ਤਾਜਾ ਖਬਰਾਂ
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਕੈਂਪਸ ਵਿੱਚ ਲੰਘੀ 26 ਸਤੰਬਰ ਨੂੰ ਹੋਏ ਵੱਡੇ ਵਿਰੋਧ ਪ੍ਰਦਰਸ਼ਨਾਂ ਅਤੇ ਬਹੁ-ਚਰਚਿਤ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸਥਿਤੀ ਸਪੱਸ਼ਟ ਕਰ ਦਿੱਤੀ ਹੈ। ਵਿਸ਼ੇਸ਼ ਜਾਂਚ ਟੀਮ (SIT) ਦੀ ਮੁਕੰਮਲ ਤਫ਼ਤੀਸ਼ ਤੋਂ ਬਾਅਦ ਅਦਾਲਤ ਨੂੰ ਦੱਸਿਆ ਗਿਆ ਹੈ ਕਿ ਯੂਨੀਵਰਸਿਟੀ ਦੇ ਗਰਲਜ਼ ਹੋਸਟਲ ਜਾਂ ਕੈਂਪਸ ਵਿੱਚ ਕਿਸੇ ਵੀ ਤਰ੍ਹਾਂ ਦੀ ਬਲਾਤਕਾਰ ਜਾਂ ਜਿਨਸੀ ਸ਼ੋਸ਼ਣ ਦੀ ਘਟਨਾ ਨਹੀਂ ਵਾਪਰੀ ਸੀ।
ਐਸ.ਆਈ.ਟੀ. ਨੇ ਜਾਂਚ ਪ੍ਰਕਿਰਿਆ ਦੌਰਾਨ ਹੋਸਟਲ ਦੀਆਂ ਵਿਦਿਆਰਥਣਾਂ, ਸੁਰੱਖਿਆ ਕਰਮਚਾਰੀਆਂ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਸਮੇਤ 50 ਤੋਂ ਵੱਧ ਵਿਅਕਤੀਆਂ ਤੋਂ ਪੁੱਛਗਿੱਛ ਕਰ ਕੇ ਬਿਆਨ ਕਲਮਬੰਦ ਕੀਤੇ। ਇਸ ਦੇ ਨਾਲ ਹੀ ਘਟਨਾ ਵਾਲੇ ਦਿਨ ਅਤੇ ਉਸ ਤੋਂ ਪਹਿਲਾਂ ਦੀ ਡਿਜੀਟਲ ਨਿਗਰਾਨੀ, ਸੀ.ਸੀ.ਟੀ.ਵੀ. ਫੁਟੇਜ ਅਤੇ ਫੋਰੈਂਸਿਕ ਜਾਂਚ 'ਚ ਕਿਸੇ ਅਪਰਾਧ ਦਾ ਕੋਈ ਵੀ ਪ੍ਰਤੱਖ ਜਾਂ ਅਪ੍ਰਤੱਖ ਸਬੂਤ ਸਾਹਮਣੇ ਨਹੀਂ ਆਇਆ।
ਹਾਈ ਕੋਰਟ 'ਚ ਸੌਂਪੀ ਗਈ ਸਟੇਟਸ ਰਿਪੋਰਟ 'ਚ ਪੁਲਿਸ ਨੇ ਖ਼ੁਲਾਸਾ ਕੀਤਾ ਕਿ 26 ਸਤੰਬਰ ਨੂੰ ਸੋਸ਼ਲ ਮੀਡੀਆ ਅਤੇ ਮੈਸੇਜਿੰਗ ਐਪਸ 'ਤੇ ਇੱਕ ਵਿਦਿਆਰਥਣ ਨਾਲ ਅਣਹੋਣੀ ਵਾਪਰਨ ਦੀ ਝੂਠੀ ਖ਼ਬਰ ਤੇਜ਼ੀ ਨਾਲ ਵਾਇਰਲ ਹੋ ਗਈ ਸੀ। ਬਿਨਾਂ ਕਿਸੇ ਪੁਸ਼ਟੀ ਦੇ, ਸੈਂਕੜੇ ਵਿਦਿਆਰਥੀ ਭੜਕ ਗਏ ਅਤੇ ਉਨ੍ਹਾਂ ਨੇ ਕੈਂਪਸ 'ਚ ਜ਼ੋਰਦਾਰ ਨਾਅਰੇਬਾਜ਼ੀ ਤੇ ਹੰਗਾਮਾ ਸ਼ੁਰੂ ਕਰ ਦਿੱਤਾ।
ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਜਾਂਚ ਦੌਰਾਨ ਕੋਈ ਅਪਰਾਧਿਕ ਮਾਮਲਾ ਨਾ ਬਣਨ ਕਰਕੇ ਹੁਣ ਹੇਠਲੀ ਅਦਾਲਤ ਵਿੱਚ 'ਕਲੋਜ਼ਰ ਰਿਪੋਰਟ' ਦਾਇਰ ਕਰਕੇ ਕੇਸ ਨੂੰ ਅਧਿਕਾਰਤ ਤੌਰ 'ਤੇ ਨਿਪਟਾਇਆ ਜਾਵੇਗਾ। ਇਸ ਤੋਂ ਇਲਾਵਾ, ਝੂਠੀਆਂ ਖ਼ਬਰਾਂ ਤੇ ਅਫ਼ਵਾਹਾਂ ਫੈਲਾ ਕੇ ਮਾਹੌਲ ਖ਼ਰਾਬ ਕਰਨ ਵਾਲੇ ਸ਼ਰਾਰਤੀ ਅਨਸਰਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਰਵਾਈ ਦੀ ਤਿਆਰੀ ਕੀਤੀ ਜਾ ਰਹੀ ਹੈ।
Get all latest content delivered to your email a few times a month.