱਸਿਆ ਕਿ ਦੋਸ਼ੀਆਂ ਨੇ ਅਮਿਤ ਨੂੰ ਉਸ ਦੇ ਘਰ ਦੇ ਬਾਹਰ ਹੀ ਘੇਰ ਕੇ ਨਿਸ਼ਾਨਾ ਬਣਾਇਆ। ਹਮਲਾਵਰਾਂ ਵੱਲੋਂ ਅਮਿਤ 'ਤੇ ਕੁੱਲ 6 ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ ਦੋ ਗੋਲੀਆਂ ਸਿਰ ਵਿੱਚ, ਇੱਕ ਕਮਰ ਵਿੱਚ ਅਤੇ ਇੱਕ ਲੱਤ ਵਿੱਚ ਲੱਗੀ। ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਤੁਰੰਤ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਜਾ ਰਿਹਾ ਸੀ, ਪਰ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਉਸ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ।
ਪਿਤਾ ਦਾ ਦਾਅਵਾ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਕਿਸੇ ਨਾਲ ਵੀ ਕੋਈ ਪੁਰਾਣੀ ਦੁਸ਼ਮਣੀ ਜਾਂ ਰੰਜਿਸ਼ ਨਹੀਂ ਸੀ। ਮੁੱਢਲੀ ਜਾਂਚ ਅਤੇ ਪਰਿਵਾਰਕ ਬਿਆਨਾਂ ਮੁਤਾਬਕ ਸਭ ਕੁਝ ਮਹਿਜ਼ ਐਕਟਿਵਾ ਨੂੰ ਸਾਈਡ ਕਰਨ ਨੂੰ ਲੈ ਕੇ ਹੋਏ ਮਾਮੂਲੀ ਵਿਵਾਦ ਤੋਂ ਸ਼ੁਰੂ ਹੋਇਆ ਸੀ, ਜੋ ਕੁਝ ਹੀ ਪਲਾਂ ਵਿੱਚ ਇੰਨਾ ਵੱਧ ਗਿਆ ਕਿ ਦੋਸਤਾਂ ਨੇ ਹੀ ਖ਼ੂਨੀ ਰੂਪ ਧਾਰਨ ਕਰ ਲਿਆ।
ਮੁੱਢਲੀ ਜਾਣਕਾਰੀ ਵਿੱਚ ਇਸ ਮਾਮਲੇ ਅੰਦਰ ਤਿੰਨ ਭਰਾਵਾਂ ਦੇ ਸ਼ਾਮਲ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਏ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਲਾਗਲੇ ਇਲਾਕਿਆਂ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਘਾਲਣੀ ਸ਼ੁਰੂ ਕਰ ਦਿੱਤੀ ਹੈ ਅਤੇ ਫ਼ਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਕਤਲ ਦੇ ਅਸਲ ਕਾਰਨਾਂ ਅਤੇ ਦੋਸ਼ੀਆਂ ਦੀ ਪੂਰੀ ਭੂਮਿਕਾ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆਵੇਗੀ। ਦੂਜੇ ਪਾਸੇ, ਪੀੜਤ ਪਰਿਵਾਰ ਨੇ ਪ੍ਰਸ਼ਾਸਨ ਅਤੇ ਪੁਲਿਸ ਕੋਲੋਂ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
Get all latest content delivered to your email a few times a month.