ਤਾਜਾ ਖਬਰਾਂ
ਚੜ੍ਹਦੇ ਅਤੇ ਲਹਿੰਦੇ ਪੰਜਾਬ ਵਿਚਾਲੇ ਸੱਭਿਆਚਾਰਕ ਤੇ ਧਾਰਮਿਕ ਸਾਂਝ ਨੂੰ ਹੋਰ ਪੱਕਾ ਕਰਨ ਦੇ ਮਕਸਦ ਨਾਲ ਪਾਕਿਸਤਾਨ ਸਰਕਾਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਰਾਜ ਵਿਧਾਨ ਸਭਾ ਦੇ ਸਮੂਹ ਮੈਂਬਰਾਂ ਨੂੰ ਪਾਕਿਸਤਾਨ ਫੇਰੀ ਲਈ ਰਸਮੀ ਸੱਦਾ ਭੇਜਿਆ ਗਿਆ ਹੈ। ਇਹ ਸੱਦਾ ਪਾਕਿਸਤਾਨ ਦੇ ਸੂਬਾਈ ਅਲਪਸੰਖਿਆਕ ਮਾਮਲਿਆਂ ਦੇ ਮੰਤਰੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਵੱਲੋਂ ਦਿੱਤਾ ਗਿਆ ਹੈ।
ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਇੱਕ ਵੀਡੀਓ ਸੁਨੇਹਾ ਜਾਰੀ ਕਰਦਿਆਂ ਕਿਹਾ ਕਿ ਪਾਕਿਸਤਾਨ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਾਲੇ ਆਪਸੀ ਭਾਈਚਾਰਕ ਸਾਂਝ ਅਤੇ ਵਿਰਾਸਤੀ ਰਿਸ਼ਤਿਆਂ ਨੂੰ ਨਵੀਂ ਦਿਸ਼ਾ ਦੇਣ ਦਾ ਹਾਮੀ ਹੈ। ਮੁੱਖ ਮੰਤਰੀ ਮਾਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪਾਕਿਸਤਾਨ ਪਹੁੰਚਣ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ, ਤਾਂ ਜੋ ਉਹ ਉੱਥੋਂ ਦੇ ਇਤਿਹਾਸਕ ਸਥਾਨਾਂ ਅਤੇ ਖ਼ੂਬਸੂਰਤ ਵਿਰਾਸਤ ਦਾ ਆਨੰਦ ਮਾਣ ਸਕਣ।
ਅਰੋੜਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਆਪਣੇ ਸੁਚੱਜੇ ਸਬੰਧਾਂ ਦਾ ਹਵਾਲਾ ਦਿੰਦਿਆਂ ਭਾਰਤੀ ਵਿਧਾਇਕਾਂ ਨੂੰ ਸਿਰਫ਼ ਗੁਰਦੁਆਰਾ ਦਰਬਾਰ ਸਾਹਿਬ (ਕਰਤਾਰਪੁਰ) ਤੱਕ ਸੀਮਤ ਰਹਿਣ ਦੀ ਬਜਾਏ ਹੋਰਨਾਂ ਧਰਮਾਂ ਨਾਲ ਜੁੜੇ ਇਤਿਹਾਸਕ ਅਸਥਾਨਾਂ ਦਾ ਦੌਰਾ ਕਰਨ ਦੀ ਅਪੀਲ ਵੀ ਕੀਤੀ।
ਜ਼ਿਕਰਯੋਗ ਹੈ ਕਿ ਲਾਹੌਰ ਵਿੱਚ 27 ਤੋਂ 29 ਨਵੰਬਰ ਤੱਕ ਕਰਵਾਏ ਜਾ ਰਹੇ ‘ਚੌਥੇ ਅੰਤਰਰਾਸ਼ਟਰੀ ਪੰਜਾਬੀ ਸੰਮੇਲਨ’ ਲਈ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਸ਼ੇਸ਼ ਤੌਰ 'ਤੇ ਸੱਦਾ ਪੱਤਰ ਭੇਜਿਆ ਗਿਆ ਹੈ। ਇਹ ਨਿਓਤਾ ਪ੍ਰਸਿੱਧ ਪੰਜਾਬੀ ਸ਼ਾਇਰ ਬਾਬਾ ਬਸ਼ੀਰ ਹੁਸੈਨ ਨਜ਼ਮੀ (ਬਾਬਾ ਨਜ਼ਮੀ) ਅਤੇ ‘ਪੰਜਾਬੀ ਪ੍ਰਚਾਰ ਸੰਗਠਨ’ ਵੱਲੋਂ ਭੇਜਿਆ ਗਿਆ ਹੈ।
ਬੀਤੇ ਦਿਨੀਂ (23 ਅਕਤੂਬਰ) ਵਿਧਾਨ ਸਭਾ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸੱਦੇ ਦਾ ਜ਼ਿਕਰ ਕਰਦਿਆਂ ਕੇਂਦਰ ਸਰਕਾਰ ਦੀਆਂ ਨੀਤੀਆਂ 'ਤੇ ਚੋਟ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਜਦੋਂ ਫਰਾਂਸ ਜਾਂ ਜਾਪਾਨ ਜਿਹੇ ਦੇਸ਼ਾਂ ਦੇ ਦੌਰੇ ਲਈ ਕੇਂਦਰ ਤੋਂ ਪ੍ਰਵਾਨਗੀ ਮਿਲਣੀ ਔਖੀ ਹੋ ਜਾਂਦੀ ਹੈ, ਤਾਂ ਪਾਕਿਸਤਾਨ ਜਾਣ ਦੀ ਇਜਾਜ਼ਤ ਮਿਲਣਾ ਹੋਰ ਵੀ ਚੁਣੌਤੀਪੂਰਨ ਹੋਵੇਗਾ।
ਮੁੱਖ ਮੰਤਰੀ ਨੇ ਸੁਝਾਅ ਦਿੱਤਾ ਸੀ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਸੁਰੱਖਿਆ ਅਤੇ ਰਾਜਨੀਤਿਕ ਹਰੀ ਝੰਡੀ ਮਿਲ ਜਾਂਦੀ ਹੈ, ਤਾਂ ਪੰਜਾਬ ਵਿਧਾਨ ਸਭਾ ਦੇ ਸਾਰੇ ਮੈਂਬਰ ਇਕੱਠੇ ਕਰਤਾਰਪੁਰ ਲਾਂਘੇ ਰਾਹੀਂ ਜਾ ਕੇ ਪਵਿੱਤਰ ਅਸਥਾਨਾਂ ਦੇ ਦਰਸ਼ਨ-ਦੀਦਾਰੇ ਕਰ ਸਕਦੇ ਹਨ। ਇਸ ਸੱਦੇ ਤੋਂ ਬਾਅਦ ਦੋਵਾਂ ਪੰਜਾਬਾਂ ਵਿਚਾਲੇ ਸਾਂਝ ਅਤੇ ਗੱਲਬਾਤ ਦੀ ਚਰਚਾ ਇੱਕ ਵਾਰ ਫਿਰ ਗਰਮਾ ਗਈ ਹੈ।
Get all latest content delivered to your email a few times a month.