ਤਾਜਾ ਖਬਰਾਂ
ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਵੱਲੋਂ ਇਨਸਾਫ਼ ਲਈ ਲਗਾਏ ਗਏ ਮੋਰਚੇ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਮੂਲੀਅਤ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਪੰਜਾਬ ਵਿੱਚ ਫੈਲ ਰਹੇ ਨਸ਼ਿਆਂ ਦੇ ਮਾਮਲੇ ਨੂੰ ਗੰਭੀਰ ਚੁਣੌਤੀ ਦੱਸਦਿਆਂ ਕਿਹਾ ਕਿ ਇਸ ਬੁਰਾਈ ਨੂੰ ਖ਼ਤਮ ਕਰਨ ਲਈ ਸਮੂਹ ਪੰਜਾਬੀਆਂ ਨੂੰ ਇਕਜੁੱਟ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ।
ਮਾਨਸਾ ਵਿੱਚ ਪਰਿਵਾਰ ਅਤੇ ਹਮਾਇਤੀਆਂ ਵੱਲੋਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਚੱਲ ਰਿਹਾ ਧਰਨਾ ਸ਼ਨੀਵਾਰ ਨੂੰ 18ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਗਿਆਨੀ ਹਰਪ੍ਰੀਤ ਸਿੰਘ ਨੇ ਮੋਰਚੇ ਵਿੱਚ ਪਹੁੰਚ ਕੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਸੰਘਰਸ਼ ਨੂੰ ਆਪਣਾ ਸਮਰਥਨ ਦਿੱਤਾ।
ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਮੁੱਦਾ ਕਿਸੇ ਇੱਕ ਵਿਅਕਤੀ, ਜਥੇਬੰਦੀ ਜਾਂ ਸਿਆਸੀ ਪਾਰਟੀ ਤੱਕ ਸੀਮਤ ਨਹੀਂ ਹੈ। ਪੰਜਾਬ ਦੀ ਨੌਜਵਾਨ ਪੀੜ੍ਹੀ ਅਤੇ ਭਵਿੱਖ ਨੂੰ ਬਚਾਉਣ ਲਈ ਹਰ ਵਰਗ ਨੂੰ ਸਾਂਝੇ ਤੌਰ 'ਤੇ ਅੱਗੇ ਆਉਣਾ ਹੋਵੇਗਾ। ਉਨ੍ਹਾਂ ਸਾਰੀਆਂ ਸਿਆਸੀ ਧਿਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਸੀ ਮਤਭੇਦ ਅਤੇ ਸਿਆਸੀ ਹਿੱਤਾਂ ਤੋਂ ਉੱਪਰ ਉੱਠ ਕੇ ਨਸ਼ਿਆਂ ਖ਼ਿਲਾਫ਼ ਇੱਕਜੁੱਟ ਲੜਾਈ ਲੜਨ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਅਤੇ ਪੰਜਾਬ ਨੂੰ ਨਸ਼ਿਆਂ ਦੀ ਲਾਹਣਤ ਤੋਂ ਮੁਕਤ ਕਰਵਾਉਣਾ ਇਸ ਸਮੇਂ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਇਨਸਾਫ਼ਪਸੰਦ ਲੋਕਾਂ ਨੂੰ ਮਾਨਸਾ ਵਿਖੇ ਚੱਲ ਰਹੇ ਸੰਘਰਸ਼ ਦਾ ਸਾਥ ਦੇਣ ਅਤੇ ਨਸ਼ਿਆਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ।
Get all latest content delivered to your email a few times a month.