IMG-LOGO
ਹੋਮ ਪੰਜਾਬ: ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ...

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ...

Admin User - Oct 24, 2026 03:12 PM
IMG

ਚੰਡੀਗੜ੍ਹ, 24 ਅਕਤੂਬਰ:

ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਲਈ ਧੀ ਦਾ ਵਿਆਹ ਜਿੱਥੇ ਖੁਸ਼ੀਆਂ ਦਾ ਮੌਕਾ ਹੁੰਦਾ ਹੈ, ਉੱਥੇ ਹੀ ਇਹ ਇੱਕ ਵੱਡੀ ਆਰਥਿਕ ਜ਼ਿੰਮੇਵਾਰੀ ਵੀ ਹੁੰਦੀ ਹੈ। ਅਜਿਹੇ ਪਰਿਵਾਰਾਂ ਦਾ ਮਜ਼ਬੂਤ ਸਹਾਰਾ ਬਣਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਸ਼ੀਰਵਾਦ ਸਕੀਮ ਰਾਹੀਂ ਇਹ ਯਕੀਨੀ ਬਣਾ ਰਹੀ ਹੈ ਕਿ ਆਰਥਿਕ ਤੰਗੀ ਕਿਸੇ ਵੀ ਧੀ ਦੇ ਸੁਪਨਿਆਂ ਦੀ ਰਾਹ ਵਿੱਚ ਰੁਕਾਵਟ ਨਾ ਬਣੇ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਲੂ ਵਿੱਤੀ ਸਾਲ 2026-27 ਦੌਰਾਨ ਅਸ਼ੀਰਵਾਦ ਸਕੀਮ ਤਹਿਤ ਹੁਣ ਤੱਕ 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਸਮਾਜ ਦੇ ਵਾਂਝੇ ਅਤੇ ਲੋੜਵੰਦ ਵਰਗਾਂ ਦੀਆਂ ਧੀਆਂ ਨੂੰ ਸਨਮਾਨ, ਸੁਰੱਖਿਆ ਅਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਤੀਕ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਅਧੀਨ ਹਰ ਯੋਗ ਲਾਭਪਾਤਰੀ ਨੂੰ ਧੀ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇੱਕ ਪਰਿਵਾਰ ਦੀਆਂ ਵੱਧ ਤੋਂ ਵੱਧ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ, ਜਿਸ ਨਾਲ ਹੋਰ ਵੱਧ ਲੋੜਵੰਦ ਪਰਿਵਾਰਾਂ ਨੂੰ ਸਮੇਂ ਸਿਰ ਸਹਾਇਤਾ ਮਿਲ ਰਹੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਾਰੀ ਕੀਤੀ ਗਈ ਕੁੱਲ ਰਾਸ਼ੀ ਵਿੱਚੋਂ ਅਨੁਸੂਚਿਤ ਜਾਤੀ ਵਰਗ ਦੇ 8,774 ਲਾਭਪਾਤਰੀਆਂ ਨੂੰ 44.75 ਕਰੋੜ ਰੁਪਏ, ਜਦਕਿ ਆਰਥਿਕ ਤੌਰ 'ਤੇ ਕਮਜ਼ੋਰ ਵਰਗ (ਈ.ਡਬਲਿਊ.ਐੱਸ.) ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ 4,010 ਲਾਭਪਾਤਰੀਆਂ ਨੂੰ 20.45 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ।


ਉਨ੍ਹਾਂ ਇਹ ਵੀ ਦੱਸਿਆ ਕਿ ਅਨੁਸੂਚਿਤ ਜਾਤੀ ਵਰਗ ਦੇ 9,183 ਅਤੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ 4,342 ਹੋਰ ਲਾਭਪਾਤਰੀਆਂ ਦੇ ਮਾਮਲਿਆਂ ਵਿੱਚ ਵਿੱਤੀ ਸਹਾਇਤਾ ਜਾਰੀ ਕਰਨ ਦੀ ਪ੍ਰਕਿਰਿਆ ਜਾਰੀ ਹੈ।


ਸਕੀਮ ਨੂੰ ਪੂਰੀ ਪਾਰਦਰਸ਼ਤਾ ਨਾਲ ਲਾਗੂ ਕਰਨ 'ਤੇ ਜ਼ੋਰ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਹਾਇਤਾ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ.ਬੀ.ਟੀ.) ਪ੍ਰਣਾਲੀ ਰਾਹੀਂ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਭੁਗਤਾਨ ਯਕੀਨੀ ਬਣਦਾ ਹੈ।


ਕੈਬਨਿਟ ਮੰਤਰੀ ਨੇ ਜ਼ਿਲ੍ਹਾ ਅਤੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਸ਼ੀਰਵਾਦ ਸਕੀਮ ਦਾ ਕੋਈ ਵੀ ਯੋਗ ਲਾਭਪਾਤਰੀ ਇਸ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਅਧਿਕਾਰੀਆਂ ਨੂੰ ਅਰਜ਼ੀਆਂ ਦੀ ਤੁਰੰਤ ਜਾਂਚ ਅਤੇ ਨਿਪਟਾਰਾ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਧੀਆਂ ਦੇ ਵਿਆਹ ਵਰਗੇ ਮਹੱਤਵਪੂਰਨ ਮੌਕੇ 'ਤੇ ਲੋੜਵੰਦ ਪਰਿਵਾਰਾਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਪ੍ਰਾਪਤ ਹੋ ਸਕੇ।


ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨਿਰੰਤਰ ਕੰਮ ਕਰ ਰਹੀ ਹੈ ਅਤੇ ਲੋਕ-ਪੱਖੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲੇ 'ਰੰਗਲਾ ਪੰਜਾਬ' ਦੇ ਉਸ ਸੁਪਨੇ ਨੂੰ ਸਾਕਾਰ ਕਰਨ ਵੱਲ ਮਹੱਤਵਪੂਰਨ ਕਦਮ ਹਨ, ਜਿੱਥੇ ਹਰ ਪਰਿਵਾਰ ਨੂੰ ਸਨਮਾਨ, ਸਹਾਰਾ ਅਤੇ ਬਿਹਤਰ ਭਵਿੱਖ ਦੇ ਸਮਾਨ ਮੌਕੇ ਪ੍ਰਾਪਤ ਹੋਣ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.