IMG-LOGO
ਹੋਮ ਪੰਜਾਬ: ਸ੍ਰੀ ਗੁਰੂ ਰਾਮਦਾਸ ਜੀ ਦੇ 492ਵੇਂ ਪ੍ਰਕਾਸ਼ ਪੁਰਬ 'ਤੇ ਅੰਮ੍ਰਿਤਸਰ...

ਸ੍ਰੀ ਗੁਰੂ ਰਾਮਦਾਸ ਜੀ ਦੇ 492ਵੇਂ ਪ੍ਰਕਾਸ਼ ਪੁਰਬ 'ਤੇ ਅੰਮ੍ਰਿਤਸਰ ਸਮੇਤ ਦੇਸ਼-ਵਿਦੇਸ਼ 'ਚ ਰੌਣਕਾਂ; SGPC ਪ੍ਰਧਾਨ ਨੇ ਦਿੱਤੀਆਂ ਵਧਾਈਆਂ

Admin User - Oct 27, 2026 01:56 PM
IMG

ਬਾਨੀ-ਏ-ਅੰਮ੍ਰਿਤਸਰ ਜਗਤ ਗੁਰੂ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ 492ਵਾਂ ਪ੍ਰਕਾਸ਼ ਪੁਰਬ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਦੇਸ਼-ਵਿਦੇਸ਼ ਵਿੱਚ ਪੂਰੀ ਸ਼ਰਧਾ, ਉਤਸ਼ਾਹ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੁਕੱਦਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁਨੀਆ ਭਰ ਵਿੱਚ ਵੱਸਦੀ ਨਾਨਕ ਨਾਮ ਲੇਵਾ ਸੰਗਤ ਨੂੰ ਮੁਬਾਰਕਬਾਦ ਪੇਸ਼ ਕੀਤੀ।


ਸ਼ੁਭਕਾਮਨਾਵਾਂ ਦਿੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਰਾਮਦਾਸ ਜੀ ਦਾ ਦਰਬਾਰ ਸਮੁੱਚੀ ਮਾਨਵਤਾ ਲਈ ਇੱਕ ਅਜਿਹਾ ਅਲੌਕਿਕ ਅਸਥਾਨ ਹੈ ਜਿੱਥੇ ਜਾਤ-ਪਾਤ, ਰੰਗ-ਨਸਲ ਅਤੇ ਅਮੀਰ-ਗ਼ਰੀਬ ਦਾ ਕੋਈ ਭੇਦਭਾਵ ਨਹੀਂ ਕੀਤਾ ਜਾਂਦਾ। ਉਨ੍ਹਾਂ ਆਖਿਆ ਕਿ ਇੱਥੇ ਆ ਕੇ ਹਰ ਸ਼ਰਧਾਲੂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ, ਸੱਚਖੰਡ ਤੋਂ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਕੇ ਅਤੇ ਗੁਰੂ ਕੇ ਲੰਗਰ 'ਚੋਂ ਪ੍ਰਸ਼ਾਦਾ ਛਕ ਕੇ ਆਤਮਿਕ ਤ੍ਰਿਪਤੀ ਪ੍ਰਾਪਤ ਕਰਦਾ ਹੈ। SGPC ਪ੍ਰਧਾਨ ਨੇ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬਾਨ ਦੁਆਰਾ ਦਰਸਾਏ ਮਾਰਗ 'ਤੇ ਚੱਲਦਿਆਂ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਵਿਵਹਾਰਕ ਜੀਵਨ ਦਾ ਹਿੱਸਾ ਬਣਾਇਆ ਜਾਵੇ।


ਸਮਾਗਮ ਦੌਰਾਨ ਐਡਵੋਕੇਟ ਧਾਮੀ ਨੇ ਪਾਕਿਸਤਾਨ ਤੋਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਕਰੀਬ 49 ਸਿੱਖ ਸ਼ਰਧਾਲੂਆਂ ਦੇ ਜਥੇ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਖ਼ੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਸਰਹੱਦ ਪਾਰ ਤੋਂ ਆਏ ਸ਼ਰਧਾਲੂਆਂ ਦਾ ਗੁਰੂ ਘਰ ਪਹੁੰਚ ਕੇ ਖ਼ੁਸ਼ੀਆਂ ਪ੍ਰਾਪਤ ਕਰਨਾ ਸਮੁੱਚੀ ਕੌਮ ਲਈ ਸੁਖਦ ਅਨੁਭਵ ਹੈ।


ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸੁੰਦਰ ਜਲੌਅ ਸਜਾਏ ਜਾ ਰਹੇ ਹਨ। ਸ਼ਾਮ ਵੇਲੇ ਪੂਰੇ ਪਰਿਕਰਮਾ ਸਮੂਹ ਵਿੱਚ ਮਨਮੋਹਕ ਦੀਪਮਾਲਾ ਕੀਤੀ ਜਾਵੇਗੀ ਅਤੇ ਆਤਿਸ਼ਬਾਜ਼ੀ ਚਲਾਈ ਜਾਵੇਗੀ।


ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਤ ਦੇ ਧਾਰਮਿਕ ਸਮਾਗਮਾਂ ਦੌਰਾਨ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਅਤੇ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਹਾਣਾ ਵਾਲੇ ਸੰਗਤਾਂ ਨੂੰ ਕਥਾ-ਕੀਰਤਨ ਨਾਲ ਜੋੜਨਗੇ।

ਗੁਰੂ ਘਰ ਦੀਆਂ ਪਰਿਕਰਮਾਵਾਂ ਨੂੰ ਦੇਸੀ ਅਤੇ ਵਿਦੇਸ਼ੀ ਰੰਗ-ਬਿਰੰਗੇ ਫੁੱਲਾਂ ਨਾਲ ਅਲੌਕਿਕ ਢੰਗ ਨਾਲ ਸਜਾਇਆ ਗਿਆ ਹੈ, ਜੋ ਸ਼ਰਧਾਲੂਆਂ ਲਈ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਬਣਿਆ ਹੋਇਆ ਹੈ।


ਅਖ਼ੀਰ ਵਿੱਚ ਐਡਵੋਕੇਟ ਧਾਮੀ ਨੇ ਜਾਣਕਾਰੀ ਦਿੱਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਆਦੇਸ਼ਾਂ ਅਨੁਸਾਰ ਆਉਂਦੀ 28 ਤਾਰੀਖ਼ ਨੂੰ ਦੇਸ਼-ਵਿਦੇਸ਼ ਦੇ ਸਮੂਹ ਗੁਰਦੁਆਰਾ ਸਾਹਿਬਾਨਾਂ ਅਤੇ ਸਥਾਨਾਂ 'ਤੇ ਕੌਮ ਦੀਆਂ ਵਿਛੜੀਆਂ ਰੂਹਾਂ ਅਤੇ ਸ਼ਹੀਦਾਂ ਦੀ ਯਾਦ ਵਿੱਚ ਵਿਸ਼ੇਸ਼ ਅਰਦਾਸ ਸਮਾਗਮ ਕਰਵਾਏ ਜਾਣਗੇ, ਤਾਂ ਜੋ ਪੂਰੀ ਕੌਮ ਇਕਜੁੱਟ ਹੋ ਕੇ ਗੁਰੂ ਚਰਨਾਂ ਵਿੱਚ ਸ਼ਰਧਾਂਜਲੀ ਭੇਟ ਕਰ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.