ਤਾਜਾ ਖਬਰਾਂ
ਟਿਕਟ ਦਾ ਐਲਾਨ ਹੁੰਦਿਆਂ ਹੀ ਕੁਲਦੀਪ ਸਿੰਘ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਗੁਰੂ ਘਰ ਵਿੱਚ ਮੱਥਾ ਟੇਕ ਕੇ ਪਾਰਟੀ ਵੱਲੋਂ ਮੁੜ ਭਰੋਸਾ ਜਤਾਉਣ ਲਈ ਸ਼ੁਕਰਾਨਾ ਕੀਤਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਲਈ ਅਰਦਾਸ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਮ ਆਦਮੀ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮਨੀਸ਼ ਸਿਸੋਦੀਆ, ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਦਾ ਧੰਨਵਾਦ ਪ੍ਰਗਟਾਇਆ।
ਧਾਲੀਵਾਲ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਇੱਕ ਵਾਰ ਫਿਰ ਅਜਨਾਲਾ ਦੇ ਲੋਕਾਂ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ। ਉਹ ਆਪਣੇ ਹਰ ਸਿਆਸੀ ਅਤੇ ਸਮਾਜਿਕ ਕਾਰਜ ਦੀ ਸ਼ੁਰੂਆਤ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ ਵਿੱਚ ਅਰਦਾਸ ਕਰਕੇ ਕਰਦੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ 2022 ਵਾਂਗ ਇਸ ਵਾਰ ਵੀ ਵੱਡੇ ਫ਼ਰਕ ਨਾਲ ਜਿੱਤ ਹਾਸਲ ਕਰਨਗੇ।
ਆਪ ਦਾ ਮੁਕਾਬਲਾ ਵਿਰੋਧੀਆਂ ਨਾਲ ਨਹੀਂ, ਆਪਣੇ ਪੁਰਾਣੇ ਰਿਕਾਰਡ ਨਾਲ ਹੈ
ਵਿਰੋਧੀ ਪਾਰਟੀਆਂ ਨਾਲ ਮੁਕਾਬਲੇ ਬਾਰੇ ਗੱਲ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸੇ ਹੋਰ ਸਿਆਸੀ ਪਾਰਟੀ ਨੂੰ ਆਪਣਾ ਮੁਕਾਬਲੇਬਾਜ਼ ਨਹੀਂ ਮੰਨਦੀ, ਸਗੋਂ ਇਸ ਵਾਰ ਪਿਛਲੀਆਂ ਚੋਣਾਂ ਦੇ ਨਤੀਜਿਆਂ ਨਾਲੋਂ ਵੀ ਬਿਹਤਰ ਪ੍ਰਦਰਸ਼ਨ ਕਰਨ ਦਾ ਟੀਚਾ ਰੱਖਦੀ ਹੈ। ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪ ਨੇ 92 ਸੀਟਾਂ ਜਿੱਤ ਕੇ ਇਤਿਹਾਸ ਸਿਰਜਿਆ ਸੀ, ਜਦਕਿ ਇਸ ਵਾਰ 100 ਤੋਂ ਵੱਧ ਸੀਟਾਂ ਜਿੱਤਣ ਦਾ ਟੀਚਾ ਮਿੱਥਿਆ ਗਿਆ ਹੈ।
ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਭਾਜਪਾ ਨੂੰ ਪੰਜਾਬ ਵਿੱਚ ਲੋਕਾਂ ਵੱਲੋਂ ਨਕਾਰ ਦਿੱਤੀ ਗਈ ਪਾਰਟੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲਾ ਸ਼੍ਰੋਮਣੀ ਅਕਾਲੀ ਦਲ ਆਪਣਾ ਸਿਆਸੀ ਆਧਾਰ ਗੁਆ ਚੁੱਕਾ ਹੈ। ਕਾਂਗਰਸ ਬਾਰੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਮੁੱਖ ਮੰਤਰੀ ਬਣਨ ਦੀ ਇੱਛਾ ਰੱਖਣ ਵਾਲੇ ਆਗੂਆਂ ਦੀ ਗਿਣਤੀ ਤਾਂ ਕਾਫ਼ੀ ਹੈ, ਪਰ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰਾਂ ਦੀ ਘਾਟ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੰਦਰੂਨੀ ਧੜੇਬੰਦੀ ਕਾਰਨ ਪੰਜਾਬ ਕਾਂਗਰਸ ਦੀ ਹਾਲਤ ਵੀ ਹਰਿਆਣਾ ਕਾਂਗਰਸ ਵਰਗੀ ਹੋ ਸਕਦੀ ਹੈ।
25 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤਣ ਦਾ ਦਾਅਵਾ
ਅਜਨਾਲਾ ਹਲਕੇ ਵਿੱਚ ਆਪਣੀ ਜਿੱਤ ਦੇ ਫ਼ਰਕ ਬਾਰੇ ਗੱਲ ਕਰਦਿਆਂ ਧਾਲੀਵਾਲ ਨੇ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਲੋਕਾਂ ਨੇ ਉਨ੍ਹਾਂ ਨੂੰ ਲਗਭਗ 7,800 ਵੋਟਾਂ ਦੇ ਫ਼ਰਕ ਨਾਲ ਜਿਤਾਇਆ ਸੀ। ਪਰ ਇਸ ਵਾਰ ਹਲਕੇ ਵਿੱਚ ਹੋਏ ਵਿਕਾਸ ਕਾਰਜਾਂ ਅਤੇ ਲੋਕਾਂ ਦੇ ਮਿਲ ਰਹੇ ਸਮਰਥਨ ਦੇ ਆਧਾਰ ’ਤੇ ਉਨ੍ਹਾਂ ਨੂੰ 25 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤਣ ਦਾ ਭਰੋਸਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਅਜਨਾਲਾ ਹਲਕੇ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕਈ ਉਪਰਾਲੇ ਕੀਤੇ ਹਨ। ਜਿਹੜੇ ਪ੍ਰੋਜੈਕਟ ਅਜੇ ਅਧੂਰੇ ਹਨ, ਉਨ੍ਹਾਂ ਨੂੰ ਅਗਲੀ ਸਰਕਾਰ ਬਣਨ ਤੋਂ ਬਾਅਦ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਇਆ ਜਾਵੇਗਾ।
ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ, ਨਸ਼ਿਆਂ ਅਤੇ ਬੇਰੁਜ਼ਗਾਰੀ ਨੂੰ ਖ਼ਤਮ ਕਰਨਾ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣਾ ਹੈ। ਉਨ੍ਹਾਂ ਦੱਸਿਆ ਕਿ ਨਹਿਰੀ ਪਾਣੀ ਨੂੰ ਖੇਤਾਂ ਦੀਆਂ ਟੇਲਾਂ ਤੱਕ ਪਹੁੰਚਾਉਣ ਅਤੇ ਧਰਤੀ ਹੇਠਲੇ ਪਾਣੀ ਦੇ ਰੀਚਾਰਜ ਲਈ ਸਰਕਾਰ ਵੱਲੋਂ ਨੀਤੀਆਂ ਲਾਗੂ ਕੀਤੀਆਂ ਗਈਆਂ ਹਨ, ਜਿਨ੍ਹਾਂ ਦੇ ਨਤੀਜੇ ਸਾਹਮਣੇ ਆ ਰਹੇ ਹਨ।
ਅੰਤ ਵਿੱਚ ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪੰਜਾਬ ਦੇ ਲੋਕ ਵਿਕਾਸ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਧਿਆਨ ਵਿੱਚ ਰੱਖਦਿਆਂ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫ਼ਤਵਾ ਦੇਣਗੇ ਅਤੇ ਸੂਬੇ ਵਿੱਚ ਪਾਰਟੀ ਲਗਾਤਾਰ ਦੂਜੀ ਵਾਰ ਸਰਕਾਰ ਬਣਾਉਣ ਵਿੱਚ ਸਫ਼ਲ ਰਹੇਗੀ।
Get all latest content delivered to your email a few times a month.