ਤਾਜਾ ਖਬਰਾਂ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਾਰਵੇ ਦੇ ਓਸਲੋ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਸਿੱਖ ਸੰਗਤ ਨੂੰ ਗੁਰਮਤਿ ਸਿਧਾਂਤਾਂ, ਸਿੱਖ ਰਹਿਤ ਮਰਯਾਦਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ।
ਜਥੇਦਾਰ ਗੜਗੱਜ ਨੇ ਵਿਦੇਸ਼ਾਂ ਵਿੱਚ ਰਹਿ ਰਹੇ ਸਿੱਖ ਪਰਿਵਾਰਾਂ ਨੂੰ ਆਪਣੇ ਬੱਚਿਆਂ ਦੀ ਸਿੱਖੀ ਪਛਾਣ ਕਾਇਮ ਰੱਖਣ, ਕੇਸਾਂ ਦੀ ਸੰਭਾਲ ਅਤੇ ਬੱਚਿਆਂ ਨੂੰ ਗੁਰੂ ਘਰ ਨਾਲ ਜੋੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨਾਰਵੇ ਦੇ ਸਕੂਲਾਂ ਵਿੱਚ ਸਿੱਖ ਬੱਚਿਆਂ ਨੂੰ ਕੇਸ ਰੱਖਣ ਕਾਰਨ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਗੁਰਦੁਆਰਾ ਪ੍ਰਬੰਧਕਾਂ, ਸਿੱਖ ਆਗੂਆਂ ਅਤੇ ਸਕੂਲ ਪ੍ਰਸ਼ਾਸਨ ਨੂੰ ਮਿਲ ਕੇ ਗੱਲਬਾਤ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਸਿੱਖਾਂ ਨੂੰ ਆਪਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਪੰਥਕ ਏਕਤਾ ਮਜ਼ਬੂਤ ਕਰਨ, ਸਿੱਖ ਰਹਿਤ ਮਰਯਾਦਾ ਦਾ ਸਤਿਕਾਰ ਕਰਨ ਅਤੇ ਬੱਚਿਆਂ ਤੇ ਨੌਜਵਾਨਾਂ ਨੂੰ ਗੁਰਮਤਿ ਨਾਲ ਜੋੜਨ ਲਈ ਠੋਸ ਉਪਰਾਲੇ ਕਰਨ ਦਾ ਸੰਦੇਸ਼ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਸਿੱਖ ਪਰਿਵਾਰਾਂ ਨੂੰ ਬੱਚਿਆਂ ਦੇ ਰਿਸ਼ਤੇ ਸਿੱਖ ਪਰਿਵਾਰਾਂ ਵਿੱਚ ਕਰਨ, ਗੁਰਦੁਆਰਾ ਸਾਹਿਬ ਨਾਲ ਜੁੜੇ ਰਹਿਣ, ਪੰਜਾਬ ਦੀਆਂ ਜੜ੍ਹਾਂ ਨਾਲ ਸਾਂਝ ਬਣਾਈ ਰੱਖਣ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਿੱਖੀ ਦੇ ਪ੍ਰਚਾਰ ਤੇ ਸਕਾਰਾਤਮਕ ਕਾਰਜਾਂ ਲਈ ਕਰਨ ਦੀ ਅਪੀਲ ਕੀਤੀ। ਜਥੇਦਾਰ ਨੇ ਪੰਜਾਬ ਵਿੱਚ ਲੋੜਵੰਦ ਸਿੱਖ ਪਰਿਵਾਰਾਂ ਦੀ ਸਹਾਇਤਾ ਕਰਨ ਅਤੇ ਓਸਲੋ ਦੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਲਈ ਸੰਗਤ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦਾ ਸੱਦਾ ਵੀ ਦਿੱਤਾ।
Get all latest content delivered to your email a few times a month.