IMG-LOGO
ਹੋਮ ਪੰਜਾਬ: ਡੇਰਾ ਬਿਆਸ ਦੇ ਸੇਵਾਦਾਰਾਂ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਦੀ ਮੌਤ...

ਡੇਰਾ ਬਿਆਸ ਦੇ ਸੇਵਾਦਾਰਾਂ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਦੀ ਮੌਤ ਤੇ ਦੂਜਾ ਗੰਭੀਰ ਜ਼ਖ਼ਮੀ; ਤਿੰਨ ਮੁਲਜ਼ਮ ਗ੍ਰਿਫ਼ਤਾਰ

Admin User - Oct 31, 2026 08:52 PM
IMG

ਬਿਆਸ ਨੇੜਲੇ ਪਿੰਡ ਗਾਜ਼ੀਵਾਲ ਵਿੱਚ ਸ਼ਨੀਵਾਰ ਦੁਪਹਿਰ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਗੋਲੀਬਾਰੀ ਵਿੱਚ ਡੇਰਾ ਬਿਆਸ ਨਾਲ ਸਬੰਧਤ ਇੱਕ ਸੇਵਾਦਾਰ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਸੇਵਾਦਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਅਤੇ ਜ਼ਖ਼ਮੀ ਦੀ ਪਛਾਣ ਦਵਿੰਦਰ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਜਾਣਕਾਰੀ ਅਨੁਸਾਰ, ਦੋਵੇਂ ਸੇਵਾਦਾਰ ਪਿੰਡ ਗਾਜ਼ੀਵਾਲ ਵਿੱਚ ਸਥਿਤ ਜ਼ਮੀਨ ਦੇ ਇੱਕ ਟੁਕੜੇ 'ਤੇ ਖੇਤੀਬਾੜੀ ਦਾ ਕੰਮ ਕਰਨ ਲਈ ਪਹੁੰਚੇ ਸਨ। ਇਸੇ ਦੌਰਾਨ ਤਿੰਨ ਤੋਂ ਚਾਰ ਵਿਅਕਤੀਆਂ ਨੇ ਕਥਿਤ ਤੌਰ 'ਤੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਮਨਜੀਤ ਸਿੰਘ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ, ਜਦਕਿ ਦਵਿੰਦਰ ਸਿੰਘ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਦਾਖ਼ਲ ਕਰਵਾਇਆ ਗਿਆ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਿੰਡ ਵਿੱਚ ਲਗਭਗ ਛੇ ਕਨਾਲ ਜ਼ਮੀਨ ਨੂੰ ਲੈ ਕੇ ਯੁੱਧਵੀਰ ਸਿੰਘ ਉਰਫ਼ ਜੋਧਾ ਦੇ ਪਰਿਵਾਰ ਨਾਲ ਵਿਵਾਦ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਸਰਵਣ ਸਿੰਘ ਨੇ ਕੁਝ ਸਮਾਂ ਪਹਿਲਾਂ ਆਪਣੀ ਜ਼ਮੀਨ ਡੇਰਾ ਬਿਆਸ ਨੂੰ ਵੇਚ ਦਿੱਤੀ ਸੀ। ਇਸ ਜ਼ਮੀਨ ਦੀ ਖੇਤੀ ਕਰਨ ਲਈ ਡੇਰਾ ਬਿਆਸ ਦੇ ਸੇਵਾਦਾਰ ਉੱਥੇ ਪਹੁੰਚੇ ਸਨ।

ਕਥਿਤ ਤੌਰ 'ਤੇ ਸਰਵਣ ਸਿੰਘ ਦਾ ਭਰਾ ਯੁੱਧਵੀਰ ਸਿੰਘ ਇਸ ਜ਼ਮੀਨ 'ਤੇ ਆਪਣਾ ਹੱਕ ਜਤਾਉਂਦਾ ਸੀ। ਇਸੇ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਤਕਰਾਰ ਹੋਈ, ਜੋ ਬਾਅਦ ਵਿੱਚ ਗੋਲੀਬਾਰੀ ਵਿੱਚ ਬਦਲ ਗਈ।

ਐਸਐਸਪੀ ਦਿਹਾਤੀ ਅੰਮ੍ਰਿਤਸਰ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਹੁਣ ਤੱਕ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਯੁੱਧਵੀਰ ਸਿੰਘ ਉਰਫ਼ ਯੋਧਾ, ਉਸ ਦੀ ਪਤਨੀ ਅਤੇ ਪੁੱਤਰ ਸ਼ਾਮਲ ਹਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਗਲੌਕ ਪਿਸਤੌਲ, 12 ਬੋਰ ਦੀ ਬੰਦੂਕ ਅਤੇ ਗੋਲੀਆਂ ਵੀ ਬਰਾਮਦ ਕੀਤੀਆਂ ਹਨ।

ਉਨ੍ਹਾਂ ਦੱਸਿਆ ਕਿ ਜਦੋਂ ਪੁਲਿਸ ਮੁਲਜ਼ਮ ਯੁੱਧਵੀਰ ਸਿੰਘ ਨੂੰ ਲੈ ਕੇ ਜਾ ਰਹੀ ਸੀ ਤਾਂ ਉਸ ਨੇ ਪੁਲਿਸ ਮੁਲਾਜ਼ਮਾਂ ਨਾਲ ਹੱਥੋਪਾਈ ਕੀਤੀ ਅਤੇ ਏਐਸਆਈ ਜਤਿੰਦਰ ਦਾ ਪਿਸਤੌਲ ਖੋਹਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਯੁੱਧਵੀਰ ਸਿੰਘ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਐਸਐਸਪੀ ਅਨੁਸਾਰ, ਫਿਲਹਾਲ ਮਾਮਲੇ ਦੀ ਮੁੱਢਲੀ ਜਾਂਚ ਵਿੱਚ ਜ਼ਮੀਨੀ ਵਿਵਾਦ ਹੀ ਘਟਨਾ ਦਾ ਕਾਰਨ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.