ਤਾਜਾ ਖਬਰਾਂ
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਨੂੰ ਲੈ ਕੇ ਪੈਦਾ ਹੋਏ ਮਤਭੇਦਾਂ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਸਰਕਾਰ ਵੱਲੋਂ ਗਠਿਤ 7 ਮੈਂਬਰੀ ਤਾਲਮੇਲ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਨਾਲ ਰਾਬਤਾ ਕਾਇਮ ਕਰਦਿਆਂ ਉੱਚ-ਪੱਧਰੀ ਮੀਟਿੰਗ ਲਈ ਸਮਾਂ ਮੰਗਿਆ ਹੈ।
ਅਖ਼ਬਾਰੀ ਸਰੋਤਾਂ ਮੁਤਾਬਕ, ਇਸ ਮੀਟਿੰਗ ਦਾ ਮੁੱਖ ਮਨੋਰਥ ਐਕਟ ਵਿੱਚ ਕੀਤੀਆਂ ਜਾਣ ਵਾਲੀਆਂ ਸੋਧਾਂ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਨਾਲ ਵਿਚਾਰ-ਵਟਾਂਦਰਾ ਕਰਨਾ ਅਤੇ ਸਰਵਸੰਮਤੀ ਬਣਾਉਣਾ ਹੈ। ਇਹ ਤਾਲਮੇਲ ਕਮੇਟੀ ਪੂਰੀ ਪ੍ਰਕਿਰਿਆ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਨਿਰੰਤਰ ਤਾਲਮੇਲ ਰੱਖੇਗੀ ਅਤੇ ਅਹਿਮ ਸੁਝਾਵਾਂ ਤੇ ਸਿਫ਼ਾਰਸ਼ਾਂ ਦੀ ਰਿਪੋਰਟ ਅਗਲੇਰੀ ਕਾਨੂੰਨੀ ਕਾਰਵਾਈ ਲਈ ਪੰਜਾਬ ਸਰਕਾਰ ਨੂੰ ਸੌਂਪੇਗੀ।
ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਐਕਟ ਦੀਆਂ ਕੁਝ ਧਾਰਾਵਾਂ 'ਤੇ ਜਨਤਕ ਤੌਰ 'ਤੇ ਅਸਹਿਮਤੀ ਪ੍ਰਗਟਾਈ ਗਈ ਸੀ। ਜਥੇਦਾਰ ਗੜਗੱਜ ਨੇ ਬਾਰ-ਬਾਰ ਸਪੱਸ਼ਟ ਕੀਤਾ ਹੈ ਕਿ ਕਾਨੂੰਨ ਦੇ ਬਾਕੀ ਉਪਬੰਧਾਂ 'ਤੇ ਕੋਈ ਇਤਰਾਜ਼ ਨਹੀਂ ਹੈ, ਪਰ ਇਸ ਵਿੱਚ ਵਰਤੇ ਗਏ 'ਕਸਟੋਡੀਅਨ' (Custodian) ਸ਼ਬਦ ਨੂੰ ਤੁਰੰਤ ਹਟਾਇਆ ਜਾਣਾ ਚਾਹੀਦਾ ਹੈ।
ਸਰਕਾਰੀ ਸੂਤਰਾਂ ਅਨੁਸਾਰ, ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕਿ ਸਿੱਖ ਸੰਸਥਾਵਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਸ ਮਸਲੇ ਨੂੰ ਜਲਦ ਤੋਂ ਜਲਦ ਸੁਲਝਾਇਆ ਜਾਵੇ। ਹੁਣ ਦੇਖਣਾ ਹੋਵੇਗਾ ਕਿ ਸਕੱਤਰੇਤ ਵੱਲੋਂ ਮੀਟਿੰਗ ਦਾ ਸਮਾਂ ਮਿਲਣ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ 'ਕਸਟੋਡੀਅਨ' ਸ਼ਬਦ ਨੂੰ ਲੈ ਕੇ ਕੀ ਸਹਿਮਤੀ ਬਣਦੀ ਹੈ।
Get all latest content delivered to your email a few times a month.