ਤਾਜਾ ਖਬਰਾਂ
ਜਲੰਧਰ ਦੇ ਬਸਤੀ ਸ਼ੇਖ ਇਲਾਕੇ ਦੇ ਤੇਜ਼ ਮੋਹਨ ਨਗਰ ਵਿੱਚ ਪੁਲਿਸ ਅਤੇ ਨਗਰ ਨਿਗਮ ਦੀ ਸਾਂਝੀ ਟੀਮ ਵੱਲੋਂ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਨਾਮਜ਼ਦ ਗਗਨਦੀਪ ਸਿੰਘ ਦੇ ਘਰ ’ਤੇ ਬੁਲਡੋਜ਼ਰ ਕਾਰਵਾਈ ਕੀਤੀ ਗਈ। ਇਸ ਕਾਰਵਾਈ ਦੌਰਾਨ ਪੁਲਿਸ ਕਮਿਸ਼ਨਰ ਵੀ ਮੌਕੇ ’ਤੇ ਮੌਜੂਦ ਰਹੇ ਅਤੇ ਸੁਰੱਖਿਆ ਦੇ ਮੱਦੇਨਜ਼ਰ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ।
ਪੁਲਿਸ ਕਮਿਸ਼ਨਰ ਅਨੁਸਾਰ ਮੁਲਜ਼ਮ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ 7 ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਇਸ ਸਮੇਂ ਜੇਲ੍ਹ ਵਿੱਚ ਬੰਦ ਹੈ। ਪੁਲਿਸ ਵੱਲੋਂ ਉਸ ਦੀਆਂ ਕਈ ਜਾਇਦਾਦਾਂ ਦੀ ਪਛਾਣ ਕੀਤੀ ਗਈ ਹੈ ਅਤੇ ਨਸ਼ਾ ਤਸਕਰੀ ਰਾਹੀਂ ਕਥਿਤ ਤੌਰ ’ਤੇ ਬਣਾਈਆਂ ਗਈਆਂ ਜਾਇਦਾਦਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।
ਦੂਜੇ ਪਾਸੇ, ਸਥਾਨਕ ਲੋਕਾਂ ਮੁਤਾਬਕ ਇਹ ਮਕਾਨ ਮੁਲਜ਼ਮ ਦੇ ਦਾਦੇ ਵੱਲੋਂ ਬਣਵਾਇਆ ਗਿਆ ਸੀ ਅਤੇ ਕਰੀਬ 70 ਸਾਲ ਪੁਰਾਣਾ ਹੋਣ ਕਾਰਨ ਪਹਿਲਾਂ ਹੀ ਕਾਫ਼ੀ ਖ਼ਸਤਾਹਾਲ ਸੀ। ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਦੀ ਪਤਨੀ ਅਤੇ ਤਿੰਨ ਬੱਚੇ ਇਸ ਘਰ ਵਿੱਚ ਰਹਿ ਰਹੇ ਸਨ। ਪੁਲਿਸ ਨੇ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਅਜਿਹੀਆਂ ਜਾਇਦਾਦਾਂ ਦੀ ਜਾਂਚ ਅਤੇ ਕਾਰਵਾਈ ਜਾਰੀ ਰਹੇਗੀ।
Get all latest content delivered to your email a few times a month.